ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਲੋਕ ਸਭਾ ਚੋਣਾਂ ਵਿੱਚ ਆਪਣੀ ਡੁੱਬਦੀ ਬੇੜੀ ਨੂੰ ਬਚਾਉਣ ਲਈ ਡਾ. ਮਨਮੋਹਨ ਸਿੰਘ ਦਾ ਸਹਾਰਾ ਲੈਣਾ ਚਾਹੁੰਦੀ ਹੈ ਪਰ ਦੇਸ਼ ਦੀ ਜਨਤਾ ਉਸ ਦੀ ਇਹ ਚਾਲ ਸਫ਼ਲ ਨਹੀਂ ਹੋਣ ਦੇਵੇਗੀ। ਉਹ ਯੂਥ ਅਕਾਲੀ ਦਲ ਵਲੋਂ ਦੁਗਰੀ ਰੋਡ ਵਿਖੇ ਕਰਵਾਈ ਜ਼ਿਲ੍ਹਾ ਪੱਧਰੀ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਯੂਥ ਅਕਾਲੀ ਦਲ ਮਾਲਵਾ ਜ਼ੋਨ ਦੇ ਪ੍ਰਧਾਨ ਰਾਜੂ ਖੰਨਾ, ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ, ਮੀਤਪਾਲ ਸਿੰਘ ਦੁੱਗਰੀ, ਦਿਹਾਤੀ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਬਬਲੂ ਲੋਪੋਂ ਦੀ ਪ੍ਰਧਾਨਗੀ ਹੇਠ ਹੋਈ ਰੈਲੀ ਵਿੱਚ ਭਾਰੀ ਗਿਣਤੀ ਵਿੱਚ ਵਰਕਰਾਂ ਨੇ ਹਿੱਸਾ ਲਿਆ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜੋ ਜਬਰ ਅਤੇ ਜ਼ੁਲਮ ਜਨਤਾ ਉਪਰ ਕੀਤਾ ਹੈ, ਲੋਕ ਉਸ ਦੀ ਸਜ਼ਾ ਦੇਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਧੱਕੇਸ਼ਾਹੀ ਕਰਕੇ ਜਿੱਤਣ ਦੀ ਕੋਸ਼ਿਸ਼ ਕਰੇਗੀ ਪਰ ਅਕਾਲੀ ਦਲ ਉਸਦੇ ਮਨਸੂਬੇ ਸਫ਼ਲ ਨਹੀਂ ਹੋਣ ਦੇਵੇਗੀ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਸਿੱਟ ਦਾ ਕਾਂਗਰਸ ਨੇ ਸਿਆਸੀਕਰਨ ਕਰ ਦਿੱਤਾ ਹੈ। ਜੋ-ਜੋ ਬਿਆਨ ਜਾਖੜ ਅਤੇ ਕੈਪਟਨ ਵੱਲੋਂ ਦਿੱਤੇ ਜਾਂਦੇ ਹਨ, ਸਿੱਟ ਉਸ ਉਪਰ ਹੀ ਕਾਰਵਾਈ ਸ਼ੁਰੂ ਕਰ ਦਿੰਦੀ ਹੈ। ਸ੍ਰੀ ਮਜੀਠੀਆ ਨੇ ਵਰਕਰਾਂ ਨੂੰ ਕਿਹਾ ਕਿ ਉਹ ਚੋਣਾਂ ਦੌਰਾਨ ਵੋਟਾਂ ਮੰਗਣ ਲਈ ਆਉਣ ਵਾਲੇ ਕਾਂਗਰਸੀਆਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਕੀਤੇ ਗਏ ਵਾਅਦਿਆਂ ਬਾਰੇ ਜਵਾਬ ਮੰਗਣ। ਪੰਜਾਬ ਵਿੱਚ ਸਾਰੀਆਂ ਸੀਟਾਂ ਤੇ ਅਕਾਲੀ-ਭਾਜਪਾ ਗਠਜੋੜ ਦੀ ਜਿੱਤ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਲੁਧਿਆਣਾ ਸੰਸਦੀ ਸੀਟ ਤੇ ਛੇਤੀ ਹੀ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਐਸਓਆਈ ਦੇ ਪ੍ਰਧਾਨ ਪ੍ਰਮਿਦੰਰ ਸਿੰਘ ਬਰਾੜ, ਰਣਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਜਗਬੀਰ ਸਿੰਘ ਸੋਖੀ ਸਹਿਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।
INDIA ਡੁੱਬਦੀ ਬੇੜੀ ਬਚਾਉਣ ਲਈ ਕਾਂਗਰਸ ਲੈ ਰਹੀ ਹੈ ਮਨਮੋਹਨ ਸਿੰਘ ਦਾ ਸਹਾਰਾ:...