ਸ੍ਰੀ ਆਨੰਦਪੁਰ ਸਾਹਿਬ (ਸਮਾਜਵੀਕਲੀ) : ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਲਈ ਪਾਈ ਗਈ ਪੁਸ਼ਾਕ ਸੁਖਬੀਰ ਸਿੰਘ ਬਾਦਲ ਵੱਲੋਂ ਭਿਜਵਾਉਣ ਦੇ ਲੱਗ ਰਹੇ ਦੋਸ਼ਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਜਵਾਬ ਦੇਣਾ ਚਾਹੀਦਾ ਹੈ। ਵਿਸ਼ੇਸ਼ ਗੱਲਬਾਤ ਕਰਦੇ ਹੋਏ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜਾਂਚ ਚੱਲ ਰਹੀ ਹੈ ਅਤੇ ਸੰਗਤ ਦੇ ਸਾਹਮਣੇ ਸੱਚ ਆਉਣਾ ਚਾਹੀਦਾ ਹੈ।
ਸੁਖਬੀਰ ਬਾਦਲ ਵੱਲੋਂ ਡੇਰਾ ਸਾਧ ਨੂੰ ਭੇਜੀ ਗਈ ਪੁਸ਼ਾਕ ਦੇ ਲੱਗ ਰਹੇ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਬਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣਾ ਪੱਖ ਜਨਤਕ ਕਰਕੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਵਿਖੇ ਤਲਬ ਕਰਨ ਦੀ ਉੱਠੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਜੇ ਕੋਈ ਸਾਫ ਤੌਰ ’ਤੇ ਦੋਸ਼ੀ ਸਿੱਧ ਹੋਵੇਗਾ ਤਾਂ ਉਸ ਨੂੰ ਤਲਬ ਵੀ ਕੀਤਾ ਜਾਵੇਗਾ ਤੇ ਉਸ ਖ਼ਿਲਾਫ਼ ਕਾਰਵਾਈ ਲਈ ਵਿਚਾਰਾਂ ਵੀ ਹੋਣਗੀਆਂ। ਪਰ ਫਿਲਹਾਲ ਕੋਈ ਦੋਸ਼ ਸਿੱਧ ਨਹੀਂ ਹੋਇਆ।