ਢੱਡਰੀਆਂ ਵਾਲੇ ਬਾਰੇ ਅਕਾਲ ਤਖ਼ਤ ਵਲੋਂ ਕਰਾਈ ਜਾਂਚ ਮੁਕੰਮਲ

ਅੰਮ੍ਰਿਤਸਰ (ਸਮਾਜ ਵੀਕਲੀ) : ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ’ਤੇ ਭਲਕੇ ਹੋਣ ਵਾਲੀ ਮੀਟਿੰਗ ਵਿਚ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਮਾਮਲਾ ਵੀ ਵਿਚਾਰਿਆ ਜਾਵੇਗਾ। ਇਸ ਮਾਮਲੇ ਦੀ ਜਾਂਚ ਸਬੰਧੀ ਬਣਾਈ ਗਈ ਕਮੇਟੀ ਨੇ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪ ਦਿੱਤੀ ਹੈ। ਇਹ ਜਾਂਚ ਟੀਮ ਪਿਛਲੇ ਵਰ੍ਹੇ ਅਕਤੂਬਰ 2019 ਵਿਚ ਬਣਾਈ ਗਈ ਸੀ, ਜਿਸ ਵਿਚ ਪੰਜ ਸਿੱਖ ਵਿਦਵਾਨ ਸ਼ਾਮਲ ਕੀਤੇ ਗਏ ਸਨ।

ਇਨ੍ਹਾਂ ਵਿਚ ਪ੍ਰਿੰਸੀਪਲ ਅਮਰਜੀਤ ਸਿੰਘ, ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰਸੀਪਲ ਪ੍ਰਭਜੋਤ ਕੌਰ, ਡਾ. ਪਰਮਵੀਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਸ਼ਾਮਲ ਸਨ। ਇਸ ਕਮੇਟੀ ਵਲੋਂ ਤਿੰਨ ਮੀਟਿੰਗਾਂ ਕੀਤੀਆਂ ਗਈਆਂ ਅਤੇ ਕਰੋਨਾ ਕਾਰਨ ਤਾਲਾਬੰਦੀ ਤੋਂ ਬਾਅਦ ਵੀ ਤਿੰਨ ਮੀਟਿੰਗਾਂ ਆਨਲਾਈਨ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਕਾਤ ਵਾਸਤੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ ਸੱਦਿਆ ਗਿਆ ਸੀ ਤਾਂ ਜੋ ਉਸ ਨਾਲ ਗੱਲਬਾਤ ਕਰਕੇ ਉਸ ਖ਼ਿਲਾਫ਼ ਆਈਆਂ ਸ਼ਿਕਾਇਤਾਂ ਸਬੰਧੀ ਮਾਮਲਿਆਂ ਦਾ ਨਿਪਟਾਰਾ ਕੀਤਾ ਜਾ ਸਕੇ।

ਪਰ ਸਿੱਖ ਪ੍ਰਚਾਰਕ ਕਿਸੇ ਵੀ ਮੀਟਿੰਗ ਵਿਚ ਨਹੀਂ ਪੁੱਜਾ ਹੈ। ਪੰਜ ਮੈਂਬਰੀ ਕਮੇਟੀ ਵਲੋਂ ਦਿੱਤੀ ਗਈ ਜਾਂਚ ਰਿਪੋਰਟ ਵਿਚ ਇਨ੍ਹਾਂ ਮੀਟਿੰਗਾਂ ਦਾ ਹਵਾਲਾ ਦਿੰਦੇ ਹੋਏ ਸਿੱਖ ਪ੍ਰਚਾਰਕ ਨੂੰ ਭੇਜੇ ਗਏ ਸੱਦਾ ਪੱਤਰ ਅਤੇ ਉਸ ਵਲੋਂ ਮੀਟਿੰਗ ਲਈ ਕੋਈ ਹੁੰਗਾਰਾ ਨਾ ਭਰੇ ਜਾਣ ਦਾ ਜ਼ਿਕਰ ਵੀ ਕੀਤਾ ਗਿਆ ਹੈ। ਪੰਜ ਸਿੰਘ ਸਾਹਿਬਾਨ ਵਲੋਂ ਇਸ ਮਾਮਲੇ ਵਿਚ ਸਿੱਖ ਪ੍ਰਚਾਰਕ ਖ਼ਿਲਾਫ਼ ਪੰਥਕ ਰਵਾਇਤਾਂ ਮੁਤਾਬਕ ਕੋਈ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

Previous article‘Sonia should continue to lead Cong when the party has hit its lowest ebb’
Next articleਬੇਲਾਰੂਸ: ਮਿੰਸਕ ਦੀਆਂ ਸੜਕਾਂ ’ਤੇ ਪ੍ਰਦਰਸ਼ਨਕਾਰੀਆਂ ਦਾ ਹੜ੍ਹ