ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਤੇ ਪ੍ਰਧਾਨ ਵੱਲੋਂ ਸ਼ਾਹ ਨਾਲ ਮੁਲਾਕਾਤ

ਲੁਧਿਆਣਾ (ਸਮਾਜ ਵੀਕਲੀ):  ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗਹੌਰ ਤੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਪੰਥਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿਉਂਕਿ ਅਕਾਲੀ ਦਲ ਬਾਦਲ ਨਾਲ ਸਬੰਧਤ ਕਈ ਆਗੂ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ’ਚ ਲਗਾਤਾਰ ਸ਼ਾਮਲ ਹੋ ਰਹੇ ਹਨ। ਇਨ੍ਹਾਂ ਆਗੂਆਂ ਵਿਚਾਲੇ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਜਸਵੰਤ ਸਿੰਘ ਛਾਪਾ ਨੇ ਦੱਸਿਆ ਕਿ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ ’ਤੇ ਹੋਈ ਮੁਲਾਕਾਤ ਵਿੱਚ ਕੇਂਦਰੀ ਮੰਤਰੀ ਨੂੰ 9 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚ ਹੋ ਰਹੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ ਜੋ ਉਨ੍ਹਾਂ ਪ੍ਰਵਾਨ ਕਰ ਲਿਆ ਹੈ।

ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਕੋਈ ਵੀ ਰਾਜਸੀ ਗੱਲਬਾਤ ਨਹੀਂ ਹੋਈ ਸਿਰਫ਼ ਸਿੱਖ ਪੰਥ ਨਾਲ ਸਬੰਧਤ ਮਾਮਲਿਆਂ ਬਾਰੇ ਹੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਸਿੱਖਾਂ ਨਾਲ ਸਬੰਧਤ ਜੋ ਵੀ ਮਸਲੇ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰੀ ਨੇ ਜਥੇਦਾਰ ਗਹੌਰ ਤੇ ਜਥੇਦਾਰ ਹਿੱਤ ਨੂੰ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰ ਦਿੱਤੀ ਗਈ ਹੈ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਸਮੇਤ ਸਾਰੇ ਗੁਰੂ ਘਰਾਂ ਦੇ ਲੰਗਰ ’ਤੇ ਜੀਐੱਸਟੀ ਵੀ ਖਤਮ ਕਰ ਦਿੱਤਾ ਗਿਆ ਹੈ। ਜਥੇਦਾਰ ਗਹੌਰ ਅਤੇ ਪ੍ਰਧਾਨ ਹਿੱਤ ਨੇ ਅਮਿਤ ਸ਼ਾਹ ਤੋਂ ਮੰਗ ਕੀਤੀ ਕਿ ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਪਟਨਾ ਸਾਹਿਬ ਲਈ ਬੰਦ ਪਈਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ ਅਤੇ ਪੰਜ ਤਖ਼ਤਾਂ ਨੂੰ ਜੋੜਨ ਵਾਲੀਆਂ ਉਡਾਣਾਂ ਵੀ ਸ਼ੁਰੂ ਕੀਤੀਆਂ ਜਾਣ। ਸ਼ਾਹ ਨੇ ਕਿਹਾ ਕਿ ਜਲਦੀ ਹੀ ਬੰਦ ਕੀਤੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰੋਨਾ ਤੋਂ ਬਚਾਅ ਲਈ ‘ਬੂਸਟਰ ਡੋਜ਼’ ਬਾਰੇ ਜਲਦੀ ਫ਼ੈਸਲਾ ਕਰੇ ਕੇਂਦਰ: ਗਹਿਲੋਤ
Next articleਬੇਅਦਬੀ: ਸ਼੍ਰੋਮਣੀ ਕਮੇਟੀ ਦੋਸ਼ੀ ਬਾਰੇ ਸੂਹ ਦੇਣ ਵਾਲੇ ਨੂੰ ਦੇਵੇਗੀ 5 ਲੱਖ ਰੁਪਏ