ਫਤਹਿਗੜ੍ਹ ਸਾਹਿਬ(ਸਮਾਜ ਵੀਕਲੀ) : ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਤੇ ਪਿੰਡ ਜੱਲ੍ਹਾ ਵਿਚ ਅੱਜ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ। ਤਰਖਾਣ ਮਾਜਰਾ ਵਿੱਚ ਇਕ ਨੌਜਵਾਨ ਮੱਥਾ ਟੇਕਣ ਦੇ ਬਹਾਨੇ ਗਿਆ ਤੇ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਕੀਤੀ। ਗੁਰਦੁਆਰੇ ਦੇ ਗ੍ਰੰਥੀ ਮਲਕੀਤ ਸਿੰਘ ਨੇ ਦੱਸਿਆ ਕਿ ਇਕ ਨੌਜਵਾਨ ਗੁਰਦੁਆਰੇ ਵਿਖੇ ਆਇਆ ਅਤੇ ਉਨ੍ਹਾਂ ਨੂੰ ਮੱਥਾ ਟੇਕਣ ਦੀ ਗੱਲ ਕਹੀ।
ਇਸ ’ਤੇ ਗ੍ਰੰਥੀ ਨੇ ਜਿੰਦਰਾ ਖੋਲ੍ਹ ਦਿੱਤਾ। ਨੌਜਵਾਨ ਨੇ ਅੰਦਰ ਜਾ ਕੇ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬ ਦੇ ਅੰਗ ਪਾੜਨੇ ਸ਼ੁਰੂ ਕਰ ਦਿੱਤੇ। ਗ੍ਰੰਥੀ ਨੇ ਇਸ ਸਬੰਧੀ ਰੌਲ਼ਾ ਪਾਇਆ ਤਾਂ ਪਿੰਡ ਵਾਸੀ ਇਕੱਠੇ ਹੋ ਗਏ। ਉਨ੍ਹਾਂ ਨੌਜਵਾਨ ਨੂੰ ਫੜ ਕੇ ਕੁੱਟਮਾਰ ਕੀਤੀ। ਸੂਚਨਾ ਮਿਲਣ ’ਤੇ ਥਾਣਾ ਸਰਹਿੰਦ ਦੀ ਪੁਲੀਸ ਘਟਨਾ ਸਥਾਨ ’ਤੇ ਪੁੱਜੀ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਜਾਣਕਾਰੀ ਅਨੁਸਾਰ ਨੌਜਵਾਨ ਨੇ ਨਸ਼ਾ ਕੀਤਾ ਹੋਇਆ ਸੀ ਅਤੇ ਆਪਣੇ ਬਾਰੇ ਪੁਲੀਸ ਨੂੰ ਸਹੀ ਜਾਣਕਾਰੀ ਨਹੀਂ ਦੇ ਰਿਹਾ। ਪੁਲੀਸ ਕਾਰਵਾਈ ਕਰ ਰਹੀ ਹੈ।