ਚੰਡੀਗੜ੍ਹ (ਸਮਾਜ ਵੀਕਲੀ): ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਪਾਵਰਕੌਮ ਨੂੰ ਤਲਵੰਡੀ ਸਾਬੋ ਪਾਵਰ ਲਿਮਟਡ ਦਾ ਬਿਜਲੀ ਖਰੀਦ ਸਮਝੌਤਾ ਰੱਦ ਕਰਨ ਵਾਸਤੇ ਤੁਰੰਤ ਨੋਟਿਸ ਜਾਰੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ| ਉਨ੍ਹਾਂ ਕਿਹਾ ਕਿ ਇਹ ਕਦਮ ਖਪਤਕਾਰਾਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਚੁੱਕਿਆ ਗਿਆ ਹੈ ਜਿਸ ਨਾਲ ਲੋਕਾਂ ’ਤੇ ਮਹਿੰਗੀ ਬਿਜਲੀ ਦਾ ਬੋਝ ਘਟੇਗਾ|
ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਮੁਤਾਬਕ ਵਿੱਤੀ ਸਾਲ 2018-19, ਵਿੱਤੀ ਸਾਲ 2019-20 ਅਤੇ 2020-21 ਦੌਰਾਨ ਬਿਜਲੀ ਦੀ ਕੀਮਤ ਔਸਤਨ ਪ੍ਰਤੀ ਯੂਨਿਟ (ਨਿਰਧਾਰਤ+ਪਰਿਵਰਤਨਸ਼ੀਲ) ਕ੍ਰਮਵਾਰ 5.10 ਰੁਪਏ, 5.55 ਰੁਪਏ ਅਤੇ 5.30 ਰੁਪਏ ਰਹੀ ਜਦਕਿ ਇਨ੍ਹਾਂ ਸਾਲਾਂ ਦੌਰਾਨ ਆਰਜ਼ੀ ਤੌਰ ’ਤੇ ਮਾਰਕੀਟ ’ਚ ਬਿਜਲੀ ਦੀ ਔਸਤਨ ਕੀਮਤ ਕ੍ਰਮਵਾਰ 3.86 ਰੁਪਏ, 3.21 ਅਤੇ 3.01 ਰੁਪਏ ਪ੍ਰਤੀ ਯੂਨਿਟ ਪਾਈ ਗਈ ਸੀ| ਮੌਜੂਦਾ ਕੀਮਤਾਂ ਅਨੁਸਾਰ ਪਾਵਰਕੌਮ ਨੂੰ ਸਾਲਾਨਾ 1800 ਕਰੋੜ ਰੁਪਏ ਦੀ ਵਾਧੂ ਕੀਮਤ ਸਹਿਣੀ ਪੈ ਰਹੀ ਹੈ ਅਤੇ ਬਿਜਲੀ ਖਰੀਦ ਸਮਝੌਤੇ ਦੇ ਬਾਕੀ ਰਹਿੰਦੇ ਸਮੇਂ ਲਈ 36000 ਕਰੋੜ ਹੋਰ ਬਣਦੇ ਹਨ|
ਜੇਕਰ ਇਹ ਮੰਨ ਵੀ ਲਿਆ ਜਾਵੇ ਕਿ ਵਧਦੀ ਮੰਗ ਕਾਰਨ ਤਲਵੰਡੀ ਸਾਬੋ ਪਾਵਰ ਲਿਮਟਡ ਤੋਂ ਊਰਜਾ ਦੀ ਹੌਲੀ-ਹੌਲੀ ਮੰਗ ਵਧ ਕੇ 12000 ਮਿਲੀਅਨ ਯੂਨਿਟ ਹੋ ਜਾਵੇ ਅਤੇ 1.50 ਕੇਡਬਲਿਊਐੱਚ ਦੀ ਰਵਾਇਤੀ ਕੀਮਤ ਨੂੰ ਵਿਚਾਰ ਵੀ ਲਿਆ ਜਾਵੇ ਤਾਂ ਇਹ ਦੇਣਦਾਰੀ ਓਨੀ ਹੀ ਬਣਦੀ ਹੈ| ਬੁਲਾਰੇ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਟਡ ਦੀ ਕਾਰਗੁਜ਼ਾਰੀ ਮਿਆਰ ਪੱਖੋਂ ਹੇਠਲੇ ਦਰਜੇ ਦੀ ਹੈ ਅਤੇ ਇਹ ਬਿਜਲੀ ਦੀ ਨਿਰਧਾਰਤ ਪੈਦਾਵਾਰ ਉਤੇ ਖਰਾ ਨਹੀਂ ਉਤਰਿਆ ਜਦਕਿ ਪਾਵਰਕੌਮ ਨੂੰ ਪਲਾਂਟ ਲਈ ਐਲਾਨੀ ਸਮਝੌਤੇ ਅਨੁਸਾਰ ਸਾਰੀਆਂ ਦਰਾਂ ਦੀ ਅਦਾਇਗੀ ਕਰਨੀ ਪੈਂਦੀ ਹੈ| ਵਿੱਤੀ ਸਾਲ 2014-15 ਤੋਂ ਵਿੱਤੀ ਸਾਲ 2020-21 ਤੱਕ 24176 ਮਿਲੀਅਨ ਯੂਨਿਟ ਉਤਪਾਦਨ ਦਾ ਸਮਝੌਤਾ ਹੋਇਆ ਤੇ ਇਸ ਲਈ ਪੀਐਸਪੀਸੀਐੱਲ ਨੇ ਨਿਰਧਾਰਤ ਦਰਾਂ ਤਹਿਤ 2920 ਕਰੋੜ ਰੁਪਏ ਅਦਾ ਕੀਤੇ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly