ਤਾਮਿਲਨਾਡੂ ਸਰਕਾਰ ਵੱਲੋਂ ਪਿਓ-ਪੁੱਤ ਦੀ ਮੌਤ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਫ਼ੈਸਲਾ

ਸਾਲੇਮ (ਤਾਮਿਲਨਾਡੂ) (ਸਮਾਜਵੀਕਲੀ) :   ਮੁੱਖ ਮੰਤਰੀ ਕੇ ਪਲਾਨੀਸਵਾਮੀ ਨੇ ਅੱਜ ਕਿਹਾ ਕਿ ਤਾਮਿਲਨਾਡੂ ਸਰਕਾਰ ਨੇ ਤੂਤੀਕੋਰਿਨ ਜ਼ਿਲ੍ਹੇ ਵਿੱਚ ਪੁਲੀਸ ਤਸ਼ੱਦਦ ਕਾਰਨ ਪਿਓ-ਪੁੱਤ ਦੀ ਹੋਈ ਮੌਤ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਦੇਣ ਦਾ ਫ਼ੈਸਲਾ ਲਿਆ ਹੈ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਪਲਾਨੀਸਵਾਮੀ ਨੇ ਕਿਹਾ ਕਿ ਸਰਕਾਰ ਦੇ ਫ਼ੈਸਲੇ ਸਬੰਧੀ ਮਦਰਾਸ ਹਾਈ ਕੋਰਟ ਨੂੰ ਸੂਚਿਤ ਕੀਤਾ ਜਾਵੇਗਾ ਅਤੇ ਕੇਸ ਕੇਂਦਰੀ ਏਜੰਸੀ ਨੂੰ ਤਬਦੀਲ ਕਰਨ ਤੋਂ ਪਹਿਲਾਂ ਅਦਾਲਤ ਦੀ ਪ੍ਰਵਾਨਗੀ ਲਈ ਜਾਵੇਗੀ।

ਜ਼ਿਕਰਯੋਗ ਹੈ ਕਿ ਪੀ ਜਯਾਰਾਜ ਤੇ ਉਸ ਦੇ ਪੁੱਤਰ ਫੈਨਿਕਸ ਨੂੰ ਲੌਕਡਾਊਨ ਦੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਦੀ ਬਾਅਦ ਵਿੱਚ 23 ਜੂਨ ਨੂੰ ਕੋਵਿਲਪੱਟੀ ਸਥਿਤ ਇਕ ਹਸਪਤਾਲ ’ਚ ਮੌਤ ਹੋ ਗਈ ਸੀ। ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਦੋਸ਼ ਲਗਾਇਆ ਸੀ ਕਿ ਦੋਵੇਂ ਪਿਓ-ਪੁੱਤ ਨੂੰ ਸਾਥਨਕੁਲਮ ਥਾਣੇ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਬੁਰੀ ਤਰ੍ਹਾਂ ਕੁੱਟਿਆ ਗਿਆ ਸੀ। ਇਸ ਘਟਨਾ ਨਾਲ ਦੇਸ਼ ਭਰ ਵਿੱਚ ਲੋਕ ਰੋਹ ਭੜਕ ਗਿਆ ਸੀ, ਜਿਸ ਦੇ ਮੱਦੇਨਜ਼ਰ ਦੋ ਸਬ ਇੰਸਪੈਕਟਰਾਂ ਸਣੇ ਚਾਰ ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ।

Previous articleTrump retweets video of supporter shouting ‘white power’
Next article53 arrested for unlawful assembly in Hong Kong