ਕਨਕਾਵਲੀ (ਸਮਾਜ ਵੀਕਲੀ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਰਾਸ਼ਟਰ ਦੀ ਸੱਤਾਧਾਰੀ ਮਹਾ ਵਿਕਾਸ ਅਗਾੜੀ ਸਰਕਾਰ ਨੂੰ ‘ਤਿੰਨ ਪਹੀਆ ਆਟੋ ਰਿਕਸ਼ਾ’ ਕਰਾਰ ਦਿੱਤਾ ਅਤੇ ਉਸ ’ਤੇ ਸਾਰੇ ਮੋਰਚਿਆਂ ’ਤੇ ਨਾਕਾਮ ਰਹਿਣ ਦਾ ਦੋਸ਼ ਲਾਇਆ। ਮਹਾਰਾਸ਼ਟਰ ਦੇ ਸਿੰਘਦੁਰਗ ਜ਼ਿਲ੍ਹੇ ਦੇ ਕਨਕਾਵਲੀ ਵਿੱਚ ਪ੍ਰਾਈਵੇਟ ਮੈਡੀਕਲ ਕਾਲਜ ਦਾ ਉਦਘਾਟਨ ਕਰਨ ਮਗਰੋਂ ਸ਼ਾਹ ਨੇ ਕਿਹਾ ਕਿ ਇਸ ਆਟੋ ਰਿਕਸ਼ਾ ਦੇ ਸਾਰੇ ਪਹੀਏ ਵੱਖ-ਵੱਖ ਦਿਸ਼ਾ ਵੱਲ ਦੌੜ ਰਹੇ ਹਨ।
ਉਨ੍ਹਾਂ ਕਿਹਾ, ‘‘ਇਹ ਲੋਕਾਂ ਦੇ ਫਤਵੇ ਨਾਲ ਧੋਖਾ ਕਰ ਕੇ ਬਣਾਇਆ ਗਿਆ ਇੱਕ ਅਪਵਿੱਤਰ ਗੱਠਜੋੜ ਹੈ, ਜੋ ਦੇਵੇਂਦਰ ਫੜਨਵੀਸ ਦੀ ਅਗਵਾਈ ਵਾਲੀ ਭਾਜਪਾ-ਸ਼ਿਵ ਸੈਨਾ (ਗੱਠਜੋੜ) ਸਰਕਾਰ ਨੂੰ ਦਿੱਤਾ ਗਿਆ ਸੀ।’’ ਉਨ੍ਹਾਂ ਦੋਸ਼ ਲਾਇਆ ਕਿ ਇਹ ਗੱਠਜੋੜ ਸੱਤਾ ਦੀ ਲਾਲਸਾ ਲਈ ਬਣਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ 2019 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਪਣੇ ਸਹਿਯੋਗੀ ਸ਼ਿਵ ਸੈਨਾ ਨਾਲ ਸੂਬੇ ਵਿੱਚ ਮੁੱਖ ਮੰਤਰੀ ਦਾ ਅਹੁਦਾ ਸਾਂਝਾ ਕਰਨ ਸਬੰਧੀ ਕੋਈ ਵਾਅਦਾ ਨਹੀਂ ਕੀਤਾ ਸੀ।
ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਮਗਰੋਂ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ। ਠਾਕਰੇ ਨੇ ਉਦੋਂ ਦਾਅਵਾ ਕੀਤਾ ਸੀ ਕਿ ਸ਼ਾਹ ਨੇ ਉਸ ਨਾਲ ਇਸ ਦਾ ਵਾਅਦਾ ਕੀਤਾ ਸੀ। ਹਾਲਾਂਕਿ ਮਗਰੋਂ ਸ਼ਿਵ ਸੈਨਾ ਨੇ ਐੱਨਸੀਪੀ ਅਤੇ ਕਾਂਗਰਸ ਨਾਲ ਮਿਲ ਕੇ ਸਰਕਾਰ ਬਣਾ ਲਈ ਸੀ।