ਤੇਲ ਕੀਮਤਾਂ ’ਚ ਵਾਧੇ ਦਾ ਫ਼ੈਸਲਾ ‘ਅਸੰਵੇਦਨਸ਼ੀਲ’: ਸੋਨੀਆ ਗਾਂਧੀ

ਨਵੀਂ ਦਿੱਲੀ (ਸਮਾਜਵੀਕਲੀ):  ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਰੋਨਾਵਾਇਰਸ ਮਹਾਮਾਰੀ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਨਿਰੰਤਰ ਵਾਧੇ ਦੇ ਸਰਕਾਰ ਦੇ ਫੈਸਲੇ ਨੂੰ ‘ਪੂਰੀ ਤਰ੍ਹਾਂ ਅਸੰਵੇਦਨਸ਼ੀਲ’ ਤੇ ‘ਗ਼ੈਰ-ਵਾਜਬ’ ਕਰਾਰ ਦਿੱਤਾ ਹੈ। ਸ੍ਰੀਮਤੀ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਵਾਧੇ ਨੂੰ ਵਾਪਸ ਲੈਣ ਤੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ’ਚ ਨਿਘਾਰ ਦਾ ਲਾਹਾ ਸਿੱਧਾ ਆਮ ਲੋਕਾਂ ਨੂੰ ਦੇਣ।

ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਪਿਛਲੇ ਇਕ ਹਫਤੇ ਦੌਰਾਨ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ 9 ਫੀਸਦ ਤਕ ਡਿੱਗੀਆਂ ਹਨ, ਪਰ ਸਰਕਾਰ ਇਸ ਦਾ ਲਾਹਾ ਆਪਣੇ ਲੋਕਾਂ ਤਕ ਪਹੁੰਚਾਉਣ ਲਈ ਕੁਝ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਆਮ

ਬੰਦੇ ਦੀਆਂ ਕੋਵਿਡ-19 ਨਾਲ ਪੈਦਾ ਹੋਈਆਂ ਮੁਸ਼ਕਲਾਂ ਵਿੱਚ ਵਾਧਾ ਕਰ ਰਹੀਆਂ ਹਨ। ਸੋਨੀਆ ਗਾਂਧੀ ਨੇ ਕਿਹਾ, ‘ਮੈਨੂੰ ਦੁੱਖ ਹੁੰਦਾ ਹੈ ਕਿ ਇਸ ਮੁਸ਼ਕਲ ਸਮੇਂ ਵਿੱਚ ਸਰਕਾਰ ਨੇ ਕੁਝ ਫੈਸਲੇ ਲਏ, ਜੋ ਪੂਰੀ ਤਰ੍ਹਾਂ ਅਸੰਵੇਦਨਸ਼ੀਲ ਹਨ। ਤੇਲ ਕੀਮਤਾਂ ਇਕ ਦੋ ਵਾਰ ਨਹੀਂ ਬਲਕਿ ਲਗਾਤਾਰ ਦਸ ਵੱਖ ਵੱਖ ਮੌਕਿਆਂ ’ਤੇ ਵਧਾਈਆਂ ਗਈਆਂ ਹਨ।’ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ 2,60,000 ਕਰੋੜ ਰੁਪਏ ਦਾ ਵਾਧੂ ਮਾਲੀਆ ਜੁਟਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦ ਕਿ ਪ੍ਰਧਾਨ ਮੰਤਰੀ ਨੂੰ ਅਜਿਹੇ ਸੰਕਟ ਦੇ ਸਮੇਂ ਵਿੱਚ ਦੇਸ਼ ਦੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣੀ ਚਾਹੀਦੀ ਹੈ।

Previous articleLAC: Several Indian soldiers ‘critically’ injured, toll to rise
Next articleਮੋਦੀ ਨੇ ਕੋਵਿਡ ਖ਼ਿਲਾਫ਼ ਰਣਨੀਤੀ ’ਤੇ ਪੰਜਾਬ ਦੀ ਪਿੱਠ ਥਾਪੜੀ