ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਤੇ ਕਿਸਾਨਾਂ ਵਿਚਾਲੇ ਅਗਲੇ ਗੇੜ ਦੀ ਗੱਲਬਾਤ ਤੋਂ ਇੱਕ ਦਿਨ ਪਹਿਲਾਂ ਕੇਂਦਰੀ ਮੰਤਰੀਆਂ ਨਰੇਂਦਰ ਸਿੰਘ ਤੋਮਰ ਤੇ ਪਿਊਸ਼ ਗੋਇਲ ਨੇ ਸੀਨੀਅਰ ਭਾਜਪਾ ਆਗੂ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸੂਤਰਾਂ ਨੇ ਦੱਸਿਆ ਕਿ ਮੰਤਰੀਆਂ ਨੇ ਇਸ ਮੀਟਿੰਗ ’ਚ ਇਸ ਬਾਰੇ ਚਰਚਾ ਕੀਤੀ ਕਿ ਭਲਕੇ 30 ਦਸੰਬਰ ਨੂੰ ਕਿਸਾਨਾਂ ਨਾਲ ਹੋਣ ਵਾਲੀ ਗੱਲਬਾਤ ’ਚ ਸਰਕਾਰ ਦਾ ਕੀ ਰੁਖ਼ ਹੋਵੇਗਾ।
ਕਿਸਾਨਾਂ ਨਾਲ ਗੱਲਬਾਤ ਸਮੇਂ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਰੇਲ ਮੰਤਰੀ ਪਿਊਸ਼ ਗੋਇਲ ਤੇ ਵਣਜ ਤੇ ਸਨਅਤ ਰਾਜ ਮੰਤਰੀ ਸੋਮ ਪ੍ਰਕਾਸ਼ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰਨਗੇ। ਜ਼ਿਕਰਯੋਗ ਹੈ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਹਜ਼ਾਰਾਂ ਕਿਸਾਨ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ। ਕੇਂਦਰ ਤੇ ਕਿਸਾਨਾਂ ਵਿਚਾਲੇ ਹੁਣ ਤੱਕ ਪੰਜ ਗੇੜਾਂ ਦੀ ਗੱਲਬਾਤ ਬੇਨਤੀਜਾ ਰਹੀ ਹੈ। ਕੇਂਦਰ ਨੇ ਮਸਲਾ ਸੁਲਝਾਉਣ ਲਈ ਅਗਲੇ ਦੌਰ ਦੀ ਗੱਲਬਾਤ ਕਰਨ ਲਈ 40 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਹੈ।