ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
- ਗਿਆਨੀ ਇਕਬਾਲ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਕਾਇਮ ਕਮੇਟੀ 15 ਦਿਨਾਂ ’ਚ ਰਿਪੋਰਟ ਦੇਵੇਗੀ
- ਗਿਆਨੀ ਇਕਬਾਲ ਸਿੰਘ ਖ਼ਿਲਾਫ਼ ਔਰਤਾਂ ਵਲੋਂ ਮੁੜ ਸ਼ਿਕਾਇਤ
ਤਖ਼ਤ ਪਟਨਾ ਸਾਹਿਬ ਵਾਸਤੇ ਸਥਾਈ ਤੌਰ ’ਤੇ ਜਥੇਦਾਰ ਨਿਯੁਕਤ ਕਰਨ ਲਈ ਅੱਜ ਅਕਾਲ ਤਖ਼ਤ ਤੋਂ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸਿੱਖ ਸੰਪਰਦਾਵਾਂ ਤੇ ਸਿੱਖ ਜਥੇਬੰਦੀਆਂ ਦੀ ਰਾਇ ਨਾਲ ਦੋ ਗੁਰਸਿੱਖਾਂ ਦਾ ਨਾਂ ਅਕਾਲ ਤਖ਼ਤ ’ਤੇ ਦੇਵੇਗੀ ਅਤੇ ਇਨ੍ਹਾਂ ਵਿਚੋਂ ਕਿਸੇ ਇਕ ਨੂੰ ਸਥਾਈ ਜਥੇਦਾਰ ਨਿਯੁਕਤ ਕੀਤਾ ਜਾਵੇਗਾ। ਇਹ ਫ਼ੈਸਲਾ ਅੱਜ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਕੀਤਾ ਗਿਆ ਹੈ। ਇਸ ਦੌਰਾਨ ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਅੰਮ੍ਰਿਤਸਰ ਵਿੱਚ ਮੌਜੂਦ ਹੁੰਦਿਆਂ ਹੋਇਆਂ ਵੀ ਕੀਤੇ ਐਲਾਨ ਮੁਤਾਬਕ ਅੱਜ ਅਕਾਲ ਤਖ਼ਤ ਵਿਖੇ ਨਹੀਂ ਪੁੱਜੇ। ਪੰਜ ਸਿੰਘ ਸਾਹਿਬਾਨ ਦੀ ਅੱਜ ਦੀ ਇਕੱਤਰਤਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਤਖਤ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਗਿਆਨੀ ਰਜਿੰਦਰ ਸਿੰਘ, ਤਖ਼ਤ ਕੇਸਗੜ੍ਹ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਅਕਾਲ ਤਖ਼ਤ ਤੋਂ ਪੰਜ ਪਿਆਰਿਆਂ ਵਿਚੋਂ ਭਾਈ ਦਿਲਬਾਗ ਸਿੰਘ ਸ਼ਾਮਲ ਸਨ।
ਇਕੱਤਰਤਾ ਬਾਰੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਵਲੋਂ ਭੇਜੇ ਗਏ ਪੱਤਰ ’ਤੇ ਵਿਚਾਰ ਕੀਤਾ ਗਿਆ ਹੈ। ਇਹ ਪੱਤਰ ਤਖ਼ਤ ਪਟਨਾ ਸਾਹਿਬ ਵਾਸਤੇ ਸਥਾਈ ਜਥੇਦਾਰ ਨਿਯੁਕਤ ਕਰਨ ਲਈ ਭੇਜਿਆ ਗਿਆ ਸੀ, ਜਿਸ ਦੇ ਆਧਾਰ ’ਤੇ ਜਥੇਦਾਰ ਵਾਸਤੇ ਉਮੀਦਵਾਰ ਦੀ ਚੋਣ ਕਰਨ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਪੰਜ ਮੈਂਬਰੀ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ, ਤਖ਼ਤ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦਾ ਕੋਆਰਡੀਨੇਟਰ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪੰਜ ਮੈਂਬਰੀ ਕਮੇਟੀ ਸਿੱਖ ਜਥੇਬੰਦੀਆਂ, ਸਭਾ ਸੁਸਾਇਟੀਆਂ, ਸੰਪਰਦਾਵਾਂ ਆਦਿ ਤੋਂ ਇਸ ਬਾਰੇ ਰਾਇ ਲਵੇਗੀ ਅਤੇ ਅਹੁਦੇ ਦੇ ਯੋਗ ਦੋ ਗੁਰਸਿੱਖ ਵਿਅਕਤੀਆਂ ਦੀ ਚੋਣ ਕਰਕੇ ਇਨ੍ਹਾਂ ਦੇ ਨਾਵਾਂ ਦੀ ਤਜਵੀਜ਼ ਅਕਾਲ ਤਖ਼ਤ ’ਤੇ ਭੇਜੇਗੀ, ਜਿਸ ਵਿਚੋਂ ਇਕ ਉਮੀਦਵਾਰ ਦੀ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਚੋਣ ਕੀਤੀ ਜਾਵੇਗੀ। ਗਿਆਨੀ ਇਕਬਾਲ ਸਿੰਘ ਨੂੰ ਸੇਵਾਮੁਕਤ ਕੀਤੇ ਜਾਣ ਤੋਂ ਬਾਅਦ ਆਰਜ਼ੀ ਪ੍ਰਬੰਧ ਵਾਸਤੇ ਗਿਆਨੀ ਰਜਿੰਦਰ ਸਿੰਘ ਨੂੰ ਫਿਲਹਾਲ ਤਖਤ ਪਟਨਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਖ਼ਿਲਾਫ਼ ਅੱਜ ਵੀ ਕੁਝ ਔਰਤਾਂ ਵਲੋਂ ਇੱਥੇ ਸ਼ਿਕਾਇਤ ਪੱਤਰ ਦਿੱਤਾ ਗਿਆ ਹੈ, ਜਿਸ ਵਿਚ ਉਨ੍ਹਾਂ ਗਿਆਨੀ ਇਕਬਾਲ ਸਿੰਘ ’ਤੇ ਦੋ ਵਿਆਹ ਕਰਕੇ ਪੰਥਕ ਮਰਿਆਦਾ ਦੀ ਉਲੰਘਣਾ ਕਰਨ ਦੇ ਦੋਸ਼ ਲਾਏ ਹਨ। ਇਸ ਮਾਮਲੇ ਵਿਚ ਅਕਾਲ ਤਖ਼ਤ ਦੇ ਜਥੇਦਾਰ ਨੇ ਇਨ੍ਹਾਂ ਔਰਤਾਂ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿਚ ਪਹਿਲਾਂ ਹੀ ਅਕਾਲ ਤਖਤ ਦੇ ਆਦੇਸ਼ ’ਤੇ ਦੋਸ਼ਾਂ ਦੀ ਜਾਂਚ ਚਲ ਰਹੀ ਹੈ। ਇਸ ਸਬੰਧੀ ਬਣਾਈ ਗਈ ਜਾਂਚ ਕਮੇਟੀ ਨੂੰ ਉਨ੍ਹਾਂ ਮੁੜ ਆਦੇਸ਼ ਕੀਤਾ ਕਿ ਉਹ 15 ਦਿਨਾਂ ਦੇ ਅੰਦਰ ਜਾਂਚ ਮੁਕੰਮਲ ਕਰਕੇ ਰਿਪੋਰਟ। ਬੀਤੇ ਦਿਨੀਂ ਨਵਾਂ ਸ਼ਹਿਰ ਦੀ ਅਦਾਲਤ ਵਲੋਂ ਤਿੰਨ ਸਿੱਖ ਨੌਜਵਾਨਾਂ ਅਰਵਿੰਦਰ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ ਨੂੰ ਖਾਲਿਸਤਾਨੀ ਸਾਹਿਤ ਰੱਖਣ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਮਾਮਲੇ ਵਿਚ ਪੰਜ ਸਿੰਘ ਸਾਹਿਬਾਨ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਕੇਸ ਦੀ ਕਾਨੂੰਨੀ ਪੈਰਵੀ ਕੀਤੀ ਜਾਵੇ ਅਤੇ ਆਰਥਿਕ ਸਹਾਇਤਾ ਵੀ ਮੁਹਈਆ ਕੀਤੀ ਜਾਵੇ। ਪੰਜ ਸਿੰਘ ਸਾਹਿਬਾਨ ਵਲੋਂ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਨੂੰ ਇੱਕੋ ਮੰਚ ਤੋਂ ਇਕੱਠੇ ਹੋ ਕੇ ਮਨਾਇਆ ਜਾਵੇ। ਉਨ੍ਹਾਂ ਤਜਵੀਜ਼ ਦਿੱਤੀ ਹੈ ਕਿ ਪ੍ਰਕਾਸ਼ ਪੁਰਬ ਸਮਾਗਮ ਇਕੱਠੇ ਮਨਾਉਣ ਵਾਸਤੇ ਤਾਲਮੇਲ ਕਮੇਟੀ ਬਣਾ ਕੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾਵੇ।