ਥਰਮਲ ਪਲਾਂਟ ਦੀ ਜ਼ਮੀਨ ਵੇਚਣ ਖ਼ਿਲਾਫ਼ ਨਿੱਤਰੇ ਅਕਾਲੀ

ਬਠਿੰਡਾ (ਸਮਾਜਵੀਕਲੀ):  ਪੰਜਾਬ ਸਰਕਾਰ ਵੱਲੋਂ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਤੋੜ ਕੇ ਅਤੇ ਇਸ ਦੀ ਜ਼ਮੀਨ ਦੀ ਨਿਲਾਮੀ ਕਰਨ ਦੇ ਅਧਿਕਾਰ ਪੁੱਡਾ ਨੂੰ ਦੇਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਥਰਮਲ ਪਲਾਂਟ ਦੀ ਜ਼ਮੀਨ ਵੇਚਣ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਮੋਰਚਾ ਖੋਲ੍ਹ ਦਿੱਤਾ ਹੈ।

ਪਾਰਟੀ ਵਰਕਰਾਂ ਨੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਅੱਜ ਭਾਈ ਘਨੱਈਆ ਚੌਕ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ। ਸ੍ਰੀ ਸਿੰਗਲਾ ਅਤੇ ਅਕਾਲੀ ਆਗੂਆਂ ਨੇ ਕਿਹਾ ਕਿ ਬਠਿੰਡਾ ਦੇ ਵਿਧਾਇਕ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਸਥਾਨਕ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ।

ਵਿੱਤ ਮੰਤਰੀ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਸੀ ਕਿ ਬਠਿੰਡਾ ਦੇ ਥਰਮਲ ਨੂੰ ਬੰਦ ਨਹੀਂ ਕੀਤਾ ਜਾਵੇਗਾ ਪਰ ਉਹ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਫੈਸਲੇ ਲੈ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬਠਿੰਡਾ ਦੇ ਥਰਮਲ ਨੂੰ ਕਿਸੇ ਵੀ ਕੀਮਤ ’ਤੇ ਨਿਲਾਮ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਲੋਨੀ ਵਾਸੀਆਂ ਨੂੰ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਤੇ ਆਉਣ ਵਾਲੇ ਦਿਨਾਂ ਵਿੱਚ ਭਰਾਤਰੀ ਜੱਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ।

Previous articleਨਵੇਂ ਆਰਡੀਨੈਂਸ ਰਾਜਾਂ ਦੀ ਖ਼ੁਦਮੁਖ਼ਤਾਰੀ ਲਈ ਖ਼ਤਰਾ: ਘੁੰਮਣ
Next articleਬਾਰ੍ਹਵੀਂ ਜਮਾਤ ਦੀਆਂ ਬਕਾਇਆ ਸਾਲਾਨਾ ਪ੍ਰੀਖਿਆਵਾਂ ਬਾਰੇ ਬੋਰਡ ਦਾ ਫ਼ੈਸਲਾ ਅੱਜ