ਥੋੜ੍ਹੇ ਚਿਰ ਦੇ ਮੀਂਹ ਨੇ ਜਲ ਥਲ ਕੀਤਾ ਜਲੰਧਰ

ਭਾਰੀ ਹੁੰਮਸ ਤੋਂ ਬਾਅਦ ਥੋੜ੍ਹਾ ਚਿਰ ਪਏ ਮੀਂਹ ਨੇ ਹੀ ਸ਼ਹਿਰ ਦੀਆਂ ਸੜਕਾਂ ’ਤੇ ਹਰ ਪਾਸੇ ਪਾਣੀ ਹੀ ਪਾਣੀ ਕਰ ਦਿੱਤਾ ਜਿਸ ਨਾਲ ਜਿਥੇ ਲੋਕਾਂ ਨੂੰ ਪ੍ਰੇਸ਼ਾਨੀ ਹੋਈ ਉਥੇ ਨਗਰ ਨਿਗਮ ਦੇ ਪ੍ਰਬੰਧਾਂ ਦੀ ਵੀ ਪੋਲ ਖੁੱਲ੍ਹ ਗਈ। ਥੋੜ੍ਹੇ ਮੀਂਹ ਨਾਲ ਹੀ ਸ਼ਹਿਰ ਦੀਆਂ ਸੜਕਾਂ ਦਾ ਇਹ ਹਾਲ ਹੈ ਤਾਂ ਭਰ ਬਰਸਾਤਾਂ ਵਿਚ ਲੋਕਾਂ ਨੂੰ ਕਿੰਨੀ ਵੱਡੀ ਸਮੱਸਿਆ ਨਾਲ ਜੂਝਣਾ ਪਵੇਗਾ, ਉਸ ਦਾ ਨਜ਼ਾਰਾ ਇਸ ਥੋੜ੍ਹੇ ਮੀਂਹ ਨੇ ਹੀ ਦਿਖਾ ਦਿੱਤਾ। ਹਨ੍ਹੇਰੀ ਨਾਲ ਸ਼ਹਿਰ ਵਿਚ ਕਈ ਥਾਵਾਂ ’ਤੇ ਦਰੱਖਤ ਵੀ ਟੁੱਟ ਕੇ ਡਿੱਗ ਪਏ। ਸ਼ਹਿਰ ਵਿਚ ਸੀਵਰੇਜ ਦੀ ਸਫਾਈ ਦਾ ਕੰਮ ਪਿਛਲੇ ਕਾਫੀ ਸਮੇਂ ਤੋਂ ਲਟਕ ਰਿਹਾ ਹੈ ਤੇ ਹੁਣ ਬਰਸਾਤਾਂ ਸ਼ੁਰੂ ਹੋਣ ’ਤੇ ਇਹ ਬਿਲਕੁਲ ਹੀ ਠੱਪ ਹੋ ਜਾਵੇਗਾ। ਉਧਰ, ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਅਗਲੇ ਵਰ੍ਹੇ ਮੌਨਸੂਨ ਦੀ ਆਮਦ ਤੋਂ ਪਹਿਲਾਂ ਪਹਿਲਾਂ ਜਲੰਧਰ ਸ਼ਹਿਰ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਮੁਕਤ ਬਣਾਉਣ ਲਈ ਗੰਭੀਰ ਯਤਨ ਕੀਤੇ ਜਾਣਗੇ। ਲੋਕ ਸਭਾ ਮੈਂਬਰ ਨੇ ਜਲੰਧਰ ਨਗਰ ਨਿਗਮ ਦੇ ਮੇਅਰ ਜਗਦੀਸ਼ ਰਾਜ ਰਾਜਾ ਤੇ ਕਮਿਸ਼ਨਰ ਦੀਪਰਵਾ ਲਾਕੜਾ ਦੇ ਨਾਲ ਅੱਜ ਮੀਂਹ ਉਪਰੰਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਇਕੱਠੇ ਹੋਏ ਬਰਸਾਤੀ ਪਾਣੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਸਮੱਸਿਆ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਕਾਰਨ ਇਸ ਦੇ ਹੱਲ ਲਈ ਉਚੇਚੇ ਯਤਨ ਕੀਤੇ ਜਾਣਗੇ। ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਨ ਦੇ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਸ਼ਹਿਰ ਵਿਚ ਪਾਣੀ ਦੀ ਨਿਕਾਸੀ ਨਾ ਹੋਣ ਦਾ ਭਾਂਡਾ ਅਕਾਲੀ-ਭਾਜਪਾ ਗੱਠਜੋੜ ’ਤੇ ਭੰਨਿਆ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਇਸ ਮਸਲੇ ਦੇ ਹੱਲ ਲਈ ਕੋਈ ਵੀ ਸਾਰਥਕ ਯਤਨ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਇਸ ਮਸਲੇ ਦੇ ਹੱਲ ਲਈ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸਮਾਰਟ ਸਿਟੀ ਪ੍ਰੋਜੈਕਟ ਅਧੀਨ 46 ਕਰੋੜ ਰੁਪਏ ਖਰਚ ਕੇ 120 ਫੁੱਟੀ ਸੜਕ, ਬਾਬੂ ਜਗਜੀਵਨ ਰਾਮ ਚੌਕ, ਬਬਰੀਕ ਚੌਕ, ਫੁੱਟਬਾਲ ਚੌਕ ਤੇ ਬਸਤੀ ਅੱਡਾ ਚੌਕ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਸਟੋਰਮ ਵਾਟਰ ਸੀਵਰੇਜ ਪਾਉਣ ਦਾ ਕੰਮ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ । ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਨੇ ਵੀ ਨਿਗਮ ਕਰਮਚਾਰੀਆਂ ਨੂੰ ਨੀਵੇਂ ਇਲਾਕਿਆਂ ਵਿਚੋਂ ਪਾਣੀ ਫੌਰੀ ਤੌਰ ’ਤੇ ਕੱਢਣ ਦੇ ਆਦੇਸ਼ ਦਿੱਤੇ। ਨਿਗਮ ਕਮਿਸ਼ਨਰ ਨੇ ਨਿੱਜੀ ਤੌਰ ’ਤੇ ਨਿਗਰਾਨੀ ਕਰਦੇ ਹੋਏ ਇਸ ਕੰਮ ਨੂੰ ਜੰਗੀ ਪੱਧਰ ’ਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

Previous articleਗੈਸ ਏਜੰਸੀ ਮਾਲਕ ਨੂੰ ਅਗਵਾ ਕਰਨ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ
Next articleਅਥਲੈਟਿਕਸ: ਗਗਨਦੀਪ ਸਿੰਘ, ਨਵਜੀਤ ਕੌਰ ਤੇ ਅਫ਼ਜ਼ਲ ਨੇ ਜਿੱਤੇ ਸੋਨ ਤਗ਼ਮੇ