ਸਰਵ ਸਿੱਖਿਆ ਅਭਿਆਨ ਤੇ ਰਮਸਾ ਅਧੀਨ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਕਰੇ ਸਰਕਾਰ-ਰਮੇਸ਼ ਲਾਧੂਕਾ
ਹੁਸੈਨਪੁਰ , 13 ਅਗਸਤ (ਕੌੜਾ) (ਸਮਾਜ ਵੀਕਲੀ) -ਸਰਵ ਸਿੱਖਿਆ ਅਭਿਆਨ ਤੇ ਰਮਸਾ ਅਧੀਨ ਕੰਮ ਕਰਦੇ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ਤੇ ਅਧਿਆਪਕਾਂ ਵਾਂਗ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਆਪਣੇ ਆਪਣੇ ਹਲਕੇ ਦੇ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੀ ਲੜੀ ਦੇ ਤਹਿਤ ਸੁਲਤਾਨਪੁਰ ਲੋਧੀ ਇਕਾਈ ਵੱਲੋਂ ਸਰਵ ਸਿੱਖਿਆ ਅਭਿਆਨ ਰਮਸਾ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸੁਲਤਾਨਪੁਰ ਲੋਧੀ ਹਲਕਾ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਮੰਗ ਪੱਤਰ ਸੌਂਪਿਆ ਗਿਆ ।
ਜਿਸ ਵਿੱਚ ਯੂਨੀਅਨ ਵੱਲੋਂ ਅਧਿਆਪਕਾਂ ਵਾਂਗ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਚੋਣ ਮੈਨੀਫੈਸਟੋ ਵਿੱਚ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਨੂੰ ਜ਼ੋਰਦਾਰ ਤਰੀਕੇ ਨਾਲ ਉਠਾਇਆ। ਯੂਨੀਅਨ ਦੇ ਆਗੂ ਰਮੇਸ਼ ਕੁਮਾਰ ਲਾਧੂਕਾ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਸਰਕਾਰ ਨੇ 1 ਅਪ੍ਰੈਲ 2018 ਤੋਂ ਸਿੱਖਿਆ ਵਿਭਾਗ ਵਿੱਚ ਪੱਕਾ ਕਰ ਦਿੱਤਾ ਹੈ। ਪ੍ਰੰਤੂ ਦਫ਼ਤਰੀ ਮੁਲਾਜ਼ਮ ਜੋ ਅਧਿਆਪਕਾਂ ਤੋਂ ਪਹਿਲਾਂ ਦੇ ਕੰਮ ਕਰ ਰਹੇ ਹਨ ।ਉਨ੍ਹਾਂ ਨੂੰ ਵਾਰ ਵਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਹ ਚੋਣ ਮਨੋਰਥ ਪੱਤਰ ਸਾਡੇ ਕਿਸੇ ਕੰਮ ਨਹੀਂ ਆਇਆ ਹੈ ਇਸ ਵਿੱਚ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਸਰਕਾਰ ਨੇ ਪੂਰਾ ਨਹੀਂ ਕੀਤਾ ਹੈ ।ਰਮੇਸ਼ ਕੁਮਾਰ ਲਾਧੂਕਾ ਨੇ ਕਿਹਾ ਕਿ ਜਦੋਂ ਦੀ ਕਾਂਗਰਸ ਸਰਕਾਰ ਸੱਤਾ ਵਿੱਚ ਆਈ ਹੈ। ਕੈਬਨਿਟ ਸਬ ਕਮੇਟੀਆਂ ਬਣਾ ਕੇ ਟਾਇਮ ਪਾਸ ਕੀਤਾ ਜਾ ਰਿਹਾ ਹੈ। ਸਾਢੇ ਤਿੰਨ ਸਾਲ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹੁਣ ਤੱਕ ਪੰਜ ਵਾਰ ਕੈਬਨਿਟ ਸਬ ਕਮੇਟੀ ਵਿੱਚ ਫੇਰਬਦਲ ਹੋ ਚੁੱਕੇ ਹਨ।
ਪਰ ਅੱਜ ਤੱਕ ਨਤੀਜਾ ਕੋਈ ਵੀ ਨਹੀਂ ਨਿਕਲਿਆ ਹੈ। ਰਮੇਸ਼ ਕੁਮਾਰ,ਗਣੇਸ਼ ਕੁਮਾਰ ਸੁਖਚੈਨ ਬੱਧਣ ਬਨਵਾਰੀ ਲਾਲ ਬਲਜੀਤ ਸਿੰਘ ਟਿੱਬਾ ਨੇ ਕਿਹਾ ਕਿ ਸਰਕਾਰ ਕੈਬਨਿਟ ਸਬ ਕਮੇਟੀਆਂ ਦੀ ਸਿਰਫ਼ ਮੀਟਿੰਗਾਂ ਕਰਕੇ ਨਾ ਸਾਰੇ ,ਸਗੋਂ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਵਿਭਾਗ ਵਿੱਚ ਲਿਆ ਕੇ ਪੱਕਾ ਕਰੇ । ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਖ਼ਫ਼ਾ ਮੁਲਾਜ਼ਮਾਂ ਵੱਲੋਂ ਪੰਜਾਬ ਯੂਟੀ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਦੇ ਬੈਨਰ ਹੇਠ ਪੰਜਾਬ ਭਰ ਵਿੱਚ 15 ਅਗਸਤ ਨੂੰ ਰੋਸ ਮੁਜ਼ਾਹਰੇ ਅਤੇ 18 ਅਗਸਤ ਨੂੰ ਪੰਜਾਬ ਬੰਦਦਾ ਸੱਦਾ ਹੈ।
ਜਿਸ ਵਿੱਚ ਸਰਵ ਸਿੱਖਿਆ ਅਭਿਆਨ, ਮਿਡ ਡੇ ਮੀਲ ਦਫ਼ਤਰੀ ਮੁਲਾਜ਼ਮ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ। ਜ਼ਿਕਰਯੋਗ ਹੈ ਕਿ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੌਫੀ ਵਿਦ ਕੈਪਟਨ ਅਤੇ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੁਲਾਜ਼ਮਾਂ ਨਾਲ ਕਈ ਮੀਟਿੰਗਾਂ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੇ ਵਾਅਦੇ ਕੀਤੇ ਗਏ ਸਨ । ਜਿਸ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਛੇਵਾਂ ਪੇ ਕਮਿਸ਼ਨ ਲਾਗੂ ਕਰਨਾ ਅਤੇ ਡੀ ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ ਆਦਿ ਦਰਜ ਸੀ ਪ੍ਰੰਤੂ ਸਾਢੇ ਤਿੰਨ ਸਾਲ ਬੀਤਣ ਤੇ ਇਨ੍ਹਾਂ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਸਰਕਾਰ ਨੇ ਪੂਰਾ ਨਹੀਂ ਕੀਤਾ ਜਿਸ ਤੋਂ ਖ਼ਫ਼ਾ ਮੁਲਾਜ਼ਮ ਕਦਮ ਚੁੱਕਣ ਨੂੰ ਮਜਬੂਰ ਹੋਏ ਹਨ ਇਸ ਮੌਕੇ ਤੇ ਰਮੇਸ਼ ਕੁਮਾਰ ਲਾਧੂਕਾ,ਗਣੇਸ਼ ਕੁਮਾਰ, ਸੁਖਚੈਨ ਬੱਧਣ ਬਨਵਾਰੀ ਲਾਲ, ਬਲਜੀਤ ਸਿੰਘ ਟਿੱਬਾ ਆਦਿ ਹਾਜ਼ਰ ਸਨ।