ਕਰੋਨਾਵਾਇਰਸ ਤੋਂ ਬਚਾਅ ਲਈ ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਨੂੰ ਸੈਨੇਟਾਈਜ਼ਰ ਮੁਹੱਈਆ ਕਰਵਾਉਣੇ ਸ਼ੁਰੂ ਕਰ ਦਿੱਤੇ ਹਨ। ਅੱਜ ਸ੍ਰੀ ਦਰਬਾਰ ਸਾਹਿਬ ਪ੍ਰਵੇਸ਼ ਦੁਆਰ ਪਲਾਜ਼ਾ ਦੇ ਜ਼ਮੀਨਦੋਜ਼ ਹਿੱਸੇ ਵਿੱਚ ਬਣੀਆਂ ਗੈਲਰੀਆਂ ਯਾਤਰੂਆਂ ਵਾਸਤੇ ਬੰਦ ਰੱਖੀਆਂ ਗਈਆਂ। ਸ੍ਰੀ ਦਰਬਾਰ ਸਾਹਿਬ ਦੇ ਸਾਰੇ ਹੀ ਪ੍ਰਵੇਸ਼ ਰਸਤਿਆਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਵਾਧੂ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨੂੰ ਸੈਨੇਟਾਈਜ਼ਰ ਦੀਆਂ ਬੋਤਲਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਹ ਕਰਮਚਾਰੀ ਹਰ ਸ਼ਰਧਾਲੂ ਦੇ ਹੱਥਾਂ ’ਤੇ ਇਸ ਸੈਨੇਟਾਈਜ਼ਰ ਦੀਆਂ ਕੁਝ ਬੂੰਦਾਂ ਪਾ ਰਹੇ ਹਨ ਅਤੇ ਸ਼ਰਧਾਲੂਆਂ ਨੂੰ ਸੈਨੇਟਾਈਜ਼ਰ ਨਾਲ ਹੱਥ ਸਾਫ ਕਰਕੇ ਅੰਦਰ ਜਾਣ ਲਈ ਪ੍ਰੇਰ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਇਹ ਕਾਰਵਾਈ ਅੱਜ ਦੁਪਹਿਰ ਵੇਲੇ ਸ਼ੁਰੂ ਕੀਤੀ ਗਈ ਹੈ। ਘੰਟਾ ਘਰ ਪ੍ਰਵੇਸ਼ ਦੁਆਰ, ਸ੍ਰੀ ਗੁਰੂ ਰਾਮਦਾਸ ਲੰਗਰ ਘਰ, ਆਟਾ ਮੰਡੀ ਪ੍ਰਵੇਸ਼ ਦੁਆਰ, ਸ੍ਰੀ ਅਕਾਲ ਤਖਤ ਸਕੱਤਰੇਤ ਪ੍ਰਵੇਸ਼ ਦੁਆਰ ਅਤੇ ਇਕ ਹੋਰ ਪ੍ਰਵੇਸ਼ ਦੁਆਰ ਰਾਹੀਂ ਆਉਣ ਵਾਲੀ ਸੰਗਤ ਨੂੰ ਸੈਨੇਟਾਈਜ਼ਰ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ੍ਰੀ ਲੌਂਗੋਵਾਲ ਨੇ ਆਖਿਆ ਕਿ ਜਲਦੀ ਹੀ ਮੈਡੀਕਲ ਵਿਵਸਥਾ ਵੀ ਉਪਲਬੱਧ ਕੀਤੀ ਜਾਵੇਗੀ ਤਾਂ ਜੋ ਮੌਜੂਦਾ ਸਥਿਤੀ ਵਿਚ ਲੋੜ ਪੈਣ ’ਤੇ ਮਦਦ ਮਿਲ ਸਕੇ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਹੋਰ ਗੁਰਦੁਆਰਿਆਂ ਵਿਚ ਵੀ ਇਸੇ ਤਰ੍ਹਾਂ ਸੰਗਤ ਦੇ ਬਚਾਅ ਲਈ ਉਪਰਾਲੇ ਕੀਤੇ ਜਾਣਗੇ।
INDIA ਦਰਬਾਰ ਸਾਹਿਬ ਵਿਖੇ ਸੰਗਤ ਲਈ ਸੈਨੇਟਾਈਜ਼ਰ ਦੀ ਸਹੂਲਤ