ਚੰਡੀਗੜ੍ਹ (ਸਮਾਜ ਵੀਕਲੀ) : ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ 19 ਸਾਲਾ ਦਲਿਤ ਲੜਕੀ ਨਾਲ ਕਥਿਤ ਸਮੂਹਿਕ ਜਬਰ-ਜਨਾਹ ਦਾ ਸ਼ਿਕਾਰ ਪੀੜਤਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੁਟਾਲੇ ਸਬੰਧੀ ਸੂਬੇ ਦੇ ਦਲਿਤ ਸਮਾਜ ਨੇ ਭਲਕੇ 10 ਅਕਤੂਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਦਲਿਤ ਸਮਾਜ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਵੱਲੋਂ ਸੂਬੇ ਵਿੱਚ ਤਹਿਸੀਲ ਪੱਧਰ ’ਤੇ ਚੱਕਾ ਜਾਮ ਕੀਤਾ ਜਾਵੇਗਾ।
ਸੇਵਾਮੁਕਤ ਆਈਏਐੱਸ ਅਧਿਕਾਰੀ ਐੱਸ ਆਰ ਲੱਧੜ ਨੇ ਯੂਪੀ ਵਿੱਚ ਹੋਈ ਘਿਨਾਉਣੀ ਘਟਨਾ ਦੀ ਨਿੰਦਾ ਕਰਦਿਆਂ ਇਸ ਦੀ ਜਾਂਚ ਸੁਪਰੀਮ ਕੋਰਟ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਪੈਗਾਮ ਸੰਸਥਾ ਦੇ ਇੰਚਾਰਜ ਸ੍ਰੀ ਲੱਧੜ ਨੇ ਕਿਹਾ ਕਿ ਪਹਿਲਾਂ ਪੁਲੀਸ ਵੱਲੋਂ ਪੀੜਤ ਪਰਿਵਾਰ ਨੂੰ ਜਬਰੀ ਘਰ ਵਿੱਚ ਨਜ਼ਰਬੰਦ ਕਰਕੇ ਰੱਖਿਆ ਗਿਆ ਅਤੇ ਉਸ ਤੋਂ ਬਾਅਦ ਮੀਡੀਆ ਤੋਂ ਦੂਰ ਰਹਿਣ ਲਈ ਆਖਿਆ ਗਿਆ। ਉਨ੍ਹਾਂ ਦੱਸਿਆ ਕਿ ਦਲਿਤ ਸਮਾਜ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ ਇਕ ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ।
ਦੂਜੇ ਪਾਸੇ ਸੰਤ ਸਮਾਜ ਸੰਘਰਸ਼ ਕਮੇਟੀ ਅਤੇ ਹੋਰ ਜਥੇਬੰਦੀਆਂ ਵੱਲੋਂ ਵੱਖਰੇ ਤੌਰ ’ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੁਟਾਲੇ ਦੇ ਵਿਰੋਧ ਵਿੱਚ ਸੂਬੇ ਵਿੱਚ ਚੱਕਾ ਜਾਮ ਕੀਤਾ ਜਾਵੇਗਾ। ਇਸ ਨੂੰ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ, ਆਮ ਆਦਮੀ ਪਾਰਟੀ ਸਮੇਤ ਹੋਰ ਜਥੇਬੰਦੀਆਂ ਨੇ ਸਮਰਥਨ ਦਿੱਤਾ ਹੈ। ਇਸ ਬਾਰੇ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਸਮੇਤ ਹੋਰਾਂ ਨੇ ਮੰਗ ਕੀਤੀ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਸ੍ਰੀ ਕੈਂਥ ਨੇ ਪੰਜਾਬ ਦੇ ਕੈਬਨਿਟ ਮੰਤਰੀ ਦੀ ਸੰਪਤੀ ਦੀ ਜਾਂਚ ਈਡੀ ਤੋਂ ਕਰਵਾਉਣ ਦੀ ਮੰਗ ਵੀ ਕੀਤੀ ਹੈ।