ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ ਜੇਕਰ ਪਾਕਿਸਤਾਨ ਨੇ ਦਹਿਸ਼ਤਗਰਦੀ ਦਾ ਪੱਲਾ ਨਾ ਛੱਡਿਆ ਤਾਂ ਗੁਆਂਢੀ ਮੁਲਕ ਨੂੰ ਜਾਂਦਾ ਦਰਿਆਣੀ ਪਾਣੀ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ਦੀ ਵੰਡ ਨੂੰ ਲੈ ਕੇ ਪੰਜਾਬ ਤੋਂ ਪਾਣੀ ਦੀ ਇਕ ਬੂੰਦ ਨਹੀਂ ਲਈ ਜਾਵੇਗੀ। ਕੇਂਦਰੀ ਮੰਤਰੀ ਨੇ ਗ੍ਰਹਿ ਮੰਤਰਾਲੇ ਵਲੋਂ ਸਿੱਖਾਂ ਸਮੇਤ ਭਾਰਤੀ ਮੂਲ ਦੇ ਲੋਕਾਂ ਦੀ ਕਾਲੀ ਸੂਚੀ ਰੱਦ ਕਰਨ ਦੇ ਫੈਸਲੇ ਬਾਰੇ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ। ਸ੍ਰੀ ਗਡਕਰੀ ਇਥੇ ਅੰਮ੍ਰਿਤਸਰ ਤੇ ਫਤਿਹਗੜ੍ਹ ਸਾਹਿਬ ਸੰਸਦੀ ਹਲਕਿਆਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰ ਰਹੇ ਸਨ। ਅੰਮ੍ਰਿਤਸਰ ਵਿੱਚ ਉਨ੍ਹਾਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਦੇ ਹੱਕ ਵਿਚ ਸਨਅਤ ਤੇ ਵਪਾਰੀਆਂ ਦੀ ਇਕ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ। ਜਦੋਂਕਿ ਖ਼ੰਨਾ ਦੇ ਸਥਾਨਕ ਹੋਟਲ ਵਿੱਚ ਰੱਖੇ ਜਲਸੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ ਤੇ ਖੰਨਾ ਦੇ ਹਲਕਾ ਇੰਚਾਰਜ ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਕੀਤੀ। ਸ੍ਰੀ ਗਡਕਰੀ ਨੇ ਆਪਣੇੇ ਸੰਬੋਧਨ ਦੌਰਾਨ ਜਿੱਥੇ ਕੇਂਦਰ ਸਰਕਾਰ ਦੀਆਂ 5 ਸਾਲਾਂ ਦੀਆਂ ਪ੍ਰਾਪਤੀਆਂ ਗਿਣਾਈਆਂ, ਉਥੇ ਉਨ੍ਹਾਂ ਭਾਜਪਾ ਸਰਕਾਰ ਦੀਆਂ ਭਵਿੱਖੀ ਯੋਜਨਾਵਾਂ ’ਤੇ ਵੀ ਚਾਨਣਾ ਪਾਇਆ। ਪਾਕਿਸਤਾਨ ਵੱਲ ਨਿਸ਼ਾਨਾ ਲਾਉਂਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ 1960 ਵਿੱਚ ਜਵਾਹਰ ਲਾਲ ਨਹਿਰੂ ਨੇ ਸਮਝੌਤਾ ਕਰ ਕੇ ਤਿੰਨ ਦਰਿਆਵਾਂ ਦਾ ਪਾਣੀ ਗੁਆਂਢੀ ਮੁਲਕ ਨੂੰ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਇਸ ਭੁਲੇਖੇ ’ਚ ਨਾ ਰਹੇ ਕਿ ਇਹ ਕਰਾਰ ਰੱਦ ਨਹੀਂ ਹੋ ਸਕਦਾ। ਜੇਕਰ ਪਾਕਿਸਤਾਨ ਨੇ ਦਹਿਸ਼ਤਗਰਦਾਂ ਦਾ ਸਾਥ ਨਾ ਛੱਡਿਆ ਤਾਂ ਭਾਜਪਾ ਦੀ ਆਉਣ ਵਾਲੀ ਸਰਕਾਰ ਪਾਕਿਸਤਾਨ ਦਾ ਪਾਣੀ ਬੰਦ ਕਰਨ ਦੇਵੇਗੀ। ਦਰਿਆਣੀ ਪਾਣੀ ਦੇ ਮੁੱਦੇ ਬਾਰੇ ਬੋਲਦਿਆਂ ਸ੍ਰੀ ਗਡਕਰੀ ਨੇ ਕਿਹਾ ਕਿ ਪੰਜਾਬ ਦੀ ਇੱਕ ਬੂੰਦ ਵੀ ਨਹੀਂ ਲਈ ਜਾਵੇਗੀ। ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਅਤੇ ਹਰਿਆਣਾ ਵਿਚ ਦਰਿਆਈ ਪਾਣੀ ਦੇ ਵਿਵਾਦ ਨੂੰ ਹੱਲ ਕਰਨ ਲਈ ਸਾਰੇ ਮਾਮਲੇ ਤੇ ਡੂੰਘਾਈ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਮਸਲੇ ਦਾ ਹੱਲ ਹੋ ਜਾਣ ਦੀ ਸੰਭਾਵਨਾ ਹੈ।
HOME ਦਹਿਸ਼ਤਗਰਦਾਂ ਦਾ ਪੱਲਾ ਛੱਡੇ ਪਾਕਿ, ਨਹੀਂ ਤਾਂ ਪਾਣੀ ਬੰਦ ਕਰਾਂਗੇ: ਗਡਕਰੀ