ਜਲੰਧਰ– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦਾਅਵਾ ਕੀਤਾ ਹੈ ਕਿ ਕਮੇਟੀ ਦੀਆਂ ਜਨਵਰੀ 2021 ਵਿਚ ਹੋਣ ਵਾਲੀਆਂ ਆਮ ਚੋਣਾਂ ਪੰਜਾਬ ਦੀ ਸਿਆਸਤ ਦਾ ਏਜੰਡਾ ਤੈਅ ਕਰਨਗੀਆਂ। ਇਸ ਦਾ ਅਸਰ ਸਪੱਸ਼ਟ ਰੂਪ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ’ਤੇ ਪਵੇਗਾ। ਉਨ੍ਹਾਂ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਪਿਛਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ ਸਨ ਤਾਂ ਉਦੋਂ ਇਸ ਕਰਕੇ ਵੱਡੀ ਜਿੱਤ ਹਾਸਲ ਹੋਈ ਸੀ ਕਿਉਂਕਿ ਚੋਣ ਪ੍ਰਚਾਰ ਵਿਚ ਕਿਸੇ ਵੀ ਪੋਸਟਰ ’ਤੇ ਬਾਦਲਾਂ ਦੀਆਂ ਤਸਵੀਰਾਂ ਨਹੀਂ ਸੀ ਲਾਈਆਂ ਗਈਆਂ।
ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ 2022 ਵਿਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਣੀਆਂ ਹਨ, ਜਿਨ੍ਹਾਂ ਨੂੰ ਸਿਰਫ਼ ਦਸ ਮਹੀਨੇ ਰਹਿ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਕਮੇਟੀ ਦੀਆਂ ਚੋਣਾਂ ਰੁਕਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਪੂਰਾ ਪ੍ਰਭਾਵ ਵਰਤ ਰਹੇ ਹਨ ਤਾਂ ਜੋ ਇਹ ਚੋਣਾਂ ਕਿਸੇ ਤਰ੍ਹਾਂ ਟਾਲੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗੰਭੀਰਤਾ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਵੋਟਰ ਸੂਚੀਆਂ ਵਿਚ ਸੁਧਾਈ ਕਰਵਾਉਣੀ ਚਾਹੀਦੀ ਹੈ।
ਉਨ੍ਹਾਂ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਸ ਤਰ੍ਹਾਂ ਨਾਲ ਸਿੱਖਾਂ ਦੇ ਨਿਸ਼ਾਨੇ ’ਤੇ ਆਏ ਹਨ, ਉਸ ਨੇ ਦਿੱਲੀ ਵਿਚ ਅਜਿਹੇ ਹਾਲਾਤ ਪੈਦਾ ਕਰ ਦਿੱਤੇ ਸਨ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਉਨ੍ਹਾਂ ਦੀਆਂ ਤਸਵੀਰਾਂ ਤੋਂ ਹੀ ਲੋਕ ਨਫ਼ਰਤ ਕਰਨ ਲੱਗ ਪਏ ਸਨ। ਇਸ ਕਰਕੇ ਪੋਸਟਰਾਂ ’ਤੇ ਉਨ੍ਹਾਂ ਦੀਆਂ ਤਸਵੀਰਾਂ ਨਾ ਲਾਉਣ ਕਾਰਨ ਹੀ ਵੱਡੀ ਜਿੱਤ ਹਾਸਲ ਹੋਈ ਸੀ ਤੇ ਪੰਜਾਬ ਵਿਚੋਂ ਵੀ ਅਕਾਲੀ ਆਗੂਆਂ ਦੇ ਪ੍ਰਚਾਰ ’ਤੇ ਰੋਕ ਲਾ ਦਿੱਤੀ ਸੀ।
INDIA ਦਿੱਲੀ ਕਮੇਟੀ ਦੀਆਂ ਚੋਣਾਂ ਪੰਜਾਬ ਦੀ ਸਿਆਸਤ ਦਾ ਏਜੰਡਾ ਤੈਅ ਕਰਨਗੀਆਂ: ਜੀਕੇ