ਮਾਨਸਾ (ਸਮਾਜ ਵੀਕਲੀ) : ਪੰਜਾਬ ਵਿਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੇ ਰਾਹ ਪਈਆਂ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਖੇਤੀ ਮੰਤਰਾਲੇ ਦੇ ਸੱਕਤਰ ਸੰਜੇ ਅੱਗਰਵਾਲ ਨਾਲ ਦਿੱਲੀ ਵਿਖੇ ਬੈਠਕ ਆਰੰਭ ਹੋ ਗਈ ਹੈ। ਇਸ ਤੋਂ ਪਹਿਲਾਂ ਗੱਲਬਾਤ ਲਈ ਦਿੱਤੇ ਸੱਦੇ ਨੂੰ ਪ੍ਰਵਾਨ ਕਰਨ ਤੋਂ ਬਾਅਦ ਅੱਜ ਸਵੇਰੇ ਹੀ ਕਿਸਾਨ ਆਗੂ ਦਿੱਲੀ ਲਈ ਰਵਾਨਾ ਹੋ ਗਏ ਸਨ।
ਇਨ੍ਹਾਂ ਜਥੇਬੰਦੀਆਂ ਵਿਚੋਂ ਬਹੁਤਿਆਂ ਨੇ ਚੰਡੀਗੜ੍ਹ ਤੋਂ ਸਾਂਝੇ ਤੌਰ ਉੱਤੇ ਵਿਸ਼ੇਸ਼ ਬੱਸ ਬੁੱਕ ਕਰਵਾ ਲਈ ਸੀ, ਜੋ ਚੰਡੀਗੜ੍ਹ ਤੋਂ ਤੜਕੇ ਸਾਢੇ ਚਾਰ ਵਜੇ ਦਿੱਲੀ ਲਈ ਰਵਾਨਾ ਹੋਈ ਗਈ ਸੀ, ਜਦੋਂ ਕਿ ਕਈ ਹੋਰ ਧਿਰਾਂ ਆਪਣੇ ਤੌਰ ‘ਤੇ ਵੀ ਨਿਜੀ ਵਾਹਨਾਂ ਰਾਹੀਂ ਦਿੱਲੀ ਲਈ ਤੁਰੇ ਸਨ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਮੀਟਿੰਗ ਵਾਸਤੇ ਸਭ ਜਥੇਬੰਦੀਆਂ ਦੇ ਆਗੂਆਂ ਨਾਲ ਦਿੱਲੀ ਲਈ ਤੁਰਨ ਦੇ ਬਕਾਇਦਾ ਸੁਨੇਹੇ ਮਿਲ ਗਏ ਸਨ।
29 ਕਿਸਾਨ ਧਿਰਾਂ ਦੇ ਆਗੂ ਪਹਿਲਾਂ ਇਕੱਠੇ ਹੋ ਕੇ ਆਪਣੀ ਗੱਲਬਾਤ ਕੀਤੀ ਅਤੇ ਬਾਅਦ ਵਿੱਚ ਖੇਤੀ ਮੰਤਰਾਲੇ ਦੇ ਸੱਕਤਰ ਸੰਜੇ ਅੱਗਰਵਾਲ ਦੀ ਦਿੱਤੇ ਸੱਦੇ ਮੁਤਾਬਕ ਕ੍ਰਿਸ਼ੀ ਭਵਨ ਵਿਖੇ ਮੀਟਿੰਗ ਵਿੱਚ ਭਾਗ ਲਈ ਪੁੱਜੇ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ, ਫਸਲਾਂ ਦੇ ਭਾਅ ਡਾ ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਮਿੱਥਣ, ਸਾਰੀਆਂ ਜਿਣਸਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ਮੁਤਾਬਕ ਹੋਣ ਦੀ ਗਰੰਟੀ ਦੀ ਗੱਲ ਕਰਨਗੀਆਂ।
ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾ ਪ੍ਰਧਾਨ ਬੋਘ ਸਿੰਘ ਨੇ ਦੱਸਿਆ ਕਿ ਮੀਟਿੰਗ ਲਈ ਸਾਰੀਆਂ ਜਥੇਬੰਦੀਆਂ ਦੀ ਪੂਰੀ ਤਿਆਰੀ ਹੈ ਅਤੇ ਇਸ ਵਾਸਤੇ 7 ਮੈਂਬਰੀ ਕਮੇਟੀ ਦੇ ਮੈਂਬਰ ਬਲਵੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਜਗਮੋਹਨ ਸਿੰਘ ਪਟਿਆਲਾ, ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਸਿੰਘ ਫੂਲ, ਸਤਨਾਮ ਸਿੰਘ ਸਾਹਨੀ ਕੁਲਵੰਤ ਸਿੰਘ ਸੰਧੂ ਅੰਨਦਾਤਾ ਦਾ ਦਰਦ ਕੇਂਦਰ ਸਰਕਾਰ ਸਾਹਮਣੇ ਰੱਖਣਗੇ।
ਉਧਰ ਇਹ ਵੀ ਪਤਾ ਲੱਗਿਆ ਹੈ ਕਿ ਕੇਂਦਰ ਸਰਕਾਰ ਵਲੋਂ ਵੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਲਈ ਖ਼ਾਕਾ ਤਿਆਰ ਕਰ ਲਿਆ ਗਿਆ ਹੈ, ਜਿਸ ਲਈ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਸੱਕਤਰ ਸੰਜੇ ਅੱਗਰਵਾਲ ਨੇ ਪੰਜਾਬ ਸਰਕਾਰ ਪਾਸੋਂ ਵੇਰਵੇ ਹਾਸਲ ਕਰ ਲਏ ਗਏ ਹਨ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਸੱਕਤਰ ਨਾਲ ਗੱਲਬਾਤ ਦੌਰਾਨ ਜਾਂ ਬਾਅਦ ਵਿੱਚ ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਖੇਤੀ ਬਾੜੀ ਮੰਤਰੀ ਵੀ ਆ ਸਕਦੇ ਹਨ।