ਦਿੱਲੀ ਦੇ ਜੰਤਰ ਮੰਤਰ ’ਤੇ ਪੰਜਾਬ ਸਰਕਾਰ ਵੱਲੋਂ ਧਰਨਾ

ਨਵੀਂ ਦਿੱਲੀ (ਸਮਾਜ ਵੀਕਲੀ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਇਕਾਂ ਤੇ ਮੰਤਰੀਆਂ ਨੇ ਅੱਜ ਕੇਂਦਰ ਸਰਕਾਰ ਵਿਰੁੱਧ ਜੰਤਰ ਮੰਤਰ ’ਤੇ ਧਰਨਾ ਦੇ ਕੇ ਮੋਦੀ ਸਰਕਾਰ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਘੇਰਿਆ। ਇੱਥੋਂ ਦੇ ਪੰਜਾਬ ਭਵਨ ਤੋਂ ਵਿਧਾਇਕ ਤੇ ਮੰਤਰੀ ਪੈਦਲ ਮਾਰਚ ਕਰਦੇ ਹੋਏ ਜੰਤਰ ਮੰਤਰ ਪੁੱਜੇ ਤੇ ਧਰਨੇ ’ਤੇ ਬੈਠ ਗਏ।

ਕੈਪਟਨ ਅਮਰਿੰਦਰ ਸਿੰਘ ਕੁੱਝ ਸੰਸਦ ਮੈਂਬਰਾਂ ਨਾਲ ਰਾਜਘਾਟ ਪੁੱਜੇ ਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਸਮਾਧ ’ਤੇ ਫੁੱਲ ਭੇਟ ਕੀਤੇ ਤੇ ਮਗਰੋਂ ਆ ਕੇ ਧਰਨੇ ’ਤੇ ਬੈਠ ਗਏ। ‘ਆਪ’ ਤੇ ਅਕਾਲੀ ਵਿਧਾਇਕਾਂ ਨੂੰ ਛੱਡ ਕੇ ਵਿਰੋਧੀ ਧਿਰ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਸੁਖਪਾਲ ਸਿੰਘ ਖਹਿਰਾ, ਬੈਂਸ ਭਰਾਵਾਂ ਨੇ ਵੀ ਧਰਨੇ ਵਿੱਚ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਤੇ ਇਥੇ ਹਾਲਾਤ ਛੇਤੀ ਬਦਲ ਜਾਂਦੇ ਹਨ ਤੇ ਸਰਕਾਰ 1980-1995 ਵਾਲੇ ਕਾਲੇ ਦੌਰ ਦੇ ਹਾਲਾਤ ਬਣਾਉਣ ਵਲ ਪੰਜਾਬ ਨੂੰ ਨਾ ਧੱਕੇ। ਸੁਖਪਾਲ ਖਹਿਰਾ ਨੇ ਕੇਂਦਰ ਸਰਕਾਰ ’ਤੇ ਤਾਨਾਸ਼ਾਹੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਜਘਾਟ ਨਹੀਂ ਜਾਣ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਜਾਪਦਾ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਾ ਹੋ ਕੇ ਕਿਸੇ ਬਾਹਰਲੇ ਮੁਲਕ ਦਾ ਹਿੱਸਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਨਾਲ ਹਮੇਸ਼ਾ ਵਿਤਕਰਾ ਹੁੰਦਾ ਰਿਹਾ ਹੈ। ਬੁਲਾਰਿਆਂ ਨੇ ਇਸ ਮੌਕੇ ਖੇਤੀ ਕਾਨੂੰਨਾਂ ਦੀ ਨਿਖੇਧੀ ਕੀਤੀ ਤੇ ਮਾਲ ਗੱਡੀਆਂ ਚਲਾਉਣ ਦੀ ਮੰਗ ਕੀਤੀ।

Previous articleਅਰਨਬ ਗੋਸਵਾਮੀ ਨੂੰ 18 ਨਵੰਬਰ ਤਕ ਨਿਆਂਇਕ ਹਿਰਾਸਤ ’ਚ ਭੇਜਿਆ
Next articleਭਾਰਤ ਖੇਤਰੀ ਅਖੰਡਤਾ ’ਤੇ ਸਮਝੌਤਾ ਨਹੀਂ ਕਰੇਗਾ: ਸ਼੍ਰਿੰਗਲਾ