ਅੰਮ੍ਰਿਤਸਰ (ਸਮਾਜ ਵੀਕਲੀ) : ਦਿੱਲੀ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦੀ ਮਜ਼ਬੂਤੀ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਕਿਸਾਨਾਂ ਤੇ ਮਜ਼ਦੂਰਾਂ ਦਾ ਇਕ ਵੱਡਾ ਜਥਾ ਬਿਆਸ ਪੁਲ ਤੋਂ ਦਿੱਲੀ ਰਵਾਨਾ ਕੀਤਾ। ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਕਿਸਾਨਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਲ ਟਰੈਕਟਰ ਟਰਾਲੀਆਂ ਨੂੰ ਤਰਪਾਲਾਂ ਨਾਲ ਢੱਕਿਆ ਗਿਆ ਸੀ ਅਤੇ ਇਨ੍ਹਾਂ ਵਿੱਚ ਲੋੜ ਮੁਤਾਬਕ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਜਥੇ ਵਿੱਚ ਅੰਮ੍ਰਿਤਸਰ ਦੇ ਸੈਂਕੜੇ ਪਿੰਡਾਂ ਤੋਂ ਕਿਸਾਨ, ਮਜਦੂਰ, ਬੀਬੀਆਂ ਅਤੇ ਨੌਜਵਾਨ ਸ਼ਾਮਲ ਹੋ ਕੇ ਦਿੱਲੀ ਲਈ ਰਵਾਨਾ ਹੋਏ ਹਨ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਬਾਵਜੂਦ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਖੇਤੀ ਜਿਣਸਾਂ ਦੀ ਸਰਕਾਰੀ ਖਰੀਦ ਵਾਲਾ ਕਾਨੂੰਨ ਬਣਨ ਤਕ ਇਹ ਸੰਘਰਸ਼ ਜਾਰੀ ਰਹੇਗਾ। ਜਥੇਬੰਦੀ ਵੱਲੋਂ ਕਿਸਾਨ ਮੋਰਚੇ ਲਈ ਇਹ 12ਵਾਂ ਜਥਾ ਭੇਜਿਆ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly