ਦਿੱਲੀ ਮੋਰਚੇ ਲਈ ਪੰਜਾਬ ਵਿੱਚ ਕਿਸਾਨਾਂ ਦੀ ਮੁੜ ਲਾਮਬੰਦੀ

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਦਿੱਲੀ ਮੋਰਚੇ ਦੀ ਮਜ਼ਬੂਤੀ ਲਈ ਕਿਸਾਨਾਂ ਦੀ ਮੁੜ ਤੋਂ ਲਾਮਬੰਦੀ ਆਰੰਭ ਦਿੱਤੀ ਹੈ। ਕੌਮੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਵਾਪਰੀਆਂ ਤਾਜ਼ਾ ਘਟਨਾਵਾਂ ਤੋਂ ਬਾਅਦ ਪੰਜਾਬ ਤੋਂ ਵੀ ਕਿਸਾਨਾਂ ਨੇ ਦਿੱਲੀ ਵੱਲ ਨੂੰ ਚਾਲੇ ਪਾ ਦਿੱਤੇ ਹਨ। ਪੰਜਾਬ ਦੇ ਤਿੰਨ ਖਿੱਤਿਆਂ ਮਾਲਵਾ, ਮਾਝਾ ਅਤੇ ਦੁਆਬਾ ਤੋਂ ਕਿਸਾਨਾਂ ਨੇ ਦਿੱਲੀ ਨੂੰ ਜਾਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਸੂਬੇ ਦੇ ਕਿਸਾਨਾਂ ਅਤੇ ਆਪਣੀ ਪਾਰਟੀ ਦੇ ਵਰਕਰਾਂ ਨੂੰ ਦਿੱਲੀ ਚਾਲੇ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਲੜਾਈ ਲੜ ਰਹੀਆਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਲਈ ਕਾਫਲੇ ਬੰਨ੍ਹ ਕੇ ਦਿੱਲੀ ਨੂੰ ਵਹੀਰਾਂ ਘੱਤੀਆਂ ਜਾਣ। ਅਕਾਲੀ ਆਗੂ ਨੇ ਕਿਹਾ ਕਿ ਭਾਜਪਾ ਦੀ ਹਰ ਚਾਲ ਫੇਲ੍ਹ ਕਰਨ ਲਈ ਕਿਸਾਨਾਂ ਦੀ ਹਰ ਤਰ੍ਹਾਂ ਨਾਲ ਹਮਾਇਤ ਕੀਤੀ ਜਾਵੇਗੀ।

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਭਲਕੇ ਮੀਟਿੰਗ ਕਰਕੇ ਦਿੱਲੀ ਵੱਲ ਨੂੰ ਵੱਡੇ ਜਥੇ ਭੇਜਣੇ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕਿਸਾਨੀ ਅੰਦੋਲਨ ਨੂੰ ਫੇਲ੍ਹ ਕਰਨ ਲਈ ਜਿਸ ਤਰ੍ਹਾਂ ਭਾੜੇ ਦੇ ਟੱਟੂਆਂ ਤੋਂ ਹਮਲੇ ਕਰਾਉਣ ਦੀ ਰਣਨੀਤੀ ਅਪਣਾਈ ਜਾ ਰਹੀ ਹੈ, ਉਸ ਦਾ ਜਵਾਬ ਸ਼ਾਂਤਮਈ ਰਹਿ ਕੇ ਹੀ ਦਿੱਤਾ ਜਾਵੇਗਾ। ਕਿਸਾਨ ਆਗੂ ਨੇ ਕਿਹਾ ਕਿ ਟਕਰਾਅ ਦਾ ਜਵਾਬ ਟਾਕਰੇ ਨਾਲ ਨਹੀਂ ਸਗੋਂ ਸਿਦਕ ਅਤੇ ਕੁਰਬਾਨੀ ਭਰੇ ਲਹਿਜੇ ਨਾਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਮੌਤ ਨੂੰ ਗਲੇ ਲਾ ਲੈਣਗੇ ਅਤੇ ਜ਼ਖ਼ਮੀ ਹੋ ਜਾਣਗੇ ਪਰ ਭਾਜਪਾ ਦੀ ਹਰ ਚਾਲ ਦਾ ਜਵਾਬ ਦੇ ਕੇ ਜਿੱਤ ਜ਼ਰੂਰ ਹਾਸਲ ਕਰਨਗੇ।

ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਧਰਨਿਆਂ ਦੌਰਾਨ ਵੀ ਅੱਜ ਕਿਸਾਨ ਬੁਲਾਰਿਆਂ ਨੇ ਦਿੱਲੀ ਮੋਰਚੇ ਦੀ ਮਜ਼ਬੂਤੀ ਅਤੇ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਮੁੜ ਤੋਂ ਵਹੀਰਾਂ ਘੱਤਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ਹਕੂਮਤ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਅੰਦੋਲਨ ਨਾ ਤਾਂ ਫੇਲ੍ਹ ਹੋਇਆ ਹੈ ਅਤੇ ਨਾ ਹੀ ਸੰਘਰਸ਼ਸ਼ੀਲ ਲੋਕਾਂ ਦੇ ਹੌਸਲੇ ਡੋਲੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕਿਸਾਨ ਅੰਦੋਲਨ ਹੁਣ ਸ਼ੁਰੂ ਹੋਇਆ ਹੈ। ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੇ ਅੰਦੋਲਨ ’ਚ ਨਵੀਂ ਰੂਹ ਫੂਕਣ ਦੀ ਚਰਚਾ ਵੀ ਕੀਤੀ ਗਈ।

ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹੁਣ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਸਮੁੱਚੇ ਦੇਸ਼ ਦਾ ਕਿਸਾਨ ਖੇਤੀ ਕਾਨੂੰਨਾਂ ਦੀ ਅਸਲੀਅਤ ਸਮਝ ਚੁੱਕਾ ਹੈ ਅਤੇ ਸਰਕਾਰ ਦਾ ਕੋਈ ਵੀ ਹਥਕੰਡਾ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਵਿੱਚ ਭਾਜਪਾ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਧਰਨੇ ਜਾਰੀ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਧਰਨੇ ਵੀ ਜਾਰੀ ਰਹਿਣਗੇ ਅਤੇ ਦਿੱਲੀ ਮੋਰਚੇ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।

Previous articleਕਿਸਾਨਾਂ ਦੀ ਆਮਦ ਨੇ ਗਾਜ਼ੀਪੁਰ ਧਰਨੇ ’ਚ ਭਰਿਆ ਜੋਸ਼
Next articleਹਿਰਾਸਤ ’ਚ ਲਏ ਨੌਜਵਾਨਾਂ ਬਾਰੇ ਕੁਝ ਨਹੀਂ ਦੱਸ ਰਹੀ ਦਿੱਲੀ ਪੁਲੀਸ