ਦਿੱਲੀ ਵਿੱਚ 26 ਨੂੰ ‘ਕਿਸਾਨ ਪਰੇਡ’ ਦਾ ਐਲਾਨ

ਨਵੀਂ ਦਿੱਲੀ (ਸਮਾਜ ਵੀਕਲੀ) : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐੱਮਐੱਸਪੀ ਨੂੰ ਕਾਨੂੰਨੀ ਦਰਜਾ ਦਿਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦਾ ਅੰਦੋਲਨ ਸ਼ਾਂਤਮਈ ਸੀ, ਸ਼ਾਂਤਮਈ ਹੈ ਤੇ ਸ਼ਾਂਤਮਈ ਹੀ ਰਹੇਗਾ ਪਰ ਉਹ ਉਦੋਂ ਤੱਕ ਦਿੱਲੀ ਦੀਆਂ ਹੱਦਾਂ ’ਤੇ ਡਟੇ ਰਹਿਣਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਕਿਸਾਨ ਆਗੂਆਂ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ’ਤੇ ਦਬਾਅ ਪਾਉਣ ਲਈ 26 ਜਨਵਰੀ ਨੂੰ ਦਿੱਲੀ ਵੱਲ ਟਰੈਕਟਰ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਹੈ।

ਇਸ ਦੌਰਾਨ ਟਰੈਕਟਰਾਂ ’ਤੇ ਕੌਮੀ ਝੰਡੇ ਲਗਾਏ ਜਾਣਗੇ ਤੇ ਇਸ ਮਾਰਚ ਨੂੰ ‘ਕਿਸਾਨ ਪਰੇਡ’ ਦਾ ਨਾਂ ਦਿੱਤਾ ਗਿਆ ਹੈ। ਨੇਤਾਵਾਂ ਨੇ ਕਿਹਾ ਕਿ ਇਸ ਸੰਘਰਸ਼ ’ਚ ਹੁਣ ਤੱਕ ਉਨ੍ਹਾਂ ਦੇ 50 ਸਾਥੀ ਜਾਨ ਗੁਆ ਚੁੱਕੇ ਹਨ। ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਇਹ ਕੋਰਾ ਝੂਠ ਹੈ ਕਿ ਸਰਕਾਰ ਨੇ ਕਿਸਾਨਾਂ ਦੀਆਂ 50 ਫ਼ੀਸਦ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਨੂੰ ਅਜੇ ਲਿਖਤੀ ਰੂਪ ’ਚ ਕੁਝ ਵੀ ਨਹੀਂ ਮਿਲਿਆ। ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਨੂੰ ਇੱਕ ਸਾਫ ਤੇ ਸਿੱਧਾ ਅਲਟੀਮੇਟਮ ਦਿੱਤਾ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਦਿੱਲੀ ਦੇ ਆਸਪਾਸ ਦੇ ਮੋਰਚਿਆਂ ਤੋਂ ਕਿਸਾਨ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਟਰਾਲੀਆਂ ਨਾਲ ਦਾਖਲ ਹੋਣਗੇ ਤੇ ਗਣਤੰਤਰ ਦਿਵਸ ਦੀ ਪਰੇਡ ਦੇ ਦੌਰਾਨ ਹੀ ‘ਕਿਸਾਨ ਗਣਤੰਤਰ ਪਰੇਡ’ ਕਰਨਗੇ।

Previous articleकांग्रेस पार्टी किसानों की आवाज़ हर प्लेटफार्म पर उठाएगी – चीमा
Next article‘ਕੋਵੈਕਸੀਨ’ ਦੀ ਹੰਗਾਮੀ ਵਰਤੋਂ ਲਈ ਮਨਜ਼ੂਰੀ ਦੀ ਸਿਫ਼ਾਰਸ਼