ਨਵੀਂ ਦਿੱਲੀ (ਸਮਾਜਵੀਕਲੀ) : ਦਿੱਲੀ ਹਾਈ ਕੋਰਟ ਨੇ ਅੱਜ ਜਾਮੀਆ ਮਿਲੀਆ ਇਸਲਾਮੀਆ ਦੀ ਵਿਦਿਆਰਥਣ ਸਫੂਰਾ ਜ਼ਰਗਰ ਨੂੰ ਜ਼ਮਾਨਤ ਦੇ ਦਿੱਤੀ ਹੈ। ਸਫੂਰਾ ਗਰਭਵਤੀ ਹੈ ਤੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਵਿਰੋਧ ਦੌਰਾਨ ਉੱਤਰ ਪੂਰਬੀ ਦਿੱਲੀ ’ਚ ਹੋਏ ਫਿਰਕੂ ਹਿੰਸਾ ਦੇ ਮਾਮਲੇ ’ਚ ਉਸ ਨੂੰ ਗ਼ੈਰ ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਸਫੂਰਾ ਨੂੰ ਜ਼ਮਾਨਤ ਦੇਣ ਦੇ ਅਦਾਲਤੀ ਫ਼ੈਸਲੇ ਦਾ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਮਨੁੱਖਤਾ ਦੇ ਆਧਾਰ ’ਤੇ ਵਿਰੋਧ ਨਹੀਂ ਕੀਤਾ।
ਅਦਾਲਤ ’ਚ ਸੁਣਵਾਈ ਦੌਰਾਨ ਦਿੱਲੀ ਪੁਲੀਸ ਦਾ ਪੱਖ ਰੱਖਦਿਆਂ ਉਨ੍ਹਾਂ ਕਿਹਾ ਕਿ ਮਨੁੱਖੀ ਦੇ ਆਧਾਰ ’ਤੇ ਸਫੂਰਾ ਨੂੰ ਜ਼ਮਾਨਤ ਦਿੱਤੀ ਜਾ ਸਕਦੀ ਹੈ। ਜਸਟਿਸ ਰਾਜੀਵ ਸ਼ਕਧਰ ਨੇ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਕਰਦਿਆਂ ਸਫੂਰਾ ਨੂੰ 10 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ਤੇ ਇੰਨੀ ਹੀ ਰਾਸ਼ੀ ਦੀ ਜਾਮਨੀ ਪੇਸ਼ ਕਰਨ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ।
ਇਸੇ ਤਰ੍ਹਾਂ ਅਦਾਲਤ ਨੇ ਇੱਕ ਨਿੱਜੀ ਸਕੂਲ ਦੇ ਮਾਲਕ ਨੂੰ ਪੁਲੀਸ ਦੀ ਅਪੀਲ ’ਤੇ ਜਵਾਬ ਦੇਣ ਲਈ ਸਮਾਂ ਦਿੱਤਾ ਹੈ। ਪੁਲੀਸ ਨੇ ਦਿੱਲੀ ਹਿੰਸਾ ਨਾਲ ਜੁੜੇ ਇੱਕ ਮਾਮਲੇ ’ਚ ਸਕੂਲ ਮਾਲਕ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਸਕੂਲ ਮਾਲਕ ਫੈਸਲ ਫਾਰੂਕ ਸਮੇਤ 18 ਵਿਅਕਤੀਆਂ ਨੂੰ ਗੁਆਂਢ ’ਚ ਬਣੇ ਡੀਪੀਆਰ ਕਾਨਵੈਂਟ ਸਕੂਲ ਨੂੰ ਸਾੜਨ ਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।