ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਅੱਜ ਇੱਥੇ ਆਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅਕਸ ਨੂੰ ਢਾਹ ਲਾਉਣ ਲਈ ਬਣਾਈ ਫਿਲਮ ਬਾਰੇ ਸ਼੍ਰੋਮਣੀ ਅਕਾਲੀ ਦਲ ਆਪਣਾ ਪੱਖ ਸਪੱਸ਼ਟ ਕਰੇ। ਅੱਜ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਜਾਖੜ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਉਸ ਦੇ ਸਹਿਯੋਗੀ ਆਰਐੱਸਐੱਸ ਵੱਲੋਂ ਫਿਲਮ ‘ਦਿ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਰਾਹੀਂ ਡਾ. ਮਨਮੋਹਨ ਸਿੰਘ ਸਮੇਤ ਕਾਂਗਰਸ ਦੀ ਸਾਖ਼ ਨੂੰ ਢਾਹ ਲਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਫਿਲਮ ਰਿਲੀਜ਼ ਹੋਵੇ ਜਾਂ ਨਾ ਹੋਵੇ, ਇਸ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ, ਪਰ ਡਾ. ਮਨਮੋਹਨ ਸਿੰਘ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਤੋਂ ਪੰਜਾਬ ਕਾਂਗਰਸ ਸਖ਼ਤ ਨਰਾਜ਼ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾ ਸਿਰਫ਼ ਪੰਜਾਬੀ ਅਤੇ ਸਿੱਖ ਹਨ, ਸਗੋਂ ਇਕ ਸਫ਼ਲ ਪ੍ਰਧਾਨ ਮੰਤਰੀ ਰਹੇ ਹਨ, ਜਿਨ੍ਹਾਂ ਨੇ ਦੇਸ਼ ਦੀ ਆਰਥਿਕਤਾ ਨੂੰ ਨਵੀਂ ਦਿਸ਼ਾ ਦਿੱਤੀ। ਇਸ ’ਤੇ ਸਮੁੱਚੇ ਪੰਜਾਬੀਆਂ ਅਤੇ ਖ਼ਾਸ ਕਰ ਕੇ ਸਿੱਖਾਂ ਨੂੰ ਮਾਣ ਹੈ। ਉਨ੍ਹਾਂ ਆਖਿਆ ਕਿ ਵਿਰੋਧੀਆਂ ਵੱਲੋਂ ਡਾ. ਮਨਮੋਹਨ ਸਿੰਘ ਨੂੰ ‘ਐਕਸੀਡੈਂਟਲ ਪ੍ਰਧਾਨ ਮੰਤਰੀ’ ਕਹਿਣਾ ਠੀਕ ਨਹੀਂ ਹੈ, ਸਗੋਂ ਉਹ ‘ਇਨਕਰੈਡੀਬਲ ਪ੍ਰਧਾਨ ਮੰਤਰੀ’ ਹਨ। ਉਨਾਂ ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ, ਖ਼ਾਸ ਕਰ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਖਿਆ ਕਿ ਉਹ ਇਸ ਸਬੰਧੀ ਆਪਣਾ ਪੱਖ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ‘ਸਿੱਖ ਪ੍ਰਧਾਨ ਮੰਤਰੀ’ ਉਤੇ ਲਾਏ ਜਾ ਰਹੇ ਦੋਸ਼ਾਂ ਬਾਰੇ ਸ਼੍ਰੋਮਣੀ ਅਕਾਲੀ ਦਲ ਦਾ ਕੀ ਦ੍ਰਿਸ਼ਟੀਕੋਣ ਹੈ ? ਇਹ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਹੋਣਾ ਚਾਹੀਦਾ ਹੈ। ਹਾਲ ਹੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਿਮਾਚਲ ਵਿਚ ਰੈਲੀ ਦੌਰਾਨ ਪੰਜਾਬ ਦੀ ਕਿਸਾਨੀ ਬਾਰੇ ਕੀਤੇ ਦਾਅਵਿਆਂ ਨੂੰ ਝੂਠ ਕਰਾਰ ਦਿੰਦਿਆਂ ਸ੍ਰੀ ਜਾਖੜ ਨੇ ਆਖਿਆ ਕਿ ਕਾਂਗਰਸ ਸਰਕਾਰ ਵੱਲੋਂ ਕੀਤੇ ਚੋਣ ਵਾਅਦੇ ਮੁਤਾਬਿਕ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਹਨ ਤੇ ਇਸ ਸਬੰਧੀ ਅਗਲੀ ਪ੍ਰਕਿਰਿਆ ਵੀ ਜਾਰੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮੀਰਾਂ ਦਾ ਪ੍ਰਧਾਨ ਮੰਤਰੀ ਕਰਾਰ ਦਿੱਤਾ। ਪੰਚਾਇਤ ਚੋਣਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਇਹ ਚੋਣਾਂ ਅਮਨ ਤੇ ਸ਼ਾਂਤੀ ਨਾਲ ਸਿਰੇ ਚੜ੍ਹਨਗੀਆਂ। ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਰਾਜ ਕੁਮਾਰ, ਜ਼ਿਲ੍ਹਾ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਤੇ ਭਗਵੰਤਪਾਲ ਸਿੰਘ ਸੱਚਰ ਵੀ ਹਾਜ਼ਰ ਸਨ।
INDIA ‘ਦਿ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਬਾਰੇ ਪੱਖ ਸਪਸ਼ਟ ਕਰੇ ਅਕਾਲੀ ਦਲ: ਜਾਖੜ