ਮਾਨਸਾ (ਸਮਾਜ ਵੀਕਲੀ):ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਛੇਵੇਂ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀ ਕਪਿਲ ਪੰਡਿਤ ਅਤੇ ਰਾਜਿੰਦਰ ਜੋਕਰ ਨੂੰ ਸੱਤ ਦਿਨਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਤਿੰਨਾਂ ਨੂੰ ਅੱਜ ਦੇਰ ਸ਼ਾਮ ਰਾਜਪੁਰਾ ਸੀਆਈਏ ਸਟਾਫ ਥਾਣੇ ਲਿਜਾ ਕੇ ਪੁੱਛਗਿੱਛ ਕੀਤੇ ਜਾਣ ਦੀਆਂ ਰਿਪੋਰਟਾਂ ਹਨ। ਪਹਿਲਾਂ ਇਨ੍ਹਾਂ ਨੂੰ ਰਿਮਾਂਡ ਮਗਰੋਂ ਮਾਨਸਾ ਦੇ ਸੀਆਈਏ ਪੁਲੀਸ ਸਟੇਸ਼ਨ ਵਿੱਚ ਹੀ ਰੱਖਣ ਦੀ ਰਿਪੋਰਟ ਸੀ। ਉਨ੍ਹਾਂ ਨੂੰ ਲੰਘੇ ਦਿਨੀਂ ਨੇਪਾਲ ਸਰਹੱਦ ਤੋਂ ਕਾਬੂ ਕੀਤਾ ਗਿਆ ਸੀ, ਜਿੱਥੇ ਉਹ ਫ਼ਰਜ਼ੀ ਦਸਤਾਵੇਜ਼ਾਂ ਨਾਲ ਦੁਬਈ ਭੱਜਣ ਦੀ ਤਿਆਰੀ ਵਿੱਚ ਸਨ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਤਿੰਨੇ ਮੁਲਜ਼ਮਾਂ ਨੂੰ ਅੱਜ ਇਥੇ ਮਾਨਸਾ ਲਿਆਉਣ ਮਗਰੋਂ ਸਥਾਨਕ ਸਿਵਲ ਹਸਪਤਾਲ ਵਿੱਚ ਡਾਕਟਰੀ ਮੁਆਇਨਾ ਕਰਵਾਉਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲੀਸ ਨੂੰ ਮੁਲਜ਼ਮਾਂ ਦਾ ਸੱਤ ਦਿਨਾ ਰਿਮਾਂਡ ਦੇ ਦਿੱਤਾ।
ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਮਾਨਸਾ ਪੁਲੀਸ ਨੇ ਤਿੰਨੇ ਮੁਲਜ਼ਮਾਂ ਦਾ 17 ਸਤੰਬਰ ਤੱਕ ਦਾ ਰਿਮਾਂਡ ਹਾਸਲ ਕਰ ਲਿਆ ਹੈ। ਉਨ੍ਹਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਹਵਾਲੇ ਨਾਲ ਦੱਸਿਆ ਕਿ ਦੀਪਕ ਮੁੰਡੀ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਛੇਵਾਂ ਸ਼ੂਟਰ ਹੈ, ਜਿਸ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਨਿਰਦੇਸ਼ਾਂ ’ਤੇ ਆਪਣੇ ਦੋ ਸਾਥੀਆਂ ਕਪਿਲ ਪੰਡਿਤ ਅਤੇ ਰਾਜਿੰਦਰ ਜੋਕਰ ਨਾਲ ਇਥੋਂ ਭੱਜਣ ਦੀ ਤਿਆਰੀ ਕੀਤੀ ਸੀ। ਗ੍ਰਿਫ਼ਤਾਰੀ ਤੋਂ ਪਹਿਲਾਂ ਤਿੰਨੇ ਮੁਲਜ਼ਮ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਘੁੰਮਦੇ ਰਹੇ ਹਨ। ਸੂਤਰਾਂ ਅਨੁਸਾਰ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਟਿਕਾਣਿਆਂ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰਾਂ ਦੇ ਵੇਰਵੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਮਾਨਸਾ ਪੁਲੀਸ ਨੇ ਹੁਣ ਤੱਕ ਤਿੰਨ ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕੁਲਦੀਪ ਉਰਫ਼ ਕਸ਼ਿਸ਼ ਨੂੰ ਗ੍ਰਿਫ਼ਤਾਰ ਕੀਤਾ ਸੀ, ਜਦਕਿ ਦੋ ਸ਼ੂਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਮਨੂ ਕੁੱਸਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿੱਚ ਪੁਲੀਸ ਮੁਕਾਬਲੇ ਦੌਰਾਨ ਮਾਰੇ ਗਏ ਸਨ।