ਦੂਜੇ ਦਿਨ ਵੀ ਸਿੱਖਿਆ ਭਵਨ ਦੇ ਗੇਟ ਅੱਗੇ ਡਟੇ ਰਹੇ ਕੱਚੇ ਅਧਿਆਪਕ

ਐੱਸ.ਏ.ਐੱਸ. ਨਗਰ (ਮੁਹਾਲੀ) (ਸਮਾਜ ਵੀਕਲੀ): ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰਾਂ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 51ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਕੱਚੇ ਅਧਿਆਪਕਾਂ ਨੇ ਅੱਜ ਦੂਜੇ ਦਿਨ ਵੀ ਸਿੱਖਿਆ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰਾਂ ਵਿਚ ਨਹੀਂ ਜਾਣ ਦਿੱਤਾ। ਹਾਲਾਂਕਿ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ ਤੇ ਗੇਟ ਖੋਲ੍ਹਣ ਦੀ ਬੇਨਤੀ ਵੀ ਕੀਤੀ ਪ੍ਰੰਤੂ ਉਹ ਨਹੀਂ ਮੰਨੇ, ਜਿਸ ਕਾਰਨ ਸਿੱਖਿਆ ਵਿਭਾਗ ਅਤੇ ਬੋਰਡ ਦਾ ਕੋਈ ਵੀ ਅਧਿਕਾਰੀ ਅਤੇ ਕਰਮਚਾਰੀ ਦਫ਼ਤਰ ਅੰਦਰ ਨਹੀਂ ਜਾ ਸਕਿਆ।

ਇੱਥੋਂ ਤੱਕ ਕਿ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ, ਵਾਈਸ ਚੇਅਰਮੈਨ ਵਰਿੰਦਰ ਭਾਟੀਆ, ਸਕੱਤਰ, ਡੀਪੀਆਈ, ਡੀਜੀਐੱਸਈ ਵੀ ਦਫ਼ਤਰਾਂ ਅੰਦਰ ਨਹੀਂ ਜਾ ਸਕੇ। ਕਾਫੀ ਦੇਰ ਇੰਤਜ਼ਾਰ ਕਰਨ ਤੋਂ ਬਾਅਦ ਸਾਰੇ ਅਧਿਕਾਰੀ ਤੇ ਕਰਮਚਾਰੀ ਆਪੋ-ਆਪਣੇ ਘਰਾਂ ਨੂੰ ਪਰਤ ਗਏ।  ਇਸ ਦੌਰਾਨ ਐੱਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਨੇ ਪ੍ਰਦਰਸ਼ਨਕਾਰੀਆਂ ਨੂੰ ਗੱਲਬਾਤ ਰਾਹੀਂ ਸ਼ਾਂਤ ਕਰਨ ਦਾ ਯਤਨ ਕੀਤਾ ਪਰ ਕੱਚੇ ਅਧਿਆਪਕ ਨਹੀਂ ਮੰਨੇ। ਉਪਰੰਤ ਐੱਸਡੀਐੱਮ ਹਰਬੰਸ ਸਿੰਘ ਦੀ ਅਗਵਾਈ ਹੇਠ ਪ੍ਰਸ਼ਾਸਨ ਨਾਲ ਮੋਹਰੀ ਆਗੂਆਂ ਦੀ ਮੀਟਿੰਗ ਹੋਈ ਜਿਸ ਵਿੱਚ ਅਧਿਕਾਰੀਆਂ ਨੇ ਅਧਿਆਪਕਾਂ ਨੂੰ ਗੇਟ ਖੋਲ੍ਹਣ ਲਈ ਪ੍ਰੇਰਦਿਆਂ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਪ੍ਰੰਤੂ ਕੱਚੇ ਅਧਿਆਪਕ ਨਹੀਂ ਮੰਨੇ। ਉਨ੍ਹਾਂ ਦੋ ਟੁੱਕ ਗੱਲ ਕਰਦਿਆਂ ਕਿਹਾ ਕਿ ਹੁਣ ਸਿਰਫ਼ ਆਖ਼ਰੀ ਫੈਸਲਾਕੁਨ ਮੀਟਿੰਗ ਤੈਅ ਕਰਵਾਈ ਜਾਵੇ, ਇਸ ਤੋਂ ਘੱਟ ਉਨ੍ਹਾਂ ਨੂੰ ਕੁਝ ਮਨਜ਼ੂਰ ਨਹੀਂ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਡੀਗੜ੍ਹ ਵਿਚ ਅਗਲੇ ਤਿੰਨ ਦਿਨ ਮੀਂਹ ਪੈਣ ਦੇ ਆਸਾਰ
Next article7 अगस्त- ‘राष्ट्रीय ओबीसी दिवस’ घोषित, ओबीसी भरेंगे हुंकार!