ਨਵੀਂ ਦਿੱਲੀ (ਸਮਾਜਵੀਕਲੀ): ਬਿਹਾਰ, ਪੱਛਮੀ ਬੰਗਾਲ, ਅਸਾਮ ਤੇ ਉੜੀਸਾ ’ਚ ਕਰੋਨਾਵਾਇਰਸ ਦੇ ਮਾਮਲਿਆਂ ’ਚ ਵਾਧਾ ਹੋਣ ਕਾਰਨ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 1.45 ਲੱਖ ਤੋਂ ਪਾਰ ਹੋ ਗਈ ਹੈ। ਪਰਵਾਸੀ ਮਜ਼ਦੂਰਾਂ ਦੀ ਵੱਡੇ ਪੱਧਰ ’ਤੇ ਹੋਈ ਵਾਪਸੀ ਕਾਰਨ ਇਨ੍ਹਾਂ ਸੂਬਿਆਂ ’ਚ ਕਰੋਨਾ ਪੀੜਤਾਂ ਦੀ ਗਿਣਤੀ ਵਧੀ ਹੈ।
ਕੇਂਦਰੀ ਸਿਹਤ ਮੰਤਰਾਲੇ ਦੇ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੇ ਠੀਕ ਹੋਣ ਦੀ ਦਰ 41.61 ਫੀਸਦ ਹੋ ਗਈ ਹੈ ਤੇ ਦੇਸ਼ ਵਿੱਚ 60,490 ਮਰੀਜ਼ ਠੀਕ ਹੋ ਚੁੱਕੇ ਹਨ। ਮੰਤਰਾਲੇ ਨੇ ਦੱਸਿਆ ਕਿ ਭਾਰਤ ’ਚ ਕਰੋਨਾ ਕਾਰਨ ਮੌਤ ਦਰ 2.87 ਫੀਸਦ ਹੈ ਜਦਕਿ ਦੁਨੀਆ ਭਰ ’ਚ ਇਹ ਦਰ 6.45 ਫੀਸਦ ਹੈ।
ਮੰਤਰਾਲੇ ਨੇ ਦੱਸਿਆ ਕਿ ਲੰਘੇ ਚੌਵੀ ਘੰਟਿਆਂ ਅੰਦਰ 6535 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 1,45,380 ਹੋ ਗਈ ਹੈ ਜਦਕਿ 146 ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ 4167 ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 60 ਹਜ਼ਾਰ ਤੋਂ ਵੱਧ ਮਰੀਜ਼ ਤੰਦਰੁਸਤ ਹੋ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਲੰਘੇ ਤਿੰਨ ਹਫ਼ਤਿਆਂ ਦੌਰਾਨ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ ਤੇ ਮੱਧ ਪ੍ਰਦੇਸ਼ ’ਚ ਕਰੋਨਾ ਦੇ ਕੇਸਾਂ ਦੀ ਗਿਣਤੀ ’ਚ ਵਾਧਾ ਹੋਇਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਕਿਹਾ ਕਿ ਇਨ੍ਹਾਂ ਸੂਬਿਆਂ ’ਚ ਲੌਕਡਾਊਨ ’ਚ ਰਾਹਤਾਂ ਦੇਣ ਅਤੇ ਦੂਜੇ ਰਾਜਾਂ ਤੋਂ ਲੋਕਾਂ ਦੇ ਆਉਣ ਕਾਰਨ ਕਰੋਨਾ ਦੇ ਮਾਮਲੇ ਵਧੇ ਹਨ। ਸਿਹਤ ਮੰਤਰਾਲੇ ਨੇ ਇਨ੍ਹਾਂ ਰਾਜਾਂ ਦੇ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਨੂੰ ਇਕਾਂਤਵਾਸ ਕੇਂਦਰਾਂ ’ਚ ਮੈਡੀਕਲ ਟੀਮਾਂ ਤਾਇਨਾਤ ਕਰਨ ਲਈ ਕਿਹਾ ਹੈ।