ਦੇਸ਼ ’ਚ ਲੌਕਡਾਊਨ ਦੌਰਾਨ ਚੰਡੀਗੜ੍ਹ ’ਚ ਜਾਰੀ ਰਹੇਗਾ ਕਰਫਿਊ

ਚੰਡੀਗੜ੍ਹ  (ਸਮਾਜਵੀਕਲੀ)  – ਦੇਸ਼ ਵਿੱਚ ਜਦੋਂ ਤੱਕ ਲੌਕਡਾਊਨ ਰਹੇਗਾ ਉਸ ਸਮੇਂ ਤੱਕ ਚੰਡੀਗੜ੍ਹ ਵਿੱਚ ਕਰਫਿਊ ਜਾਰੀ ਰਹੇਗਾ। ਇਸ ਗੱਲ ਦਾ ਪ੍ਰਗਟਾਵਾ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰਨ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਕਰਫਿਊ ਦਾ ਪਹਿਲਾ ਫੇਜ਼ ਕਾਮਯਾਬ ਰਿਹਾ ਹੈ। ਪ੍ਰਸ਼ਾਸਕ ਨੇ ਆਸ ਜਤਾਈ ਕਿ ਕਰਫਿਊ ਜਾਰੀ ਰਹਿਣ ਨਾਲ ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦਾ ਫੈਲਾਅ ਘਟੇਗਾ।

ਇਸੇ ਦੌਰਾਨ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਕਰਫਿਊ ਦੇ ਦੂਜੇ ਫੇਜ਼ ਵਿੱਚ ਮਜ਼ਦੂਰਾਂ ਦੀ ਭਲਾਈ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਅਤੇ ਫ਼ਸਲਾਂ ਦੀ ਕਟਾਈ ਮਗਰੋਂ ਮੰਡੀਆਂ ਵਿੱਚ ਫ਼ਸਲਾਂ ਦੀ ਵਿਕਰੀ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਇਸੇ ਤਰ੍ਹਾਂ ਨਗਰ ਨਿਗਮ ਦੇ ਕਮਿਸ਼ਨਰ ਕੇ.ਕੇ. ਯਾਦਵ ਨੇ ਕਿਹਾ ਕਿ ਸੈਕਟਰ-26 ਦੀ ਮੰਡੀ ਵਿੱਚ ਨਵੀਂ ਪਾਸ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪਾਸ ਵਾਲੇ ਲੋਕਾਂ ਨੂੰ ਹੀ ਮੰਡੀ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਦੀ ਭੀੜ ਨਾ ਲੱਗੇ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਜ਼ਰੂਰਤਮੰਦ ਲੋਕਾਂ ਤੱਕ 56,990 ਪੈਕੇਟ ਖਾਣੇ ਦੇ ਪਹੁੰਚਾਏ ਗਏ ਹਨ ਜਿਸ ਲਈ ਗੈਰਸਰਕਾਰੀ ਸੰਸਥਾਵਾਂ ਵੀ ਪ੍ਰਸ਼ਾਸਨ ਨੂੰ ਵੱਧ ਚੜ੍ਹ ਕੇ ਸਹਿਯੋਗ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਅਤੇ ਸੈਕਟਰ-35 ਦੀ ਗੁਰਦੁਆਰਾ ਕਮੇਟੀ ਵੱਲੋਂ 250 ਪੀਪੀਈ ਅਤੇ 1000 ਮਾਸਕ ਦਿੱਤੇ ਗਏ ਹਨ ਜਿਨ੍ਹਾਂ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।

ਚੰਡੀਗੜ੍ਹ ਦੇ ਡੀਜੀਪੀ ਸੰਜੇ ਬੈਨੀਵਾਲ ਨੇ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲੀਸ ਨੇ ਹੁਣ ਤੱਕ 233 ਕੇਸ ਦਰਜ ਕੀਤੇ ਹਨ। ਇਸ ਤੋਂ ਇਲਾਵਾ ਪੁਲੀਸ ਨੇ 11789 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਤੇ 185 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ 3439 ਵਾਹਨਾਂ ਨੂੰ ਜ਼ਬਤ ਕੀਤਾ ਹੈ।

Previous articleਸਾਬਕਾ ਡੀਐੱਸਪੀ ਦਵਿੰਦਰ ਤੇ ਤਿੰਨ ਹੋਰਾਂ ਨੂੰ ਜੇਲ੍ਹ ਭੇਜਿਆ
Next articleਅੰਮ੍ਰਿਤਸਰ ਵਿੱਚ ਲੋਕਾਂ ਦੀ ਸਿਹਤ ਜਾਂਚ ਲਈ ਮੁਹਿੰਮ ਦਾ ਪਹਿਲਾ ਪੜਾਅ ਸ਼ੁਰੂ