ਧਾਰਾ 370: ਸੁਪਰੀਮ ਕੋਰਟ ਵੱਲੋਂ ਸੁਣਵਾਈ ਅੱਜ

ਸੁਪਰੀਮ ਕੋਰਟ, ਜੰਮੂ ਤੇ ਕਸ਼ਮੀਰ ਵਿੱਚ ਧਾਰਾ 370 ਨੂੰ ਮਨਸੂਖ਼ ਕਰਨ ਮਗਰੋਂ ਕੇਂਦਰ ਸਰਕਾਰ ਵੱਲੋਂ ਵਾਦੀ ਵਿੱਚ ਆਇਦ ਪਾਬੰਦੀਆਂ ਤੇ ‘ਹੋਰ ਦਮਨਕਾਰੀ ਤਜਵੀਜ਼ਾਂ’ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਮੰਗਲਵਾਰ ਨੂੰ ਕਰੇਗੀ। ਕਾਂਗਰਸੀ ਕਾਰਕੁਨ ਤਹਿਸੀਨ ਪੂਨਾਵਾਲਾ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਜਸਟਿਸ ਅਰੁਣ ਮਿਸ਼ਰਾ, ਐੱਮ.ਆਰ.ਸ਼ਾਹ ਤੇ ਅਜੈ ਰਸਤੋਗੀ ਦੀ ਸ਼ਮੂਲੀਅਤ ਵਾਲੇ ਬੈਂਚ ਵੱਲੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਸ਼ਮੀਰ ਟਾਈਮਜ਼ ਦੀ ਕਾਰਜਕਾਰੀ ਸੰਪਾਦਕ ਅਨੁਰਾਧਾ ਭਸੀਨ ਵੱਲੋਂ ਸੂਬੇ ਨਾਲ ਸਬੰਧਤ ਪੱਤਰਕਾਰਾਂ ਦੇ ਕੰਮਕਾਜ ’ਤੇ ਲਾਈ ਪਾਬੰਦੀ ਨੂੰ ਹਟਾਉਣ ਦੀ ਮੰਗ ਕਰਦੀ ਪਟੀਸ਼ਨ ’ਤੇ ਵੀ ਭਲਕੇ ਵਿਚਾਰ ਹੋ ਸਕਦਾ ਹੈ। ਪੂਨਾਵਾਲਾ ਨੇ ਪਟੀਸ਼ਨ ਵਿਚ ਹਿਰਾਸਤ ਵਿੱਚ ਲਏ ਸਾਬਕਾ ਮੁੱਖ ਮੰਤਰੀਆਂ ਉਮਰ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਹਦਾਇਤਾਂ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ।

Previous articleਵਾਦੀ ’ਚ ਈਦ ਮੌਕੇ ਅਮਨ-ਅਮਾਨ
Next articleਰਵਿਦਾਸ ਮੰਦਰ ਮਾਮਲਾ; ਦਲਿਤ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ