ਲੇਹ (ਸਮਾਜ ਵੀਕਲੀ) : ਕੇਂਦਰੀ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਅੱਜ ਕਿਹਾ ਕਿ ਧਾਰਾ 370 ਹਟਾਏ ਜਾਣ ਨਾਲ ਬਹੁਤ ਵੱਡਾ ਅੜਿੱਕਾ ਦੂਰ ਹੋ ਗਿਆ ਹੈ ਜੋ ਜੰਮੂ ਕਸ਼ਮੀਰ ਤੇ ਲੱਦਾਖ ਦੇ ਵਿਕਾਸ ’ਚ ਰੋੜਾ ਬਣਿਆ ਹੋਇਆ ਸੀ। ਆਪਣੀ ਲੱਦਾਖ ਦੀ ਦੋ ਰੋਜ਼ਾ ਫੇਰੀ ਦੇ ਪਹਿਲੇ ਦਿਨ ਅੱਜ ਉਨ੍ਹਾਂ ਲੇਹ ’ਚ ਵੱਖ ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਤੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨਾਲ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਚੱਲ ਰਹੇ ਵੱਖ ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ।
ਉਨ੍ਹਾਂ ਕਿਹਾ ਕਿ ਹੁਣ ਜੰਮੂ ਕਸ਼ਮੀਰ ਤੇ ਲੱਦਾਖ ਨੂੰ ਕੇਂਦਰ ਸਰਕਾਰ ਦੀਆਂ ਵੱਖ ਵੱਖ ਸਮਾਜਿਕ-ਆਰਥਿਕ ਤੇ ਸਿੱਖਿਆ ਨਾਲ ਸਬੰਧਤ ਯੋਜਨਾਵਾਂ ਦਾ ਲਾਹਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ 2019 ’ਚ ਧਾਰਾ 370 ਮਨਸੂਖ ਕੀਤੇ ਜਾਣ ਮਗਰੋਂ ਜੰਮੂ ਕਸ਼ਮੀਰ ਅਤੇ ਲੱਦਾਖ ਦੇ ਵਿਕਾਸ ਦੇ ਰਾਹ ’ਚ ਆਉਂਦੇ ਸਿਆਸੀ ਤੇ ਕਾਨੂੰਨੀ ਅੜਿੱਕੇ ਦੂਰ ਹੋ ਗਏ ਹਨ ਅਤੇ ਹੁਣ ਦੋਵੇਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਦੇਸ਼ਾਂ ਦੇ ਬਾਕੀ ਸੂਬਿਆਂ ਦੇ ਬਰਾਬਰ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ, ‘ਧਾਰਾ 370 ਹਟਾਏ ਜਾਣ ਮਗਰੋਂ ਹੁਣ ਜੰਮੂ ਕਸ਼ਮੀਰ, ਲੇਹ ਤੇ ਕਾਰਗਿੱਲ ਇਲਾਕੇ ਦੇ 75 ਹਜ਼ਾਰ ਨੌਜਵਾਨਾਂ ਨੂੰ ਹੁਨਰ ਵਿਕਾਸ ਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ, 50 ਨਵੇਂ ਕਾਲਜ ਤਿਆਰ ਕੀਤੇ ਜਾ ਰਹੇ ਹਨ।’