ਨਵਜੋਤ ਸਿੱਧੂ ਨਾਲ ਕੋਈ ਵਖਰੇਵਾਂ ਨਹੀਂ: ਚੰਨੀ

ਚਮਕੌਰ ਸਾਹਿਬ (ਸਮਾਜ ਵੀਕਲੀ):  ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਚਨਜੀਤ ਸਿੰਘ ਚੰਨੀ ਨੇ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਆਪਣੇ ਮੁੱਖ ਮੰਤਰੀ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਦਾਅਵਾ ਕੀਤਾ ਕਿ ਜੇ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਦੁਬਾਰਾ ਮੌਕਾ ਦਿੱਤਾ ਤਾਂ ਪੰਜਾਬ ਦਾ ਖੁੱਸਿਆ ਰੁਤਬਾ ਬਹਾਲ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਭਾਰਤ ਦਾ ਬਿਹਤਰੀਨ ਸੂਬਾ ਬਣਾਇਆ ਜਾਵੇਗਾ।

ਕਾਂਗਰਸ ਹਾਈ ਕਮਾਂਡ ਵੱਲੋਂ ਭਲਕੇ ਛੇ ਫਰਵਰੀ ਨੂੰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਬਾਰੇ ਚੰਨੀ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਉਨ੍ਹਾਂ ਦਾ ਕੋਈ ਵਖਰੇਵਾਂ ਨਹੀਂ ਹੈ। ਜੇ ਪਾਰਟੀ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਦੀ ਹੈ ਤਾਂ ਉਹ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ। ਸੁਨੀਲ ਜਾਖੜ ਦੇ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਜਾਖੜ ਬਹੁਤ ਸੂਝਵਾਨ ਆਗੂ ਹਨ ਅਤੇ ਹਾਈ ਕਮਾਂਡ ਨੇ ਜੋ ਉਨ੍ਹਾਂ ਦੀ ਡਿਊਟੀ ਲਗਾਈ ਹੈ, ਉਸ ਨੂੰ ਪੂਰਾ ਕਰਨ ਲਈ ਉਹ ਦਿਨ-ਰਾਤ ਮਿਹਨਤ ਕਰ ਰਹੇ ਹਨ। ਚੰਨੀ ਨੇ ਕਿਹਾ ਕਿ ਉਨ੍ਹਾਂ ਗਰੀਬਾਂ, ਮਜ਼ਦੂਰਾਂ, ਕਿਸਾਨਾਂ, ਦੁਕਾਨਦਾਰਾਂ ਅਤੇ ਸਨਅਤਕਾਰਾਂ ਦੇ ਦੁੱਖ ਸਮਝਦਿਆਂ ਕਿਸਾਨਾਂ ਦੀਆਂ ਫਸਲਾਂ ਦਾ ਮੁਆਵਜ਼ਾ ਵਧਾਇਆ, ਦੋ ਕਿਲੋਵਾਟ ਦੇ ਬਿਜਲੀ ਬਿੱਲ ਮੁਆਫ ਕੀਤੇ, ਬਿਜਲੀ ਸਸਤੀ ਕੀਤੀ, ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦਾ ਮਾਣ-ਭੱਤਾ ਵਧਾਇਆ ਤੇ ਡੀਜ਼ਲ-ਪੈਟਰੋਲ ਸਸਤਾ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਬਾਰੇ ਉਨ੍ਹਾਂ ਕਿਹਾ ਕਿ ਮੋਦੀ ਦੀ ਸੁਰੱਖਿਆ ਵਿਚ ਨਾ ਤਾਂ ਪਹਿਲਾਂ ਕੋਈ ਕੁਤਾਹੀ ਹੋਈ ਹੈ ਤੇ ਨਾ ਹੀ ਭਵਿੱਖ ਵਿਚ ਹੋਵੇਗੀ। ਕਾਂਗਰਸੀ ਆਗੂ ਨੇ  ਦਾਅਵਾ ਕੀਤਾ ਕਿ ਪੰਜਾਬ  ਦੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਸਦਕਾ ਮੁੜ ਕਾਂਗਰਸ ਦੀ ਸਰਕਾਰ ਆਵੇਗੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਲਈ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਐਤਵਾਰ ਨੂੰ
Next articlePM hails contributions of Telugu film industry