ਨਸ਼ਿਆਂ ਨਾਲ ਜੁੜੇ ਕਿਸੇ ਆਗੂ ਨੂੰ ਨਹੀਂ ਬਖ਼ਸ਼ਾਂਗੇ: ਕੈਪਟਨ

ਚੰਡੀਗੜ੍ਹ : ਅੰਮ੍ਰਿਤਸਰ ਦੇ ਸੁਲਤਾਨਵਿੰਡ ਪਿੰਡ ’ਚੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਪਾਰਟੀ ਦੇ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦਾ ਇਸ਼ਾਰਾ ਨਸ਼ੀਲੇ ਪਦਾਰਥਾਂ ਨਾਲ ਕਥਿਤ ਜੁੜੇ ਐੱਸ.ਐੱਸ.ਬੋਰਡ ਦੇ ਸਾਬਕਾ ਮੈਂਬਰ ਅਨਵਰ ਮਸੀਹ ਵਲ ਸੀ, ਜਿਸ ਨੂੰ ਪਿਛਲੀ ਅਕਾਲੀ ਸਰਕਾਰ ਸਮੇਂ ਮੈਂਬਰ ਬਣਾਇਆ ਗਿਆ ਸੀ।
ਇਥੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਦ੍ਰਿੜ ਸੰਕਲਪ ਹੈ ਤੇ ਸੂਬਾ ਸਰਕਾਰ ਵੱਲੋਂ ਚੁੱਕੇ ਕਦਮਾਂ ਸਦਕਾ ਹੀ ਨਸ਼ੀਲੇ ਪਦਾਰਥਾਂ ਨਾਲ ਹੁੰਦੀਆਂ ਮੌਤਾਂ ਵਿਚ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਐੱਸ.ਐੱਸ.ਬੋਰਡ ਦੇ ਮੈਂਬਰ ਬਣੇ ਅਨਵਰ ਮਸੀਹ ਦੇ ਮਕਾਨ ਵਿੱਚੋਂ ਗ੍ਰਿਫਤਾਰ ਕੀਤੇ ਵਿਅਕਤੀ ਨਸ਼ਾ ਤਸਕਰੀ ਕਰਦੇ ਸਨ, ਪਰ ਮਸੀਹ ਅਜੇ ਤਕ ਉਨ੍ਹਾਂ ਨੂੰ ਕਿਰਾਏ ’ਤੇ ਮਕਾਨ ਦੇਣ ਸਬੰਧੀ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥ ਵੱਡੀ ਸਮੱਸਿਆ ਹਨ, ਪਰ ਸਰਕਾਰ ਨਸ਼ਿਆਂ ’ਤੇ ਕਾਬੂ ਪਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਪੁਲੀਸ ਤੇ ਐੱਸਟੀਐੱਫ ਦੀ ਪਿੱਠ ਥਾਪੜਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਟਾਸਕ ਫੋਰਸ ਦੀ ਇਸ ਪ੍ਰਾਪਤੀ ਨਾਲ ਨਸ਼ੀਲੇ ਪਦਾਰਥਾਂ ਦਾ ਕੌਮਾਂਤਰੀ ਨੈੱਟਵਰਕ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਨਾਮੀ ਕਾਰੋਬਾਰੀ ਸਿਮਰਨਜੀਤ ਸਿੰਘ ਸੰਧੂ ਦਾ ਨਾਂ ਵੀ ਸਾਹਮਣੇ ਆਇਆ ਹੈ, ਜਿਸ ਖ਼ਿਲਾਫ਼ ਗੁਜਰਾਤ ਪੁਲੀਸ ਨੇ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਇਆ ਸੀ। ਇੰਟਰਪੋਲ ਨੇ ਉਸ ਨੂੰ ਇਟਲੀ ਵਿਚ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਪਹਿਲਾਂ ਗੁਜਰਾਤ ਪੁਲੀਸ ਦੇ ਹਵਾਲੇ ਕੀਤਾ ਜਾਵੇਗਾ ਤੇ ਮਗਰੋਂ ਪੰਜਾਬ ਪੁਲੀਸ ਉਸ ਕੋਲੋਂ ਪੁੱਛਗਿੱਛ ਕਰੇਗੀ। ਪਾਕਿਸਤਾਨ ਤੋਂ ਡਰੋਨਾਂ ਰਾਹੀਂ ਹਥਿਆਰ ਲਿਆਉਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਸਰਕਾਰ ਕੋਲੋ ਐਂਟੀ ਡਰੋਨ ਹਥਿਆਰ ਮੰਗੇ ਹਨ ਤਾਂ ਕਿ ਇਸ ਸਮੱਸਿਆ ’ਤੇ ਕਾਬੂ ਪਾਇਆ ਜਾ ਸਕੇ। ਇਸ ਮੌਕੇ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਵੀ ਹਾਜ਼ਰ ਸਨ।

Previous articleਸੁਲਤਾਨਵਿੰਡ ’ਚੋਂ 9.40 ਅਰਬ ਦੀ ਹੈਰੋਇਨ ਬਰਾਮਦ
Next articleਯੂਰੋਪੀਅਨ ਸੰਘ ਤੋਂ ਤੋੜ-ਵਿਛੋੜਾ ਨਵੇਂ ਯੁੱਗ ਦਾ ਸਵੇਰਾ: ਜੌਹਨਸਨ