ਕਾਂਗਰਸ ਵਰਕਿੰਗ ਕਮੇਟੀ ਨੇ ਸੀਏਏ ਵਾਪਸ ਲੈਣ ਲਈ ਕਿਹਾ
ਕਾਂਗਰਸ ਵਰਕਿੰਗ ਕਮੇਟੀ ਨੇ ਅੱਜ ਮੰਗ ਕੀਤੀ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਵਾਪਿਸ ਹੋਣਾ ਚਾਹੀਦਾ ਹੈ ਅਤੇ ਕੌਮੀ ਵਸੋਂ ਰਜਿਸਟਰ ਉੱਤੇ ਕੰਮ ਵੀ ਬੰਦ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਭਾਜਪਾ ਸਰਕਾਰ ਉੱਤੇ ਦੋਸ਼ ਲਾਇਆ ਕਿ ਉਹ ਆਪਣੀ ਅਤਿ ਬਹੁਗਿਣਤੀ ਦੇ ਸਿਰ ਉੱਤੇ ਵੰਡਪਾਊ ਫਿਰਕੂ ਤੇ ਪੱਖਪਾਤੀ ਏਜੰਡਾ ਲਾਗੂ ਕਰ ਰਹੀ ਹੈ। ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਇੱਥੇ ਹੋਈ ਮੀਟਿੰਗ ਵਿੱਚ ਦੇਸ਼ ਨੂੰ ਦਰਪੇਸ਼ ਚੁਣੌਤੀਆਂ ਉੱਤੇ ਚਰਚਾ ਕੀਤੀ ਗਈ ਅਤੇ ਆਰਥਿਕ, ਸਮਾਜਿਕ ਅਤੇ ਰਾਜਸੀ ਮਸਲੇ ਵਿਚਾਰੇ ਗਏ ਤੇ ਮਤਾ ਪਾਸ ਕਰਕੇ ਸਰਕਾਰ ਉੱਤੇ ਦੇਸ਼ ਦੇ ਨੌਜਵਾਨਾਂ ਤੇ ਵਿਦਿਆਰਥੀਆਂ ਦੀ ਆਵਾਜ਼ ਦਬਾਉਣ ਦਾ ਦੋਸ਼ ਲਾਇਆ ਹੈ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤੇ ਤਿੱਖੇ ਹਮਲੇ ਕਰਦਿਆਂ ਉੱਤੇ ਭੜਕਾਊ ਬਿਆਨ ਦੇਣ ਦੇ ਦੋਸ਼ ਲਾਏ। ਕਾਂਗਰਸ ਪ੍ਰਧਾਨ ਨੇ ਮੰਗ ਕੀਤੀ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਦੌਰਾਨ ਵਾਪਰੀਆਂ ਘਟਨਾਵਾਂ ਦੀ ਜਾਂਚ ਲਈ ਉੱਚ ਤਾਕਤੀ ਕਮਿਸ਼ਨ ਕਾਇਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਵੇਂ ਨਾਗਰਿਕ ਕਾਨੂੰਨ ਨੂੰ ਲਾਗੂ ਕਰਨ ਨਾਲ ਹਜ਼ਾਰਾਂ ਔਰਤਾਂ ਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਮਾਨਸਿਕ ਨੁਕਸਾਨ ਪੁੱਜਿਆ ਹੈ। ਉਨ੍ਹਾਂ ਅੰਦੋਲਨਕਾਰੀਆਂ ਵਿਰੁੱਧ ਪੁਲੀਸ ਤਾਕਤ ਦੀ ਵਰਤੋਂ ਕਰਨ ’ਤੇ ਮੋਦੀ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਰਾਜਾਂ ਨੂੰ ਪੁਲੀਸ ਰਾਜ ਵਿੱਚ ਬਦਲ ਕੇ ਰੱਖ ਦਿੱਤਾ ਗਿਆ ਤੇ ਉੱਤਰ ਪ੍ਰਦੇਸ਼ ਤੇ ਖਾਸ ਤੌਰ ਉੱਤੇ ਦਿੱਲੀ ਵਿੱਚ ਹਾਲਤ ਬੇਹੱਦ ਖਰਾਬ ਹੈ।
ਮੀਟਿੰਗ ਦੌਰਾਨ ਪਾਸ ਕੀਤੇ ਮਤੇ ਵਿੱਚ ਕਿਹਾ ਗਿਆ ਹੈ ਕਿ ਮੋਦੀ ਸਰਕਾਰ ਆਪਣੀ ਸਾਰੀ ਰਾਜਸੀ ਤਾਕਤ ਦੇਸ਼ ਦੇ ਵਿਦਿਆਰਥੀਆਂ ਤੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ, ਆਪਣੀ ਅਧੀਨਗੀ ਮਨਾਉਣ ਤੇ ਉਨ੍ਹਾਂ ਦਾ ਨੱਕ ਵਿੱਚ ਦਮ ਕਰਨ ਲਈ ਵਰਤ ਰਹੀ ਹੈ। ਪ੍ਰਧਾਨ ਮੰਤਰੀ ਅਤੇ ਭਾਜਪਾ ਸਰਕਾਰ ਨੇ ਨੌਜਵਾਨਾਂ ਦੇ ਭਰੋਸੇ ਨੂੰ ਤੋੜਿਆ ਹੈ। ਕਰੀਬ ਕਰੀਬ ਹਰ ਯੂਨੀਵਰਸਿਟੀ ਜਿਨ੍ਹਾਂ ਵਿੱਚ, ਦਿੱਲੀ ਯੂਨੀਵਰਸਿਟੀ, ਜੇਐੱਨਯੂ, ਜਾਮੀਆ ਮਿਲੀਆ ਯੂਨੀਵਰਸਿਟੀ, ਬਨਾਰਸ ਹਿੰਦੂ ਯੂਨੀਵਰਸਿਟੀ, ਅਲਾਹਾਬਾਦ ਯੂਨੀਵਰਸਿਟੀ, ਏਐੱਮਯੂ ਤੇ ਹੋਰ ਯੂਨੀਵਰਸਿਟੀਆਂ ਸ਼ਾਮਲ ਹਨ, ਵਿੱਚ ਲਗਾਤਾਰ ਰੋਸ ਮੁਜ਼ਾਹਰੇ ਹੋ ਰਹੇ ਹਨ। ਕਾਂਗਰਸ ਵਰਕਿੰਗ ਕਮੇਟੀ ਨੇ ਸੰਵਿਧਾਨ ਦੀ ਰੱਖਿਆ, ਹੁਨਰਮੰਦ ਤੇ ਰੁਜ਼ਗਾਰਮੁਖੀ ਸਿੱਖਿਆ ਲਈ ਅਤੇ ਘੱਟ ਤੋਂ ਘੱਟ ਖਰਚ ਉੱਤੇ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਦਿਆਰਥੀਆਂ ਤੇ ਨੌਜਵਾਨਾਂ ਦੇ ਸੰਘਰਸ਼ ਨਾਲ ਆਪਣੀ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ ਹੈ।
ਮੀਟਿੰਗ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੀ ਚਿਦੰਬਰਮ, ਆਨੰਦ ਸ਼ਰਮਾ,ਏ ਕੇ ਅੰਟੋਨੀ, ਪ੍ਰਿਯੰਕਾ ਗਾਂਧੀ ਵਾਡਰਾ, ਜਿਓਤਿ੍ਾਦਿੱਤਿਆ ਸਿੰਧੀਆ, ਮਲਿਕਾਰਜੁਨ ਖੜਗੇ, ਗੁਲਾਮ ਨਬੀ ਆਜ਼ਾਦ, ਅੰਬਿਕਾ ਸੋਨੀ ਵਰਗੇ ਹੋਰ ਸੀਨੀਅਰ ਆਗੂ ਸ਼ਾਮਲ ਹੋਏ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਏ। ਇਸ ਮੌਕੇ ਕਾਂਗਰਸ ਨੇ ਇੱਕ ਪ੍ਰੈੱਸ ਬਿਆਨ ਵੀ ਜਾਰੀ ਕੀਤਾ, ਜਿਸ ਵਿੱਚ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕ ਰਜਿਸਟਰ, ਕੌਮੀ ਆਬਾਦੀ ਰਜਿਸਟਰ, ਜੰਮੂ ਕਸ਼ਮੀਰ ਵਿੱਚ ਪੈਦਾ ਹੋਈ ਸਥਿਤੀ ਅਤੇ ਇਰਾਨ ਅਮਰੀਕਾ ਦੇ ਵਿਚਕਾਰ ਪੈਦਾ ਹੋਏ ਤਣਾਅ ਵਰਗੇ ਮੁੱਦਿਆਂ ਉੱਤੇ ਹੋਈ ਚਰਚਾ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ ਮੰਗ ਕੀਤੀ ਗਈ ਹੈ ਕਿ ਆਰਥਿਕਤਾ ਨੂੰ ਲੀਹ ਉੱਤੇ ਲਿਆਉਣ ਲਈ, ਨਿਵੇਸ਼ਕਾਂ ਦੇ ਭਰੋਸੇ ਦੀ ਬਹਾਲੀ ਅਤੇ ਰੁਜ਼ਗਾਰ ਪੈਦਾ ਕਰਨ ਬਾਰੇ ਸਰਕਾਰ ਆਪਣੀ ਯੋਜਨਾ ਬਾਰੇ ਜਾਣਕਾਰੀ ਦੇਵੇ। ਪਾਰਟੀ ਨੇ ਜੰਮੂ ਕਸ਼ਮੀਰ ਵਿੱਚੋਂ ਪਾਬੰਦੀਆਂ ਹਟਾਉਣ ਤੇ ਲੋਕਾਂ ਦੀ ਆਜ਼ਾਦੀ ਦੀ ਬਹਾਲੀ ਦੀ ਮੰਗ ਕੀਤੀ ਹੈ।