ਬਠਿੰਡਾ ਇੱਥੇ ਅੱਜ ਵੱਖ ਵੱਖ ਵਰਗਾਂ ਨੇ ਰਲ ਕੇ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕੀਤਾ। ਇਸ ਮੌਕੇ ਦੋਵਾਂ ਵਰਗਾਂ ਦੇ ਨੁਮਾਇੰਦਿਆਂ ਨੇ ਹਾਜ਼ੀਰਤਨ ਗੁਰਦੁਆਰੇ ਕੋਲੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕਰ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪਰਮਿੰਦਰ ਸਿੰਘ ਬਾਲਿਆਂਵਾਲੀ ਸਮੇਤ ਹੋਰਨਾਂ ਬੁਲਾਰਿਆਂ ਨੇ ਆਖਿਆ ਕਿ ਬਠਿੰਡਾ ਵਾਸੀ ਸਾਂਝੇ ਤੌਰ ’ਤੇ ਇਹ ਅਪੀਲ ਕਰਦੇ ਹਨ ਕਿ ਲੋਕ ਸਭਾ ਅਤੇ ਰਾਜ ਸਭਾ ਵੱਲੋਂ ਜੋ ਕੌਮੀ ਨਾਗਰਿਕ ਰਜਿਸਟਰ ਤਹਿਤ ਨਾਗਰਿਕਤਾ ਸੋਧ ਕਾਨੂੰਨ ਪਾਸ ਕੀਤਾ ਗਿਆ ਹੈ ਇਹ ਸੰਵਿਧਾਨ ਖ਼ਿਲਾਫ਼ ਹੈ। ਉਨ੍ਹਾਂ ਆਖਿਆ ਕਿ ਇਸ ਕਾਨੂੰਨ ਦੇ ਪਾਸ ਹੋਣ ਨਾਲ ਹਿੰਦੁਸਤਾਨ ਦਾ ਮਾਹੌਲ ਖਰਾਬ ਹੋ ਸਕਦਾ ਹੈ ਕਿਉਂਕਿ ਇਹ ਕਾਨੂੰਨ ਧਰਮਾਂ ਨੂੰ ਮੁੱਖ ਰੱਖ ਕੇ ਬਣਾਇਆ ਗਿਆ ਹੈ ਜਦੋਂ ਕਿ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ। ਇਸ ਮੌਕੇ ਜੁਨੇਦ ਨਸ਼ੀਮ, ਮਸੂਦ ਆਲਮ, ਸਾਹਿਲ, ਮੇਹਰਬਾਨ ਆਦਿ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।
INDIA ਨਾਗਰਿਕਤਾ ਸੋਧ ਕਾਨੂੰਨ: ਵੱਖ-ਵੱਖ ਵਰਗਾਂ ਨੇ ਦਿਖਾਇਆ ਦਮ-ਖ਼ਮ