ਨਵੀਂ ਦਿੱਲੀ (ਸਮਾਜ ਵੀਕਲੀ): ਖੇਤੀ ਖੇਤਰ ’ਚ ਸੁਧਾਰਾਂ ਨੂੰ ਅਹਿਮ ਦਸਦਿਆਂ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਨੇ ਅੱਜ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਨਾ ਕਿਸਾਨਾਂ ਨੂੰ ਵੱਧ ਮੁੱਲ ਦਿਵਾਉਣ ਦੀਆਂ ਕੋਸ਼ਿਸ਼ਾਂ ਲਈ ਇਕ ਝਟਕਾ ਹੈ। ਉਨ੍ਹਾਂ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨ ਦੇ ਟੀਚੇ ਨੂੰ ਹਾਸਲ ਕਰਨ ’ਚ ਮਦਦਗਾਰ ਹੋ ਸਕਦੇ ਸਨ। ਉਨ੍ਹਾਂ ਕਿਹਾ ਕੁਝ ਲੋਕਾਂ ਨੇ ਨੀਤੀ ਆਯੋਗ ਤੋਂ ਸੁਧਾਰਾਂ ਨੂੰ ਅਮਲ ’ਚ ਲਿਆਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਖੇਤੀ ਸੁਧਾਰ ਪ੍ਰਕਿਰਿਆ ਨੂੰ ਬਹਾਲ ਕਰਨ ਲਈ ਰਾਜਾਂ ਨਾਲ ਨਵੇਂ ਸਿਰੇ ਤੋਂ ਵਿਚਾਰ-ਚਰਚਾ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਨੀਤੀ ਆਯੋਗ ’ਚ ਖੇਤੀ ਨੀਤੀਆਂ ਦੇਖਣ ਵਾਲੇ ਰਮੇਸ਼ ਚੰਦ ਨੇ ਕਿਹਾ, ‘ਖੇਤੀ ਖੇਤਰ ’ਚ ਸੁਧਾਰ ਮਹੱਤਵਪੂਰਨ ਹਨ। ਕੁਝ ਕਿਸਾਨ ਇਨ੍ਹਾਂ (ਤਿੰਨ ਖੇਤੀ ਕਾਨੂੰਨ) ਦਾ ਵਿਰੋਧ ਕਰ ਰਹੇ ਹਨ। ਮੈਨੂੰ ਲਗਦਾ ਹੈ ਕਿ ਰਾਜਾਂ ਨਾਲ ਨਵੇਂ ਸਿਰੇ ਤੋਂ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ।’ ਉਨ੍ਹਾਂ ਕਿਹਾ, ‘ਲੋਕ ਸਾਡੇ ਕੋਲ ਆ ਰਹੇ ਹਨ ਅਤੇ ਕਹਿ ਰਹੇ ਹਨ ਕਿ ਸੁਧਾਰਾਂ ਦੀ ਲੋੜ ਹੈ ਪਰ ਇਹ ਕਿਸ ਤਰ੍ਹਾਂ, ਕਿਸ ਰੂਪ, ਕਿਸ ਆਕਾਰ ’ਚ ਹੋਣੇ ਚਾਹੀਦੇ ਹਨ, ਇਸ ਬਾਰੇ ਸਾਨੂੰ ਕੁਝ ਸਮਾਂ ਉਡੀਕ ਕਰਨੀ ਚਾਹੀਦੀ ਹੈ।’
ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਕੀ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਬਿਨਾਂ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਕਰਨੀ ਸੰਭਵ ਹੈ? ਇਸ ’ਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਹਤਰ ਮੁੱਲ ਮਿਲੇ ਇਸ ਲਈ ਸੁਧਾਰ ਜ਼ਰੂਰੀ ਹਨ। ਉਨ੍ਹਾਂ ਕਿਹਾ, ‘ਜੇਕਰ ਸੁਧਾਰ ਨਹੀਂ ਹੋ ਰਹੇ ਤਾਂ ਯਕੀਨੀ ਤੌਰ ’ਤੇ ਇਹ ਇਨ੍ਹਾਂ ਕੋਸ਼ਿਸ਼ਾਂ ਲਈ ਝਟਕਾ ਹੈ।’ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵੱਡੇ ਪੱਧਰ ’ਤੇ ਵਿਰੋਧ ਹੋਇਆ ਸੀ ਜਿਸ ਮਗਰੋਂ 1 ਦਸੰਬਰ 2021 ਨੂੰ ਇਹ ਕਾਨੂੰਨ ਰੱਦ ਕਰਨ ਲਈ ਸਰਕਾਰ ਵੱਲੋਂ ਸੰਸਦ ’ਚ ਇੱਕ ਬਿੱਲ ਲਿਆਂਦਾ ਗਿਆ ਸੀ।
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2021-22 ’ਚ ਖੇਤੀ ਖੇਤਰ ’ਚ ਵਾਧਾ ਕਰੀਬ ਤਿੰਨ ਫੀਸਦ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਮੌਨਸੂਨ ਤੇ ਹੋਰ ਹਾਲਾਤ ਸੁਖਾਵੇਂ ਰਹੇ ਤਾਂ ਚਾਲੂ ਵਿੱਤੀ ਵਰ੍ਹੇ 2022-23 ’ਚ ਖੇਤੀ ਖੇਤਰ ’ਚ ਵਿਕਾਸ ਤੇ ਸੁਧਾਰ ਹੋਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly