ਘਨੌਰ (ਸਮਾਜ ਵੀਕਲੀ) : ਇਸ ਖੇਤਰ ਦੇ ਜੰਮਪਲ ਅਤੇ ਕੌਮਾਂਤਰੀ ਕਬੱਡੀ ਖਿਡਾਰੀ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਅਤੇ ਟਿੰਕੂ ਘਨੌਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਮੁਫ਼ਤ ਕਬੱਡੀ ਕੋਚਿੰਗ ਕੈਂਪ ਲਗਾਏ ਜਾ ਰਹੇ ਹਨ। ਕੌਮਾਂਤਰੀ ਕਬੱਡੀ ਖਿਡਾਰੀ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡ ਸਨੌਲੀਆਂ ਨੇੜੇ ਗੁਜ਼ਰਦੇ ਪੰਝੀਦਰਾ ਦੇ ਬੰਨ੍ਹ ਉਪਰ ਨੌਜਵਾਨਾਂ ਨੂੰ ਕਬੱਡੀ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ।
ਇਸ ਵਿੱਚ ਹਰ ਰੋਜ਼ ਦਰਜਨਾਂ ਹੀ ਨੋਜਵਾਨ ਕੋਚਿੰਗ ਲੈਣ ਲਈ ਪੁੱਜ ਰਹੇ ਹਨ। ਵਿੱਕੀ ਘਨੌਰ ਨੇ ਦੱਸਿਆ ਕਿ ਅਜੋਕੇ ਸਮੇਂ ਦੌਰਾਨ ਜਦੋਂ ਸਰਕਾਰਾਂ ਵੱਲੋਂ ਪਿੰਡਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਉਸਾਰ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਸੂਬੇ ਦਾ ਨੌਜਵਾਨ ਵਰਗ ਅਜੇ ਵੀ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਨਹੀਂ ਆ ਰਿਹਾ। ਉਨ੍ਹਾਂ ਮੁਫਤ ਕਬੱਡੀ ਕੋਚਿੰਗ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਨੌਜਵਾਨ ਵਰਗ ਆਪਣੀ ਮਾਂ ਖੇਡ ਕਬੱਡੀ ਨੂੰ ਅਪਣਾ ਕੇ ਨਸ਼ਿਆਂ ਦੀ ਦਲਦਲ ਤੋਂ ਬਚ ਸਕਣ।