ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਐਲਾਨ ਕੀਤਾ ਹੈ ਕਿ ਉਹ ਉਦੋਂ ਤਕ ਸੂਬੇ ਦੀ ਸਰਗਰਮ ਸਿਆਸਤ ਤੋਂ ਕਿਨਾਰਾ ਨਹੀਂ ਕਰਨਗੇ ਜਦੋਂ ਤਕ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦਾ ਢੁਕਵਾਂ ਪ੍ਰਬੰਧ ਨਹੀਂ ਕਰ ਲਿਆ ਜਾਂਦਾ। ਰਾਜਸੀ ਹਲਕਿਆਂ ਵਿਚ ਮੁੱਖ ਮੰਤਰੀ ਦੇ ਇਸ ਐਲਾਨ ਨੂੰ ਕੈਪਟਨ ਵਲੋਂ ਸੂਬੇ ਦੀ ਅਗਲੀ ਪਾਰੀ ਖੇਡਣ ਦੀ ਤਿਆਰੀ ਵਜੋਂ ਲਿਆ ਜਾ ਰਿਹਾ ਹੈ।
ਇੱਥੇ ਕਾਂਗਰਸ ਭਵਨ ਵਿਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਹੋਰ ਅਹੁਦੇਦਾਰਾਂ ਦੇ ਅਹੁਦਾ ਸੰਭਾਲਣ ਮੌਕੇ ਯੂਥ ਕਾਂਗਰਸੀ ਮੈਂਬਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਕਿ ਉਹ ਸੂਬੇ ਦੀ ਤਰੱਕੀ ਤੇ ਵਿਕਾਸ ਲਈ ਅਗਵਾਈ ਦੇਣੀ ਜਾਰੀ ਰੱਖਣਗੇ। ਮੁੱਖ ਮੰਤਰੀ ਨੇ ਨੌਜਵਾਨ ਆਗੂਆਂ ਨਾਲ ਵਾਅਦਾ ਕੀਤਾ ਕਿ ਸੂਬੇ ਅਤੇ ਇੱਥੋਂ ਦੇ ਨੌਜਵਾਨਾਂ ਦੇ ਹਿੱਤ ਵਿੱਚ ਕਿਸੇ ਵੀ ਕੰਮ ਲਈ ਉਨ੍ਹਾਂ ਨੂੰ ਸਾਰੇ ਵਿਭਾਗਾਂ ਵਿੱਚ ਅਧਿਕਾਰੀਆਂ ਅਤੇ ਹੋਰਾਂ ਵੱਲੋਂ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਮੁਲਕ ਦੀ ਰਾਖੀ ਅਤੇ ਧਰਮ ਨਿਰਪੱਖ ਸੰਵਿਧਾਨਕ ਕਦਰਾਂ-ਕੀਮਤਾਂ ਦੀ ਸੁਰੱਖਿਆ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਸੂਬੇ ਦੀ ਮੌਜੂਦਾ ਸਥਿਤੀ ਨੂੰ ਬਹੁਤ ਹੀ ਚਿੰਤਾਜਨਕ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਹੀ ਧਰਮ ਨਿਰਪੱਖ ਅਤੇ ਜਮਹੂਰੀ ਸ਼ਾਸਨ ਮੁਹੱਈਆ ਕਰਵਾ ਸਕਦੀ ਹੈ। ਭਾਜਪਾ ਵੱਲੋਂ ਮੁਲਕ ਨੂੰ ਵੰਡਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੁਲਕ ਦਾ ਮੌਜੂਦਾ ਦੌਰ ਲੋਕ ਰਾਜ ਵਾਲਾ ਨਹੀਂ ਸਗੋਂ ਗੁੰਡਾ ਰਾਜ ਵਾਲਾ ਹੈ। ਉਨ੍ਹਾਂ ਮੁਲਕ ਨੂੰ ਬਚਾਉਣ ਲਈ ਨੌਜਵਾਨਾਂ ਨੂੰ ਅਗਵਾਈ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਕੈਪਟਨ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਪੈਰ ਪਸਾਰਨ ਅਤੇ ਗੈਂਗਸਟਰਾਂ ਦੇ ਵਧਣ-ਫੁੱਲਣ ਲਈ ਸਿੱਧੇ ਤੌਰ ’ਤੇ ਅਕਾਲੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀਆਂ ਨੀਤੀਆਂ ਸਦਕਾ ਸਨਅਤ ਦੂਜੇ ਰਾਜਾਂ ਵਿਚ ਚਲੀ ਗਈ ਹੈ।
ਇਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਵਿਧਾਇਕ ਰਾਮਿੰਦਰ ਸਿੰਘ ਆਂਵਲਾ ਅਤੇ ਅਮਰਪ੍ਰੀਤ ਸਿੰਘ ਲਾਲੀ ਮੌਜੂਦ ਸਨ।
HOME ਨੌਜਵਾਨਾਂ ਨੂੰ ਰੁਜ਼ਗਾਰ ਦੇ ਢੁੱਕਵੇਂ ਮੌਕੇ ਦੇਣ ਤੱਕ ਰਾਜਨੀਤੀ ’ਚ ਰਹਾਂਗਾ: ਕੈਪਟਨ