ਲੁਧਿਆਣਾ– ਚੋਰੀ ਦੀ ਕਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀਪਕ ਸ਼ੁਕਲਾ, ਜਿਸ ਦੀ ਜੇਲ੍ਹ ’ਚ ਹਾਲਤ ਖ਼ਰਾਬ ਹੋਣ ਮਗਰੋਂ ਹਸਪਤਾਲ ਵਿਚ ਮੌਤ ਹੋ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਅੱਜ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਬਾਹਰ ਧਰਨਾ ਲਾਇਆ। ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੀੜਤ ਪਰਿਵਾਰ ਨੇ ਇਸ ਮਾਮਲੇ ’ਚ ਸਬੰਧਤ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਮੰਗਾਂ ਪੂਰੀਆਂ ਹੋਣ ਤਕ ਉਹ ਦੀਪਕ ਦਾ ਸਸਕਾਰ ਨਹੀਂ ਕਰਨਗੇ। ਬੀਤੇ 5 ਦਿਨਾਂ ਤੋਂ ਦੀਪਕ ਦੀ ਦੇਹ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਈ ਹੈ।
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਕੋਚਰ ਮਾਰਕੀਟ ਦੀ ਪੁਲੀਸ ਨੇ ਦੀਪਕ ਸ਼ੁਕਲਾ ਨੂੰ ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਅਦਾਲਤ ਵਿਚ ਪੇਸ਼ ਕਰਨ ਮਗਰੋਂ ਜੇਲ੍ਹ ਭੇਜ ਦਿੱਤਾ ਗਿਆ ਸੀ। 27 ਫਰਵਰੀ ਨੂੰ ਅਚਾਨਕ ਉਸ ਦੀ ਸਿਹਤ ਖ਼ਰਾਬ ਹੋਣ ’ਤੇ ਉਸ ਨੂੰ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਸੀ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਪੁਲੀਸ ਦੀ ਕਥਿਤ ਕੁੱਟਮਾਰ ਕਾਰਨ ਉਸ ਦੀ ਮੌਤ ਹੋਈ ਹੈ। ਬੀਤੇ ਦਿਨ ਪੀੜਤ ਪਰਿਵਾਰ ਪੁਲੀਸ ਕਮਿਸ਼ਨਰ ਹਾਊਸ ਦੇ ਬਾਹਰ ਧਰਨਾ ਲਾਉਣ ਲਈ ਪੁੱਜਿਆ ਸੀ ਤੇ ਇਸ ਮਾਮਲੇ ਵਿਚ ਲਾਈਨ ਹਾਜ਼ਰ ਕੀਤੇ ਗਏ ਚੌਕੀ ਇੰਚਾਰਜ ਤੇ ਕਾਂਸਟੇਬਲ ਜੁਗਨੂੰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਦੀਪਕ ਦੇ ਚਾਚਾ ਰਾਜੇਸ਼ ਕੁਮਾਰ ਨੇ ਆਖਿਆ ਕਿ ਉਨ੍ਹਾਂ ਦੇ ਭਤੀਜੇ ਨਾਲ ਪੁਲੀਸ ਨੇ ਕਥਿਤ ਕੁੱਟਮਾਰ ਕੀਤੀ ਸੀ। ਆਪਣੀ ਗੱਲ ਲੁਕਾਉਣ ਲਈ ਉਨ੍ਹਾਂ ਨੇ ਉਸ ਨੂੰ ਜੇਲ੍ਹ ਭੇਜ ਦਿੱਤਾ, ਜਿੱਥੇ ਉਸ ਦੀ ਸਿਹਤ ਜ਼ਿਆਦਾ ਖ਼ਰਾਬ ਹੋ ਗਈ। ਮਗਰੋਂ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਦੀਪਕ ਦੀ ਮੌਤ ਲਈ ਪੁਲੀਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਮੁਲਜ਼ਮ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਅਤੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
INDIA ਨੌਜਵਾਨ ਦੀ ਮੌਤ: ਵਿਧਾਇਕ ਬੈਂਸ ਭਰਾਵਾਂ ਦੀ ਅਗਵਾਈ ’ਚ ਵਿਧਾਨ ਸਭਾ ਅੱਗੇ...