ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਨਿਗਰਾਨੀ ਲਈ ਕੌਮੀ ਪੱਧਰ ਦੀ ਕਮੇਟੀ ਕਾਇਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਕਮੇਟੀ ਦਾ ਗਠਨ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਕਾਇਮ ਕੀਤੀ ਕਮੇਟੀ ਦੀ ਤਰਜ਼ ’ਤੇ ਕਰਨ ਲਈ ਆਖਿਆ ਹੈ। ਪ੍ਰਧਾਨ ਮੰਤਰੀ ਨੂੰ ਭੇਜੇ ਪੱਤਰ ਵਿੱਚ ਕੈਪਟਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਇਤਿਹਾਸਕ ਦਿਹਾੜਾ ਵੱਡੇ ਪੱਧਰ ’ਤੇ ਮਨਾਉਣ ਦੀ ਯੋਜਨਾ ਉਲੀਕੀ ਗਈ ਹੈ ਅਤੇ ਇਸ ਵਰ੍ਹੇ ਅਪਰੈਲ ਤੋਂ ਸ਼ੁਰੂ ਹੋਣ ਵਾਲੇ ਲੜੀਵਾਰ ਸਮਾਗਮ ਸਾਲ ਭਰ ਚੱਲਣਗੇ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਵਿਸਥਾਰਤ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ, ਜੋ ਛੇਤੀ ਹੀ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਦਾ ਅਪਰੈਲ 2021 ਵਿੱਚ ਆ ਰਿਹਾ 400ਵਾਂ ਪ੍ਰਕਾਸ਼ ਪੁਰਬ ਸਾਰਿਆਂ ਲਈ ਭਾਗਾਂ ਭਰਿਆ ਮੌਕਾ ਹੈ। ‘ਹਿੰਦ ਦੀ ਚਾਦਰ’ ਵਜੋਂ ਜਾਣੇ ਜਾਂਦੇ ਗੁਰੂ ਤੇਗ ਬਹਾਦਰ ਨੇ ਧਾਰਮਿਕ ਆਜ਼ਾਦੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਦੀ ਰਾਖੀ ਲਈ ਬਲੀਦਾਨ ਦਿੱਤਾ। ਜ਼ਿਕਰਯੋਗ ਹੈ ਕਿ 18 ਅਪਰੈਲ 2021 ਨੂੰ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਸਾਲ ਭਰ ਚੱਲਣ ਵਾਲੇ ਸਮਾਗਮ ਇਸੇ ਸਾਲ 12 ਅਪਰੈਲ ਤੋਂ ਸ਼ੁਰੂ ਹੋਣਗੇ।
INDIA ਨੌਵੇਂ ਪਾਤਸ਼ਾਹ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਵਲੋਂ ਮੋਦੀ ਨੂੰ ਪੱਤਰ