ਨਵੀਂ ਦਿੱਲੀ (ਸਮਾਜ ਵੀਕਲੀ): ਕਿਸਾਨ ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ ਮਹਾਪੰਚਾਇਤਾਂ ਦੇ ਮੱਦੇਨਜ਼ਰ ਭਾਜਪਾ ਪ੍ਰਧਾਨ ਜੇਪੀ ਨੱਢਾ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਹਰਿਆਣਾ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਤੋਂ ਪਾਰਟੀ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਉਨ੍ਹਾਂ ਦੇ ਕੈਬਨਿਟ ਸਹਿਯੋਗੀ ਸੰਜੀਵ ਬਾਲਿਆਨ ਵੀ ਮੀਟਿੰਗ ’ਚ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਕਿਸਾਨ ਆਗੂਆਂ ਵੱਲੋਂ ਵੱਖ ਵੱਖ ਸੂਬਿਆਂ ’ਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਮਹਾਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ।
ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਤੇ ਸ੍ਰੀ ਨੱਢਾ ਵੱਲੋਂ ਇਹ ਮੀਟਿੰਗ ਖਾਪ ਪੰਚਾਇਤਾਂ ਵੱਲੋਂ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ’ਚ ਕੀਤੀਆਂ ਜਾ ਰਹੀਆਂ ਮਹਾਪੰਚਾਇਤਾਂ ਦੇ ਮੱਦੇਨਜ਼ਰ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੂਬਿਆਂ ਦੇ ਭਾਜਪਾ ਆਗੂਆਂ, ਸੰਸਦ ਮੈਂਬਰਾਂ, ਵਿਧਾਇਕਾਂ ਤੇ ਹੋਰ ਅਹੁਦੇਦਾਰਾਂ ਨੂੰ ਮੀਟਿੰਗ ਲਈ ਸੱਦਿਆ ਗਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਹੱਦਾਂ ’ਤੇ ਪਿਛਲੇ ਸਾਲ 28 ਨਵੰਬਰ ਤੋਂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕੀਤਾ ਜਾ ਰਿਹਾ ਹੈ। ਉਹ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਮੁੱਦੇ ’ਤੇ ਕਿਸਾਨ ਆਗੂਆਂ ਤੇ ਸਰਕਾਰ ਵਿਚਾਲੇ ਚੱਲੀ 11 ਗੇੜਾਂ ਦੀ ਗੱਲ ਹੁਣ ਤੱਕ ਬੇਨਤੀਜਾ ਰਹੀ ਹੈ।