ਟੱਲੇਵਾਲ(ਬਰਨਾਲਾ) (ਸਮਾਜ ਵੀਕਲੀ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਅੱਜ ਪੰਜਾਬ ਬੰਦ ਦੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ’ਤੇ ਬਰਨਾਲਾ ਵਿੱਚ ਮੁਕੰਮਲ ਅਸਰ ਦੇਖਣ ਨੂੰ ਮਿਲਿਆ। ਕਿਸਾਨ ਜਥੇਬੰਦੀਆਂ ਅਤੇ ਵਪਾਰੀ ਵਰਗ ਵੱਲੋਂ ਮਿਲ ਕੇ ਬਰਨਾਲਾ ਦੇ ਬਾਜ਼ਾਰਾਂ ਵਿੱਚ ਮਾਰਚ ਕੀਤਾ ਗਿਆ ਅਤੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ।
ਦੁਕਾਨਦਾਰਾਂ, ਵਪਾਰੀਆਂ ਅਤੇ ਆੜ੍ਹਤੀਆਂ ਵੱਲੋਂ ਵੀ ਇਸ ਬੰਦ ਦਾ ਸਮਰਥਨ ਕਰਕੇ ਆਪਣੇ ਕਾਰੋਬਾਰ ਬੰਦ ਰੱਖੇ ਗਏ। ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਅਤੇ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਦਿੱਤਾ ਗਿਆ ਸੱਦਾ ਅੱਜ ਸਫਲ ਹੋਇਆ ਹੈ। ਅੱਜ ਵਿੱਚ ਅੱਜ ਬਰਨਾਲਾ ਸ਼ਹਿਰ ਮੁਕੰਮਲ ਬੰਦ ਹੋਣ ਦੇ ਨਾਲ ਨਾਲ ਬਰਨਾਲਾ ਤੋਂ ਮੋਗਾ, ਲੁਧਿਆਣਾ, ਚੰਡੀਗੜ੍ਹ, ਬਠਿੰਡਾ ਮਾਨਸਾ ਸਾਰੇ ਮਾਰਗ ਧਰਨਾ ਲਗਾ ਕੇ ਜਾਮ ਕੀਤੇ ਗਏ ਹਨ। ਕਿਸਾਨਾਂ ਦਾ ਸੰਘਰਸ਼ ਪੰਜਾਬ ਬੰਦ ਤੱਕ ਹੀ ਨਹੀਂ ਰੁਕੇਗਾ। ਜੇਕਰ ਕੇਂਦਰ ਸਰਕਾਰ ਨੇ ਅਜੇ ਵੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਦਿੱਲੀ ਵੱਲ ਵੀ ਕੂਚ ਕਰ ਸਕਦੇ ਹਨ।