ਪਟਿਆਲਾ : ਕੋਰੋਨਾ ਵਾਇਰਸ ਦੀ ਮਹਾਮਾਰੀ ਨੇ ਪਟਿਆਲਾ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮੰਗਲਵਾਰ ਦੇਰ ਰਾਤ ਸਫ਼ਾਬਾਦੀ ਵਾਸੀ ਇਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਅੱਜ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਇਹ ਤਿੰਨੇ ਮਾਮਲੇ ਉਕਤ ਪੀੜਤ ਵਿਅਕਤੀ ਦੇ ਪਰਿਵਾਰ ਨਾਲ ਸਬੰਧਿਤ ਹਨ।
ਉਕਤ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਦੇ ਪਰਿਵਾਰ ਦੇ ਚਾਰ ਜੀਆਂ ਦੇ ਟੈਸਟ ਲਈ ਨਮੂਨੇ ਲਏ ਗਏ ਸਨ, ਜਿਨ੍ਹਾਂ ‘ਚੋਂ ਤਿੰਨ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤਰ੍ਹਾਂ ਹੁਣ ਜ਼ਿਲ੍ਹੇ ‘ਚ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਛੇ ਹੋ ਗਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਇਕ ਨੌਜਵਾਨ ਨੇ ਇਸ ਬਿਮਾਰੀ ‘ਤੇ ਜਿੱਤ ਹਾਸਲ ਕਰ ਲਈ ਹੈ।
ਸਿਵਲ ਸਰਜਨ ਪਟਿਆਲਾ ਡਾ ਹਰੀਸ਼ ਮਲਹੋਤਰਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬੀਤੀ ਰਾਤ ਉਕਤ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਦੀ ਪਤਨੀ ਅਤੇ ਦੋ ਬੱਚਿਆਂ ਦੇ ਟੈਸਟ ਲਏ ਗਏ ਸੀ ਜਿਸ ਦੀ ਦੇਰ ਸ਼ਾਮ ਰਿਪੋਰਟ ਵਿੱਚ ਇਨ੍ਹਾਂ ਨੂੰ ਵੀ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ।