ਅੰਮ੍ਰਿਤਸਰ (ਸਮਾਜ ਵੀਕਲੀ) :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ (ਪਰਕਸ) ਵੱਲੋਂ ਪੰਜਾਬੀ ਯੂਨੀਵਰਸਿਟੀ,ਪਟਿਆਲਾ ਦੇ ਸਾਬਕਾ ਉਪ-ਕੁਲਪਤੀ ਡਾ. ਜੋਗਿੰਦਰ ਸਿੰਘ ਪੁਆਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਸੁਸਾਇਟੀ ਦੇ ਮੈਂਬਰਾਨ ਵੱਲੋਂ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਅਧਿਐਨ ਸਕੂਲ ਵਿਚ ਵੀ ਬਤੌਰ ਪ੍ਰੋਫੈਸਰ ਸੇਵਾ ਨਿਭਾਈ।
ਉਹ ਬਹੁਤ ਹੀ ਮਿਲਾਪੜੇ ਸੁਭਾ ਦੇ ਮਾਲਕ ਸਨ। ਉਹ ਪੰਜਾਬੀ ਭਾਸ਼ਾ ਤੇ ਸਭਿਆਚਾਰ ਦੇ ਮੁਦੱਈ ਸਨ।ਉਹ ਅਗਾਂਹ ਵੱਧੂ ਵਿਚਾਰਧਾਰ ਦੇ ਮਾਲਕ ਸਨ ।ਉਨ੍ਹਾਂ ਅਕਾਦਮਿਕ, ਸਮਾਜਿਕ ਲਹਿਰਾਂ ਅਤੇ ਅੰਦੋਲਨਾਂ ਵਿਚ ਵੀ ਹਿੱਸਾ ਲਿਆ ।ਉਨ੍ਹਾਂ ਭਾਸ਼ਾ ਅਕਾਦਮੀ ਦੀ ਸਥਾਪਨਾ ਕੀਤੀ ਜਿਸ ਦੇ ਉਹ ਅੰਤ ਤਕ ਪ੍ਰਧਾਨ ਰਹੇ । ਉਹ ਭਾਸ਼ਾ ਵਿਗਿਆਨੀ ਸਨ ।ਉਨ੍ਹਾਂ ਭਾਸ਼ਾ ਵਿਗਿਆਨ ,ਪੰਜਾਬੀ ਭਾਸ਼ਾ ਦਾ ਵਿਆਕਰਨ ‘ਤੇ ਪੁਸਤਕਾਂ ਲਿਖੀਆਂ।ਉਹ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੁਆਰਾ ਪੰਜਾਬੀ ਸਾਹਿਤ ਲਈ ਪਾਏ ਵੱਡਮੂਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।