ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਆਰਡੀਨੈਂਸ ਲੈ ਕੇ ਆਇਆ ਹੈ ਅਤੇ ਇਹ ਜਾਰੀ ਕਰ ਦਿੱਤਾ ਗਿਆ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਐੱਸਏ ਬੋਬਡੇ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਵੀ. ਰਾਮਸੁਬਰਾਮਨੀਅਨ ਦੇ ਬੈਂਚ ਨੂੰ ਸੁਣਵਾਈ ਦੌਰਾਨ ਵੀਡੀਓ ਕਾਨਫਰੰਸ ਰਾਹੀਂ ਜਾਣਕਾਰੀ ਦਿੱਤੀ।
ਬੈਂਚ ਨੇ ਕਿਹਾ ਕਿ ਉਹ ਗੁਆਂਢੀ ਰਾਜਾਂ ਵੱਲੋਂ ਪਰਾਲੀ ਸਾੜਨ ਕਾਰਨ ਦਿੱਲੀ ਵਿਚ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਮੁੱਦੇ ’ਤ ਕੋਈ ਹੁਕਮ ਦੇਣ ਤੋਂ ਪਹਿਲਾਂ ਇਸ ਆਰਡੀਨੈਂਸ ਦੇਖਣਾ ਚਾਹੇਗਾ। ਬੈਂਚ ਨੇ ਕਿਹਾ, “ਅਸੀਂ ਕੋਈ ਹੁਕਮ ਦੇਣ ਤੋਂ ਪਹਿਲਾਂ ਆਰਡੀਨੈਂਸ ’ਤੇ ਵਿਚਾਰ ਕਰਨਾ ਚਾਹੁੰਦੇ ਹਾਂ। ਪਟੀਸ਼ਨਰ ਵੀ ਇਸ ਨੂੰ ਵੇਖਣਾ ਚਾਹੁੰਦੇ ਹਨ। ਇਹ ਅਗਲੇ ਸ਼ੁੱਕਰਵਾਰ ਨੂੰ ਇਸ ਨੂੰ ਸੂਚੀਬੱਧ ਕਰ ਦਿੱਤਾ ਜਾਵੇ।’ ਸਰਵਉੱਚ ਅਦਾਲਤ ਨੇ ਪੰਜਾਬ, ਹਰਿਆਣਾ ਤੇ ਯੂਪੀ ਵਿੱਚ ਪਰਾਲੀ ਸਾੜਨ ਸਬੰਧੀ ਮਾਮਲੇ ਦੀ ਨਿਗਰਾਨੀ ਕਰਨ ਵਾਸਤੇ 16 ਅਕਤੂਬਰ ਨੂੰ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਦਨ ਬੀ. ਲੋਕੁਰ ਦਾ ਇਕ ਮੈਂਬਰੀ ਪੈਨਲ ਨਿਯੁਕਤ ਕੀਤਾ ਸੀ ਪਰ ਸੋਮਵਾਰ ਨੂੰ ਅਕਤੂਬਰ ਨੂੰ ਇਹ ਹੁਕਮ ਮੁਲਤਵੀ ਕਰ ਦਿੱਤਾ ਸੀ।