ਸੁਲਤਾਨਪੁਰ ਲੋਧੀ (ਸਮਾਜ ਵੀਕਲੀ) (ਕੌੜਾ ) – ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ12 ਉਮੀਦਵਾਰ ਉਤਾਰੇ ਗਏ ਹਨ। ਪਾਰਟੀ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਵਿੱਤਰ ਵੇਈਂ ਵਿਖੇ ਝਾੜੂ ਲਗਾ ਕੇ ਚੋਣ ਮੁਹਿੰਮ ਦਾ ਆਗਾਜ ਕੀਤਾ। ਇਸ ਮੌਕੇ ਪ੍ਰਦੀਪ ਸਿੰਘ ਥਿੰਦ ਨੇ ਕਿਹਾ ਕਿ ਅਸੀਂ ਪਵਿੱਤਰ ਵੇਈਂ ਤੇ ਝਾੜੂ ਮਾਰਕੇ ਸ਼ਹਿਰ ਨਿਵਾਸੀਆਂ ਨੂੰ ਸਨੇਹਾ ਦੇਣਾ ਚਾਹੁੰਦੇ ਹਾਂ ਕਿ ਰਾਜਨੀਤੀ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਕੁਰਪਸ਼ਨ ਨੂੰ ਖਤਮ ਕਰਕੇ ਸ਼ਹਿਰ ਦਾ ਵਿਕਾਸ ਕਰਾਂਗੇ।
ਉਹਨਾਂ ਕਿਹਾ ਕਿ ਸਾਰਿਆਂ ਨੂੰ ਅਜਮਾਇਆ, ਸਾਰਿਆਂ ਨੇ ਦਿੱਤਾ ਧੋਖਾ, ਹੁਣ ਝਾੜੂ ਵਾਲਿਆਂ ਨੂੰ ਦੇਵਾਂਗੇ ਮੌਕਾ ਦੇ ਨਾਹਰੇ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਹਿਰ ਵਿੱਚ ਝਾੜੂ ਲਗਾ ਕੇ ਸੁਲਤਾਨਪੁਰ ਲੋਧੀ ਵਿੱਚੋਂ ਭ੍ਰਿਸ਼ਟਾਚਾਰ ਨੂੰ ਸਾਫ ਕਰਨ ਦਾ ਸੰਦੇਸ਼ ਦਿੱਤਾ।ਇਸ ਮੌਕੇ 12 ਵਾਰਡਾਂ ਚ’ ਚੋਣ ਉਮੀਦਵਾਰ ਅਤੇ ਜ਼ਿਲ੍ਹੇ ਅਹੁਦੇਦਾਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਕੁਦਰਤੀ ਵਸੀਲਿਆਂ ਨਾਲ ਭਰਭੂਰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸ਼ਹਿਰ ਚ ਹੁਣ ਤੱਕ ਰਵਾਇਤੀ ਪਾਰਟੀਆਂ ਪੀਣ ਵਾਲਾ ਸ਼ੁੱਧ ਪਾਣੀ, ਚੰਗਾ ਸੀਵਰੇਜ ਸਿਸਟਮ, ਪਾਣੀ ਦੀ ਨਿਕਾਸੀ ਦੇ ਮੁਢਲੇ ਬੰਦੋਬਸਤ ਕਰਨ ਚ ਵੀ ਫੇਲ੍ਹ ਰਹੀਆਂ ਹਨ।
ਇਸ ਲਈ ਆਉਣ ਵਾਲੀਆਂ ਕੌਂਸਲ ਚੋਣਾਂ ਚ ਸ਼ਹਿਰਵਾਸੀਆਂ ਨੂੰ ਜਾਗਰੂਕ ਹੋਣ ਦੀ ਲੋੜ ਹੈ । ਰਵਾਇਤੀ ਪਾਰਟੀਆਂ ਵਲੋਂ ਦਿੱਤੇ ਗਏ ਮਾੜੇ ਪ੍ਰਬੰਧ ਕਾਰਣ ਹੀ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਵਸਨੀਕਾਂ ਨੂੰ ਨਾਂ ਤਾਂ ਪੀਣ ਵਾਲਾ ਸ਼ੁੱਧ ਪਾਣੀ ਮਿਲ ਸਕਿਆ ਹੈ, ਨਾਂ ਹੀ ਪਾਣੀ ਦੀ ਨਿਕਾਸੀ ਦਾ ਕੋਈ ਬੰਦੋਬਸਤ ਹੋ ਸਕਿਆ ਹੈ। ਬਾਕੀ ਸ਼ਹਿਰੀ ਸਹੂਲਤਾਂ ਤਾਂ ਬਹੁਤ ਦੂਰ ਦੀ ਗੱਲ ਹੈ।ਉਨ੍ਹਾਂ ਕਿਹਾ ਅੱਜ ਵੀ ਸ਼ਹਿਰ ਵਾਸੀਆਂ ਲਈ ਬਰਸਾਤ ਚ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੋ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ ਅਤੇ ਕਰੋਨਾ ਕਾਲ ਵਿੱਚ ਵੀ ਆਮ ਲੋਕਾਂ ਨੂੰ ਰਾਸ਼ਨ ਨਹੀਂ ਮਿਲਿਆ ਉਸ ਵਿੱਚ ਵੀ ਕਾਣੀ ਵੰਡ ਕੀਤੀ ਗਈ।
ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ 12 ਵਾਰਡਾਂ ਵਿੱਚੋਂ ਆਪਣੇ ਪੜੇ-ਲਿਖੇ ਇਮਾਨਦਾਰ ਉਮੀਦਵਾਰਾਂ ਨੂੰ ਖੜੇ ਕੀਤਾ ਹੈ। ਅਤੇ ਸੁਲਤਾਨਪੁਰ ਲੋਧੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੋਣ ਨਿਸ਼ਾਨ ਝਾੜੂ ਤੇ ਵੋਟ ਪਾਉਣ । ਉਹਨਾਂ ਆਖਿਆ ਕਿ ਇਸ ਵਾਰ ਆਮ ਆਦਮੀ ਦੇ ਉਮੀਦਵਾਰਾਂ ਨੂੰ ਸੁਲਤਾਨਪੁਰ ਲੋਧੀ ਦੇ ਲੋਕਾਂ ਦਾ ਬਹੁਤ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਅੰਗਰੇਜ਼ ਸਿੰਘ, ਜਸਪਾਲ ਸਿੰਘ, ਕਰਮਜੀਤ ਸਿੰਘ, ਤਿਲਕ ਰਾਜ, ਅਵਤਾਰ ਸਿੰਘ, ਬਲਬੀਰ ਸਿੰਘ ਭੱਟੀ, ਹਰਮੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰ ਅਤੇ ਪਾਰਟੀ ਵਰਕਰ ਹਾਜ਼ਰ ਸਨ।