ਚੰਡੀਗੜ੍ਹ (ਸਮਾਜ ਵੀਕਲੀ) : ਉੱਤਰੀ ਭਾਰਤ ਦੇ ਉਪਰਲੇ ਪਹਾੜੀ ਖੇਤਰਾਂ ਵਿੱਚ ਬੀਤੇ ਦਿਨ ਅਤੇ ਅੱਜ ਹੋਈ ਸੱਜਰੀ ਬਰਫ਼ਬਾਰੀ ਕਾਰਨ ਆਸ-ਪਾਸ ਦੇ ਮੈਦਾਨੀ ਸੂਬਿਆਂ ਵਿੱਚ ਠੰਢ ਹੋਰ ਵਧ ਗਈ ਹੈ। ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਸੀਤ ਲਹਿਰ ਕਾਰਨ ਠੰਢ ਦਾ ਜ਼ੋਰ ਵਧਿਆ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਅਤੇ ਹਰਿਆਣਾ ਦੇ ਹਿਸਾਰ ਵਿੱਚ ਸਿਫ਼ਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਿਸਾਰ, ਨਾਰਨੌਲ, ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਬੀਤੀ ਰਾਤ ਇਸ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਸੀ। ਕੌਮੀ ਰਾਜਧਾਨੀ ਨਵੀਂ ਦਿੱਲੀ ਵਿੱਚ ਵਗ ਰਹੀਆਂ ਬਰਫ਼ੀਲੀਆਂ ਹਵਾਵਾਂ ਦੌਰਾਨ ਅੱਜ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਨਵੇਂ ਸਾਲ ਮੌਕੇ ਕੌਮੀ ਰਾਜਧਾਨੀ ਵਿੱਚ ਪਾਰਾ ਹੋਰ ਡਿੱਗ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਦੋਵਾਂ ਸੂਬਿਆਂ ਵਿੱਚ ਜ਼ਿਆਦਾਤਰ ਥਾਈਂ ਸਵੇਰ ਵੇਲੇ ਧੁੰਦ ਰਹੀ। ਕੜਾਕੇ ਦੀ ਇਸ ਠੰਢ ਦੌਰਾਨ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਲੁਧਿਆਣਾ ਵਿੱਚ ਪਾਰਾ 1.6 ਡਿਗਰੀ ਸੈਲਸੀਅਸ ਤੱਕ ਹੇਠਾਂ ਚਲਾ ਗਿਆ। ਹਲਵਾਰਾ ਵਿੱਚ ਘੱਟੋ-ਘੱਟ ਤਾਪਮਾਨ 1.3 ਡਿਗਰੀ ਅਤੇ ਆਦਮਪੁਰ ਵਿੱਚ 1.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਬਾਕੀ ਸ਼ਹਿਰਾਂ ’ਚੋਂ ਬਠਿੰਡਾ, ਫ਼ਰੀਦਕੋਟ, ਪਟਿਆਲਾ ਅਤੇ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 2.1 ਡਿਗਰੀ, 2.9 ਡਿਗਰੀ, 3.6 ਡਿਗਰੀ ਅਤੇ 3.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਨਾਰਨੌਲ ਵਿੱਚ ਪਾਰਾ 0.3 ਡਿਗਰੀ ਸੈਲਸੀਅਸ ਤੱਕ ਚਲਾ ਗਿਆ, ਜੋ ਆਮ ਨਾਲੋਂ ਪੰਜ ਡਿਗਰੀ ਘੱਟ ਹੈ। ਸੂਬੇ ਵਿੱਚ ਕਰਨਾਲ, ਸਿਰਸਾ, ਰੋਹਤਕ ਅਤੇ ਅੰਬਾਲਾ ਦਾ ਘੱਟੋ-ਘੱਟ ਤਾਪਮਾਨ ਕ੍ਰਮਵਾਰ 2.6 ਡਿਗਰੀ, 2.5 ਡਿਗਰੀ, 2.6 ਡਿਗਰੀ ਅਤੇ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਦੋਵਾਂ ਸੂਬਿਆਂ ਵਿੱਚ ਅਗਲੇ ਦੋ ਦਿਨਾਂ ਦੌਰਾਨ ਕੜਾਕੇ ਦੀ ਠੰਢ ਪਵੇਗੀ।