ਜੈਪੁਰ/ਨਵੀਂ ਦਿੱਲੀ (ਸਮਾਜਵੀਕਲੀ) : ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸੂਬੇ ਵਿੱੱਚ ਕਾਂਗਰਸ ਦੀ ਅਗਵਾਈ ਵਾਲੀ ਆਪਣੀ ਹੀ ਸਰਕਾਰ ਖ਼ਿਲਾਫ਼ ਖੁੱਲ੍ਹੀ ਬਗਾਵਤ ਕਰ ਦਿੱਤੀ ਹੈ। ਪਾਇਲਟ ਨੇ ਕਿਹਾ ਕਿ ਉਸ ਕੋਲ 30 ਤੋਂ ਵੱਧ ਵਿਧਾਇਕਾਂ ਦੀ ਹਮਾਇਤ ਹੈ ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਅਗਵਾਈ ਵਾਲੀ ਸਰਕਾਰ ਘੱਟਗਿਣਤੀ ਵਿੱਚ ਹੈ।
ਪਾਇਲਟ ਦੇ ਵੱਟਸਐਪ ਗਰੁੱਪ ’ਤੇ ਜਾਰੀ ਬਿਆਨ ਮੁਤਾਬਕ ਪਾਇਲਟ ਜੋ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵੀ ਹਨ, ਸੋਮਵਾਰ ਨੂੰ ਪਾਰਟੀ ਵਿਧਾਇਕ ਦਲ ਦੀ ਸੱਦੀ ਮੀਟਿੰਗ ’ਚ ਸ਼ਾਮਲ ਨਹੀਂ ਹੋਣਗੇ। ਇਸ ਦੌਰਾਨ, ਪਾਇਲਟ ਨੇ ਇਕ ਟੀਵੀ ਚੈਨਲ ਨਾਲ ਕੀਤੀ ਗੱਲਬਾਤ ਦੌਰਾਨ ਕਿਹਾ ਕਿ ਕੋਈ ਵੀ ਆਪਣਾ ਘਰ ਨਹੀਂ ਛੱਡਣਾ ਚਾਹੁੰਦਾ, ਪਰ ਉਹ ਅਜਿਹੀ ਬੇਇੱਜ਼ਤੀ ਸਹਿਣ ਨਹੀਂ ਕਰਨਗੇ।
ਪਾਇਲਟ ਅੱਜ ਸਵੇਰ ਤੋਂ ਹੀ ਆਪਣੇ ਵਫ਼ਾਦਾਰ ਵਿਧਾਇਕਾਂ ਨਾਲ ਕੌਮੀ ਰਾਜਧਾਨੀ ਵਿੱਚ ਮੌਜੂਦ ਸਨ। ਅਜਿਹੀ ਚਰਚਾ ਹੈ ਕਿ ਪਾਇਲਟ ਭਾਜਪਾ ਦੇ ਸੰਪਰਕ ਵਿੱਚ ਹਨ। ਇਸ ਤੋਂ ਪਹਿਲਾਂ, ਪਾਇਲਟ ਵੱਲੋਂ ਕੁਝ ਪਾਰਟੀ ਵਿਧਾਇਕਾਂ ਨਾਲ ਕਾਂਗਰਸ ਵਿੱਚੋਂ ਲਾਂਭੇ ਹੋਣ ਦੇ ਕਿਆਸਾਂ ਦਰਮਿਆਨ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੋਮਵਾਰ ਨੂੰ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਸੱਦ ਲਈ ਹੈ। ਮੀਟਿੰਗ ਲਈ ਪਾਰਟੀ ਨੂੰ ਹਮਾਇਤ ਦੇਣ ਵਾਲੇ ਆਜ਼ਾਦ ਵਿਧਾਇਕਾਂ ਨੂੰ ਵੀ ਸੱਦਾ ਭੇਜਿਆ ਗਿਆ ਹੈ।