ਪਾਕਿਸਤਾਨ ’ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਅੱਜ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਸਬੰਧੀ ਮੁੱਖ ਸਮਾਗਮ ਪਾਕਿਸਤਾਨੀ ਪੰਜਾਬ ਦੇ ਨਨਕਾਣਾ ਸਾਹਿਬ ਸਥਿਤ ਗੁਰਦੁਆਰਾ ਜਨਮ ਅਸਥਾਨ ਵਿਖੇ ਕੀਤਾ ਗਿਆ। ਗ੍ਰਹਿ ਮੰਤਰੀ ਐਜਾਜ਼ ਸ਼ਾਹ ਸਮੇਂ ਵੱਡੀ ਗਿਣਤੀ ’ਚ ਸਿੱਖ ਸ਼ਰਧਾਲੂਆਂ ਨੇ ਇੱਥੇ ਮੱਥਾ ਟੇਕਿਆ। ਇਸ ਮੌਕੇ ਸੰਬੋਧਨ ਕਰਦਿਆਂ ਐਜਾਜ਼ ਸ਼ਾਹ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਖੋਲ੍ਹਿਆ ਗਿਆ 4.5 ਕਿਲੋਮੀਟਰ ਲੰਮਾ ਕਰਤਾਰਪੁਰ ਲਾਂਘਾ ਦੋਵਾਂ ਮੁਲਕਾਂ ’ਚ ਸਥਿਤ ਡੇਰਾ ਬਾਬਾ ਨਾਨਕ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਆਪਸ ਵਿੱਚ ਜੋੜੇਗਾ। ਉਨ੍ਹਾਂ ਕਿਹਾ ਕਿ ਇਹ ਲਾਂਘਾ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਖੇਤਰ ਵਿੱਚ ਅਮਨ ਤੇ ਦੋਸਤੀ ਦੇ ਰਾਹ ਲਈ ਤੋਹਫ਼ਾ ਹੈ। ਗੁਰਦੁਆਰਾ ਦਰਬਾਰ ਸਾਹਿਬ ਉਹ ਥਾਂ ਹੈ ਜਿੱਥੇ ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਵਰ੍ਹੇ ਬਿਤਾਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖ ਭਾਈਚਾਰੇ ਸਮੇਤ ਹੋਰਨਾਂ ਘੱਟ ਗਿਣਤੀਆਂ ਨਾਲ ਸਬੰਧਤ ਧਾਰਮਿਕ ਥਾਵਾਂ ਵੱਲ ਧਿਆਨ ਦੇਵੇਗੀ। ਇਸੇ ਦੌਰਾਨ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਧਾਰਮਿਕ ਸਹਿਣਸ਼ੀਲਤਾ ਤੇ ਅੰਤਰ-ਧਰਮ ਏਕੇ ਦੀ ਸਭ ਤੋਂ ਵੱਡੀ ਮਿਸਾਲ ਹਨ।

Previous articleਸੰਸਦੀ ਕਮੇਟੀ ਵੱਲੋਂ ਕੈਂਸਰ ਦਾ ਸਸਤਾ ਇਲਾਜ ਮੁਹੱਈਆ ਕਰਵਾਉਣ ਦੀ ਸਿਫਾਰਸ਼
Next articleਸੈਸ਼ਨ ਕੋਰਟ ਵੱਲੋਂ ਗੌਤਮ ਨਵਲੱਖਾ ਦੀ ਜ਼ਮਾਨਤ ਅਰਜ਼ੀ ਰੱਦ