ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਮੁਲਕ ਨੂੰ ਭਰੋਸਾ ਦਿੱਤਾ ਹੈ ਕਿ ਜੰਮੂ ਕਸ਼ਮੀਰ ’ਚ ਸੀਆਰਪੀਐਫ ਬੱਸ ’ਤੇ ਪਾਕਿਸਤਾਨ ਆਧਾਰਿਤ ਜੈਸ਼-ਏ-ਮੁਹੰਮਦ ਵੱਲੋਂ ਕੀਤੇ ਗਏ ਦਹਿਸ਼ਤੀ ਹਮਲੇ ਦਾ ਬਦਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜਿਹੇ ਦਹਿਸ਼ਤੀ ਹਮਲਿਆਂ ਰਾਹੀਂ ਸ਼ਾਂਤੀ ’ਚ ਅੜਿੱਕਾ ਪਾਉਣ ਵਾਲਿਆਂ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨਾਲ ਗੱਲਬਾਤ ਕਰਕੇ ਸੂਬੇ ਦੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗਾਬਾ ਅਤੇ ਸੀਆਰਪੀਐਫ ਦੇ ਡਾਇਰੈਕਟਰ ਜਨਰਲ ਆਰ ਆਰ ਭਟਨਾਗਰ ਨਾਲ ਗੱਲਬਾਤ ਕਰਕੇ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਸ਼ੁੱਕਰਵਾਰ ਨੂੰ ਸਵੇਰੇ 9.15 ਵਜੇ ਬੈਠਕ ਹੋਵੇਗੀ ਜਿਸ ’ਚ ਜੰਮੂ ਕਸ਼ਮੀਰ ਦੇ ਹਾਲਾਤ ਦਾ ਜਾਇਜ਼ਾ ਲਿਆ ਜਾਵੇਗਾ। ਇਸ ਦੌਰਾਨ ਦੱਖਣੀ ਕਸ਼ਮੀਰ ’ਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਜਦਕਿ ਸ੍ਰੀਨਗਰ ’ਚ ਡੇਟਾ ਸਪੀਡ 2ਜੀ ਪੱਧਰ ਦੀ ਕਰ ਦਿੱਤੀ ਗਈ ਹੈ। ਉਧਰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸਾਰੇ ਪ੍ਰਾਈਵੇਟ ਟੀਵੀ ਚੈਨਲਾਂ ਨੂੰ ਖ਼ਬਰਦਾਰ ਕੀਤਾ ਹੈ ਕਿ ਉਹ ਅਜਿਹੀ ਸਮੱਗਰੀ ਨਾ ਦਿਖਾਉਣ ਜਿਸ ਨਾਲ ਹਿੰਸਾ ਫੈਲੇ ਅਤੇ ਰਾਸ਼ਟਰ ਵਿਰੋਧੀ ਸਰਗਰਮੀਆਂ ਨੂੰ ਹਵਾ ਮਿਲੇ।
HOME ਪਾਕਿਸਤਾਨ ਤੋਂ ਬਦਲਾ ਲੈ ਕੇ ਰਹਾਂਗੇ: ਰਾਜਨਾਥ